ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਪੁਲਿਸ ਨੇ ਕਥਿਤ ਤੌਰ ’ਤੇ ਕੇਸ਼ਵ ਸ਼ਿਵਾਲਾ ਗੈਂਗ ਨਾਲ ਜੁੜੇ ਚਾਰ ਸ਼ੂਟਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਨ੍ਹਾਂ ਵਿੱਚੋਂ ਤਿੰਨ ਮੁਲਜ਼ਮ ਪੁਲਿਸ ਨਾਲ ਹੋਈ ਗੋਲੀਬਾਰੀ ਦੌਰਾਨ ਲੱਤਾਂ ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ। ਪੁਲਿਸ ਨੇ ਮੁਲਜ਼ਮਾਂ ਕੋਲੋਂ 5 ਪਿਸਤੌਲ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕਰਨ ਦੀ ਗੱਲ ਕਹੀ ਹੈ।
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਮੁਤਾਬਕ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਸ਼ੱਕੀ ਵਿਅਕਤੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹਨ। ਇਸ ਸੂਚਨਾ ਦੇ ਆਧਾਰ ’ਤੇ ਛੇਹਰਟਾ ਥਾਣੇ ਦੇ ਐੱਸਐੱਚਓ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਇਲਾਕੇ ਵਿੱਚ ਨਾਕਾਬੰਦੀ ਕੀਤੀ।
ਨਾਕਾਬੰਦੀ ਦੌਰਾਨ ਪੁਲਿਸ ਨੇ ਵਿਸ਼ਾਲ ਨਾਮ ਦੇ ਇੱਕ ਮੁਲਜ਼ਮ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ .30 ਬੋਰ ਦੀ ਇੱਕ ਗਲੌਕ ਪਿਸਤੌਲ ਬਰਾਮਦ ਹੋਈ। ਪੁੱਛਗਿੱਛ ਦੌਰਾਨ ਵਿਸ਼ਾਲ ਨੇ ਕਥਿਤ ਤੌਰ ’ਤੇ ਦੱਸਿਆ ਕਿ ਉਸ ਦੇ ਕੁਝ ਸਾਥੀ ਥਾਂਦਾ ਰੋਡ ਨੇੜੇ ਝਾੜੀਆਂ ਅਤੇ ਜੰਗਲਨੁਮਾ ਇਲਾਕੇ ਵਿੱਚ ਲੁਕੇ ਹੋਏ ਹਨ।
ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੀਆਂ ਟੀਮਾਂ ਨੇ ਇਲਾਕੇ ਨੂੰ ਘੇਰ ਲਿਆ। ਪੁਲਿਸ ਅਨੁਸਾਰ ਲਾਊਡਸਪੀਕਰ ਰਾਹੀਂ ਲੁਕੇ ਹੋਏ ਵਿਅਕਤੀਆਂ ਨੂੰ ਸਰੰਡਰ ਕਰਨ ਲਈ ਕਿਹਾ ਗਿਆ, ਪਰ ਇਸ ਦੌਰਾਨ ਗੋਲੀਬਾਰੀ ਸ਼ੁਰੂ ਹੋ ਗਈ। ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ। ਗੋਲੀਬਾਰੀ ਵਿੱਚ ਤਿੰਨ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ, ਜਿਸ ਤੋਂ ਬਾਅਦ ਪੁਲਿਸ ਨੇ ਚਾਰਾਂ ਨੂੰ ਕਾਬੂ ਕਰ ਲਿਆ।
ਜ਼ਖ਼ਮੀ ਮੁਲਜ਼ਮਾਂ ਦੀ ਪਛਾਣ ਛਿੰਦਾ ਪਹਿਲਵਾਨ ਵਾਸੀ ਫਿਰੋਜ਼ਪੁਰ, ਸ਼ਿਵਮ ਉਰਫ਼ ਸ਼ਿਵਾ ਵਾਸੀ ਫਰੀਦਕੋਟ ਅਤੇ ਲਵਕੇਸ਼ ਵਾਸੀ ਅੰਮ੍ਰਿਤਸਰ ਵਜੋਂ ਦੱਸੀ ਗਈ ਹੈ। ਜਦਕਿ ਚੌਥੇ ਮੁਲਜ਼ਮ ਰਾਜਵਿੰਦਰ ਵਾਸੀ ਅੰਮ੍ਰਿਤਸਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਪੁਲਿਸ ਮੁਤਾਬਕ ਮੁਲਜ਼ਮਾਂ ਕੋਲੋਂ ਕੁੱਲ 5 ਪਿਸਤੌਲ, ਜਿਨ੍ਹਾਂ ਵਿੱਚ 2 ਗਲੌਕ ਅਤੇ 3 ਬੇਰੇਟਾ ਪਿਸਤੌਲ, ਸਮੇਤ 20 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸਨ, ਜਿਸ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ।
ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਨੇ ਦੱਸਿਆ ਕਿ ਆਪਰੇਸ਼ਨ ਡੀਸੀਪੀ ਇਨਵੈਸਟੀਗੇਸ਼ਨ ਪ੍ਰਭਜੋਤ ਸਿੰਘ, ਡੀਸੀਪੀ ਸਿਟੀ ਤੇਜਾ ਸਾਹਿਬ ਅਤੇ ਏਡੀਸੀਪੀ ਸਿਟੀ-2 ਦੀ ਨਿਗਰਾਨੀ ਹੇਠ ਚਲਾਇਆ ਗਿਆ। ਪੁਲਿਸ ਵੱਲੋਂ ਫਿਰੋਜ਼ਪੁਰ ਅਤੇ ਫਰੀਦਕੋਟ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਹਥਿਆਰਾਂ ਦੀ ਕਥਿਤ ਸਪਲਾਈ ਚੇਨ ਅਤੇ ਸੰਭਾਵਿਤ ਟਿਕਾਣਿਆਂ ਦੀ ਜਾਂਚ ਲਈ ਟੀਮਾਂ ਵੀ ਭੇਜੀਆਂ ਗਈਆਂ ਹਨ।
ਕਮਿਸ਼ਨਰ ਗਿੱਲ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੇ ਝਾਂਸੇ ਵਿੱਚ ਨਾ ਆਉਣ। ਉਨ੍ਹਾਂ ਕਿਹਾ ਕਿ ਪੈਸਿਆਂ ਅਤੇ ਹੋਰ ਲਾਲਚਾਂ ਰਾਹੀਂ ਸਥਾਨਕ ਨੌਜਵਾਨਾਂ ਨੂੰ ਅਪਰਾਧਿਕ ਗਤੀਵਿਧੀਆਂ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਟਕੇ ਨੌਜਵਾਨ ਮੁੱਖ ਧਾਰਾ ਵਿੱਚ ਵਾਪਸ ਆਉਣ ਅਤੇ ਸਰੰਡਰ ਕਰਨ।
ਫਿਲਹਾਲ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦਾ ਮੁੱਖ ਕੇਂਦਰ ਉਨ੍ਹਾਂ ਦੇ ਕਥਿਤ ਨੈੱਟਵਰਕ, ਹਥਿਆਰਾਂ ਦੀ ਸਪਲਾਈ ਅਤੇ ਪਿਛਲੀਆਂ ਵਾਰਦਾਤਾਂ ਨਾਲ ਸੰਭਾਵਿਤ ਸਬੰਧਾਂ ਬਾਰੇ ਜਾਣਕਾਰੀ ਇਕੱਠੀ ਕਰਨਾ ਹੈ।












