ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਲਾਡਬੰਜਾਰਾ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਹੜ ਦੇ ਵਾਸੀ ਦਰਸ਼ਨ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗਿ੍ਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਕੋਲ 25 ਏਕੜ ਜ਼ਮੀਨ ਹੈ, ਜਿਸ ਵਿੱਚੋਂ ਸਾਢੇ 8 ਏਕੜ ਜ਼ਮੀਨ ਦੀ ਸਿੰਚਾਈ ਲਈ ਨਹਿਰੀ ਪਾਣੀ ਪਹਿਲਾਂ ਹੀ ਅਲਾਟ ਹੈ ਅਤੇ ਬਾਕੀ ਰਹਿੰਦੀ ਜ਼ਮੀਨ ਲਈ ਨਹਿਰੀ ਪਾਣੀ ਅਲਾਟ ਹੈ। ਇਸ ਦੇ ਬਦਲੇ ਉਕਤ ਪਟਵਾਰੀ ਕਰਮਜੀਤ ਸਿੰਘ ਉਸ ਤੋਂ 2600 ਰੁਪਏ ਪ੍ਰਤੀ ਏਕੜ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਪਟਵਾਰੀ ਕਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦੋਸ਼ੀ ਪਟਵਾਰੀ ਦੇ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਸਦਰ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।