ਨਵੀਂ ਦਿੱਲੀ: ਦਿੱਲੀ ਯੂਨੀਵਰਸਿਟੀ ਦੇ ਦੱਖਣੀ ਕੈਂਪਸ ਨੇੜੇ ਇੱਕ ਇਮਾਰਤ ਦੇ ਡਿੱਗਣ ਨਾਲ ਸੱਤ ਲੋਕਾਂ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ ਰੇਖਾ ਗੁਪਤਾ ਨੇ ਗ਼ੈਰ-ਕਾਨੂੰਨੀ ਉਸਾਰੀ ਕਾਰਜਾਂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰਦਿਆਂ ਦਿੱਲੀ ਨਗਰ ਨਿਗਮ (ਐਮ.ਸੀ.ਡੀ.) ਨੂੰ ਗ਼ੈਰ-ਕਾਨੂੰਨੀ ਢਾਂਚਿਆਂ ‘ਤੇ ਬੁਲਡੋਜ਼ਰ ਚਲਾਉਣ ਦੇ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਦਫ਼ਤਰ (ਸੀ.ਐਮ.ਓ.) ਵੱਲੋਂ ਜਾਰੀ ਬਿਆਨ ਮੁਤਾਬਕ ਗੁਪਤਾ ਦੇ ਇਸ ਨਿਰਦੇਸ਼ ਤੋਂ ਬਾਅਦ ਅੱਜ ਦਿੱਲੀ ਦੇ ਕਈ ਇਲਾਕਿਆਂ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੇ ਨਗਰ ਨਿਗਮ ਦੇ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਜ਼ਮੀਨ ’ਤੇ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਕਾਰਵਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਅਧਿਕਾਰੀਆਂ ਨੂੰ ਹੁਕਮ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਸਾਰੇ ‘ਪੇਇੰਗ ਗੈਸਟ’ (ਪੀ.ਜੀ.) ਹੋਸਟਲਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਅਤੇ ਜਿੱਥੇ ਕਿਤੇ ਵੀ ਗੈਰ-ਕਾਨੂੰਨੀ ਉਸਾਰੀ ਪਾਈ ਜਾਂਦੀ ਹੈ, ਉਸ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ।
ਇਸ ਤੋਂ ਇਲਾਵਾ ਗੁਪਤਾ ਨੇ ਇਮਾਰਤਾਂ ਦੇ ਰਿਕਾਰਡ ਦੀ ਪੜਤਾਲ ਕਰਨ ਦੇ ਵੀ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਹ ਪਤਾ ਲਗਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਇਹ ਨਾਜਾਇਜ਼ ਉਸਾਰੀ ਕਿਸ ਸਾਲ ਹੋਈ ਸੀ ਅਤੇ ਉਸ ਸਮੇਂ ਇਹ ਕਿਸ ਅਧਿਕਾਰੀ ਦੇ ਅਧਿਕਾਰ ਖੇਤਰ ਵਿੱਚ ਆਇਆ ਸੀ। ਸੱਤਿਆ ਨਿਕੇਤਨ ਖੇਤਰ ਵਿੱਚ ਵਿਦਿਆਰਥੀਆਂ ਲਈ ਪੀ.ਜੀ ਵਜੋਂ ਵਰਤੀ ਜਾ ਰਹੀ ਇਮਾਰਤ ਐਤਵਾਰ ਦੁਪਹਿਰ ਡੇਢ ਵਜੇ ਦੇ ਕਰੀਬ ਮੁਰੰਮਤ ਦੇ ਕੰਮ ਦੌਰਾਨ ਢਹਿ ਗਈ।
ਮਲਬੇ ‘ਚੋਂ ਕੁੱਲ 12 ਲੋਕਾਂ ਨੂੰ ਬਾਹਰ ਕੱਢਿਆ ਗਿਆ, ਜਿਨ੍ਹਾਂ ‘ਚੋਂ 7 ਦੀ ਮੌਤ ਹੋ ਗਈ ਜਦਕਿ 5 ਹੋਰ ਜ਼ਖਮੀ ਹੋ ਗਏ। ਬੀਤੇ ਦਿਨ ਜਾਰੀ ਬਿਆਨ ‘ਚ ਕਿਹਾ ਗਿਆ ਕਿ ਗੁਪਤਾ ਦੀਆਂ ਸਖ਼ਤ ਹਦਾਇਤਾਂ ‘ਤੇ ਦਿੱਲੀ ਦੇ ਪੀ.ਜੀ ਹੋਸਟਲਾਂ ਦੇ ਸੁਰੱਖਿਆ ਪ੍ਰਬੰਧਾਂ ਦੀ ਵਿਆਪਕ ਸਮੀਖਿਆ ‘ਚ ਤੇਜ਼ੀ ਲਿਆਂਦੀ ਗਈ ਹੈ ਅਤੇ ਨਗਰ ਨਿਗਮ ਨੂੰ ਇਨ੍ਹਾਂ ਦਾ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ।
ਇਸ ਤਹਿਤ ਸਬੰਧਤ ਜ਼ੋਨ ਦੇ ਅਧਿਕਾਰੀਆਂ ਨੂੰ ਇਮਾਰਤੀ ਸੁਰੱਖਿਆ, ਲੋੜੀਂਦੀਆਂ ਪ੍ਰਵਾਨਗੀਆਂ, ਫਾਇਰ ਸੇਫਟੀ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.), ਢਾਂਚਾਗਤ ਸਥਿਰਤਾ ਸਰਟੀਫਿਕੇਟ ਅਤੇ ਹੋਰ ਨਿਰਧਾਰਤ ਮਾਪਦੰਡਾਂ ਦੀ ਜਾਂਚ ਕਰਕੇ ਵਿਸਥਾਰਤ ਰਿਪੋਰਟ ਤਿਆਰ ਕਰਨ ਦੀ ਹਦਾਇਤ ਕੀਤੀ ਗਈ ਹੈ । ਜ਼ੋਨਲ ਪੱਧਰ ‘ਤੇ ਸੀਨੀਅਰ ਅਧਿਕਾਰੀ ਇਸ ਸਾਰੀ ਕਾਰਵਾਈ ਦੀ ਨਿਗਰਾਨੀ ਕਰਨਗੇ।












