ਨਵੀਂ ਦਿੱਲੀ: ਦਿੱਲੀ-ਐਨਸੀਆਰ ਵਿੱਚ ਪੈ ਰਹੇ ਭਾਰੀ ਮੀਂਹ ਨੇ ਆਮ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਮੌਸਮ ਵਿਭਾਗ ਵੱਲੋਂ ਖੇਤਰ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅਗਲੇ ਕੁਝ ਘੰਟਿਆਂ ਦੌਰਾਨ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਦੇ ਨਾਲ ਕਰੀਬ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਦੱਸੀ ਗਈ ਹੈ।
ਭਾਰੀ ਮੀਂਹ ਦਾ ਸਭ ਤੋਂ ਵੱਡਾ ਅਸਰ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੇਖਣ ਨੂੰ ਮਿਲਿਆ। ਮੀਂਹ ਤੋਂ ਬਾਅਦ ਹਵਾਈ ਅੱਡੇ ਦੇ ਕਈ ਹਿੱਸਿਆਂ ਵਿੱਚ ਪਾਣੀ ਭਰ ਗਿਆ, ਜਿਸ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪਾਣੀ ਭਰਨ ਅਤੇ ਮੌਸਮ ਖ਼ਰਾਬ ਹੋਣ ਕਾਰਨ ਉਡਾਣਾਂ ਦਾ ਸੰਚਾਲਨ ਵੀ ਪ੍ਰਭਾਵਿਤ ਹੋਇਆ। ਅਹਿਮਦਾਬਾਦ, ਮੁੰਬਈ ਅਤੇ ਪੋਰਟ ਬਲੇਅਰ ਤੋਂ ਦਿੱਲੀ ਆਉਣ ਵਾਲੀਆਂ ਕਈ ਉਡਾਣਾਂ ਦੇਰੀ ਨਾਲ ਪਹੁੰਚੀਆਂ।
ਲਗਾਤਾਰ ਮੀਂਹ ਅਤੇ ਨਦੀਆਂ ਦੇ ਵਧਦੇ ਪਾਣੀ ਕਾਰਨ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਦਿੱਲੀ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ ਮੌਸਮ ਦੀ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।











