ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਮਿਆਣੀ ਵਿੱਚ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕਰੀਬ ਅੱਧੀ ਦਰਜਨ ਵਿਅਕਤੀਆਂ ਵੱਲੋਂ ਇੱਕ ਵਿਅਕਤੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਗਿਆ। ਜ਼ਖਮੀ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਟਾਂਡਾ ਵਿਖੇ ਦਾਖਲ ਕਰਵਾਇਆ ਗਿਆ ਹੈ।
ਇਲਾਜ ਅਧੀਨ ਲਖਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮਿਆਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਾਮੂਲੀ ਤਕਰਾਰ ਤੋਂ ਬਾਅਦ ਜਦੋਂ ਉਹ ਆਪਣੇ ਘਰ ਤੋਂ ਇਲੈਕਟ੍ਰੀਸ਼ੀਅਨ ਦੀ ਦੁਕਾਨ ‘ਤੇ ਕੰਮ ਕਰਨ ਲਈ ਆ ਰਿਹਾ ਸੀ ਤਾਂ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਕੁਝ ਵਿਅਕਤੀਆਂ ਨੇ ਉਸ ਨੂੰ ਬਾਜ਼ਾਰ ਦੇ ਚੌਕ ਵਿੱਚ ਘੇਰ ਲਿਆ।
ਪੀੜਤ ਦੇ ਮੁਤਾਬਕ ਹਮਲਾਵਰਾਂ ਨੇ ਉਸ ‘ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਦੌਰਾਨ ਉਸ ਦੀਆਂ ਲੱਤਾਂ ‘ਤੇ ਗੰਭੀਰ ਸੱਟਾਂ ਲੱਗੀਆਂ। ਪੀੜਤ ਨੇ ਦਾਅਵਾ ਕੀਤਾ ਕਿ ਹਮਲੇ ਦੀ ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ ਹੈ।
ਲਖਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਹਮਲਾ ਕਰਨ ਵਾਲੇ ਨੌਜਵਾਨਾਂ ਦਾ ਇੱਕ ਗਿਰੋਹ ਹੈ, ਜਿਸ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਇਨਸਾਫ਼ ਦਿਵਾਇਆ ਜਾਵੇ।
ਉੱਥੇ ਹੀ ਇਸ ਮਾਮਲੇ ਸਬੰਧੀ ਜਦੋਂ ਡੀਐੱਸਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਹਮਲਾ ਕਰਨ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।












