ਚੰਡੀਗੜ੍ਹ: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਮਾਨਸਾ ਵਿਖੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਭਾਜਪਾ ਦੇ ਜੁਝਾਰੂ ਆਗੂ ਵਿਨੋਦ ਕਾਲੀ ਦਾ ਡੀ.ਐਮ.ਸੀ. ਹੀਰੋ ਹਾਰਟ, ਲੁਧਿਆਣਾ ਪਹੁੰਚ ਕੇ ਹਾਲ-ਚਾਲ ਪੁੱਛਿਆ। ਇਸ ਮੌਕੇ ਢਿੱਲੋਂ ਨੇ ਹਸਪਤਾਲ ਵਿੱਚ ਮੌਜੂਦ ਡਾਕਟਰਾਂ ਨਾਲ ਮੁਲਾਕਾਤ ਕੀਤੀ ਅਤੇ ਵਿਨੋਦ ਕਾਲੀ ਦੇ ਚੱਲ ਰਹੇ ਇਲਾਜ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਡਾਕਟਰਾਂ ਨੂੰ ਵਿਨੋਦ ਕਾਲੀ ਦੇ ਇਲਾਜ ਵਿੱਚ ਹਰ ਸੰਭਵ ਸਹੂਲਤ ਯਕੀਨੀ ਬਣਾਉਣ ਲਈ ਕਿਹਾ ਅਤੇ ਭਰੋਸਾ ਦਿੱਤਾ ਕਿ ਇਲਾਜ ਦੌਰਾਨ ਕਿਸੇ ਕਿਸਮ ਦੀ ਕੋਈ ਕਮੀ ਜਾਂ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਕੇਵਲ ਸਿੰਘ ਢਿੱਲੋਂ ਨੇ ਵਿਨੋਦ ਕਾਲੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਸਮੁੱਚਾ ਪਰਿਵਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਨੋਦ ਕਾਲੀ ਦੇ ਇਲਾਜ ਅਤੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਵੇਗੀ। ਢਿੱਲੋਂ ਨੇ ਕਿਹਾ ਕਿ ਵਿਨੋਦ ਕਾਲੀ ਨੇ ਪਾਰਟੀ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਆਪਣੀ ਜ਼ਿੰਮੇਵਾਰੀ ਪੂਰੀ ਸਰਗਰਮੀ ਨਾਲ ਨਿਭਾਈ ਅਤੇ ਇਸ ਦੌਰਾਨ ਉਹ ਇੱਕ ਹਾਦਸੇ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹਰ ਵਰਕਰ ਅਤੇ ਆਗੂ ਦੀ ਸੁਰੱਖਿਆ ਅਤੇ ਸਿਹਤ ਸਾਡੇ ਲਈ ਜ਼ਰੂਰੀ ਹੈ।
ਸੂਬਾ ਪ੍ਰਧਾਨ ਨੇ ਵਿਨੋਦ ਕਾਲੀ ਦੀ ਜਲਦੀ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੂਰੀ ਤਰ੍ਹਾਂ ਤੰਦਰੁਸਤ ਹੋ ਕੇ ਆਪਣੇ ਪਰਿਵਾਰ ਅਤੇ ਪਾਰਟੀ ਸਾਥੀਆਂ ਕੋਲ ਵਾਪਸ ਪਰਤਣ। ਇਸ ਮੌਕੇ ਉਨ੍ਹਾਂ ਨਾਲ ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਅਤੇ ਹੋਰ ਪਾਰਟੀ ਵਰਕਰ ਵੀ ਮੌਜੂਦ ਸਨ।












