ਰੂਪਨਗਰ : ਜ਼ਿਲ੍ਹਾ ਰੂਪਨਗਰ ‘ਚ ਅਪਰਾਧਿਕ ਗਤੀਵਿਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ‘ਤੇ ਸ਼ਿਕੰਜਾ ਕੱਸਣ ਲਈ ਪੁਲਿਸ ਵਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਚੈਕਿੰਗ ਵਧਾ ਦਿੱਤੀ ਗਈ ਹੈ। ਇਸ ਤਹਿਤ ਐੱਸ.ਐੱਸ.ਪੀ. ਮਨਿੰਦਰ ਸਿੰਘ ਅਤੇ ਐੱਸ.ਪੀ ਅਰਵਿੰਦ ਮੀਨਾ ਦੀਆਂ ਹਦਾਇਤਾਂ ਅਨੁਸਾਰ ਟ੍ਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਤਹਿਤ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ 47 ਵਾਹਨਾਂ ਦੇ ਚਲਾਨ ਕੱਟੇ ਗਏ।
ਇਸ ਮੁਹਿੰਮ ਦੌਰਾਨ ਬਿਨਾਂ ਨੰਬਰ ਪਲੇਟ ਵਾਲੇ ਵਾਹਨ, ਦੋਪਹੀਆ ਵਾਹਨਾਂ ‘ਤੇ ਤੀਹਰੀ ਸਵਾਰੀ ਅਤੇ ਗਲਤ ਤਰੀਕੇ ਨਾਲ ਪਾਰਕ ਕੀਤੇ ਵਾਹਨਾਂ ਨੂੰ ਵਿਸ਼ੇਸ਼ ਤੌਰ ‘ਤੇ ਫੜਿਆ ਗਿਆ । ਟਰੈਫਿਕ ਨਿਯਮਾਂ ਦੀ ਅਣਦੇਖੀ ਕਰਕੇ ਸੜਕ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਸਰਬਜੀਤ ਸਿੰਘ ਅਤੇ ਸਹਾਇਕ ਸਬ-ਇੰਸਪੈਕਟਰ ਅਜੇ ਕੁਮਾਰ ਅਤੇ ਦੀਦਾਰ ਸਿੰਘ ਨੇ ਦੱਸਿਆ ਕਿ ਰੂਪਨਗਰ ਪੁਲਿਸ ਸ਼ਰਾਰਤੀ ਅਨਸਰਾਂ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਥਾਵਾਂ ‘ਤੇ ਨਾਕੇਬੰਦੀ ਅਤੇ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਅੱਗੇ ਕਿਹਾ ਕਿ ਟ੍ਰਿਪਲ ਰਾਈਡਿੰਗ, ਬਿਨਾਂ ਨੰਬਰ ਪਲੇਟ ਅਤੇ ਗਲਤ ਪਾਰਕਿੰਗ ਵਰਗੀਆਂ ਉਲੰਘਣਾਵਾਂ ਨਾ ਸਿਰਫ ਕਾਨੂੰਨ ਦੀ ਉਲੰਘਣਾ ਹਨ ਸਗੋਂ ਹਾਦਸਿਆਂ ਦਾ ਵੀ ਵੱਡਾ ਕਾਰਨ ਹਨ। ਇਸ ਲਈ ਆਉਣ ਵਾਲੇ ਸਮੇਂ ਵਿੱਚ ਵੀ ਟਰੈਫਿਕ ਪੁਲਿਸ ਵੱਲੋਂ ਅਜਿਹੀਆਂ ਉਲੰਘਣਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰੱਖੀ ਜਾਵੇਗੀ। ਜ਼ਿਲ੍ਹਾ ਪੁਲਿਸ ਨੇ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਆਪਣੇ ਵਾਹਨਾਂ ‘ਤੇ ਨੰਬਰ ਪਲੇਟ ਲਗਾਉਣ ਅਤੇ ਸੜਕਾਂ ‘ਤੇ ਜ਼ਿੰਮੇਵਾਰੀ ਨਾਲ ਵਾਹਨ ਚਲਾਉਣ ਦੀ ਅਪੀਲ ਕੀਤੀ ਹੈ।












