ਚੰਡੀਗੜ੍ਹ: ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਹੈ। ਦਰਅਸਲ 22 ਸਤੰਬਰ ਤੋਂ ਪੰਜਾਬ ਭਰ ਵਿੱਚ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਸਰਕਾਰੀ ਬੱਸਾਂ ਜਾਮ ਕੀਤੀਆਂ ਜਾਣਗੀਆਂ। ਇਸ ਸਬੰਧੀ ਅੱਜ ਚੰਡੀਗੜ੍ਹ ਵਿਖੇ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਮੀਟਿੰਗ ਕੀਤੀ ਗਈ।
ਯੂਨੀਅਨ ਆਗੂਆਂ ਨੇ ਮੀਟਿੰਗ ਦੌਰਾਨ ਐਲਾਨ ਕੀਤਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 22 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ ਅਤੇ ਸਰਕਾਰੀ ਬੱਸਾਂ ਦਾ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰ ਰਹੀ। ਇਸ ਦੇ ਵਿਰੋਧ ਵਿੱਚ 22 ਸਤੰਬਰ ਤੋਂ ਸਰਕਾਰੀ ਬੱਸਾਂ ਨੂੰ ਮੁਕੰਮਲ ਤੌਰ ’ਤੇ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।
ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਸੂਬੇ ਦੇ ਲੋਕਾਂ ਨੂੰ ਆਪਣੀ ਮੰਜ਼ਿਲ ‘ਤੇ ਪਹੁੰਚਣ ‘ਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ ਵਾਲੀਆਂ ਔਰਤਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।












