ਪਠਾਨਕੋਟ: ਪਠਾਨਕੋਟ ਦੇ ਲਕਸ਼ਮੀ ਗਾਰਡਨ ਕਾਲੋਨੀ ਵਿੱਚ ਸ਼ਿਵ ਸੈਨਾ ਹਿੰਦ ਕੋਰ ਕਮੇਟੀ ਦੇ ਚੇਅਰਮੈਨ ਰਵੀ ਸ਼ਰਮਾ ਦੇ 35 ਸਾਲਾ ਭਰਾ ਜਤਿੰਦਰ ਸ਼ਰਮਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਜਤਿੰਦਰ ਆਪਣੇ ਘਰ ਦੇ ਬੈੱਡਰੂਮ ਵਿੱਚ ਖੂਨ ਨਾਲ ਲੱਥਪੱਥ ਅਤੇ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੇ। ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਰਿਪੋਰਟਾਂ ਮੁਤਾਬਕ ਜਤਿੰਦਰ ਦੇ ਸਿਰ, ਗਰਦਨ ਅਤੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ। ਪਰਿਵਾਰ ਨੇ ਇਨ੍ਹਾਂ ਸੱਟਾਂ ਦੇ ਆਧਾਰ ’ਤੇ ਕਤਲ ਦਾ ਸ਼ੱਕ ਜਤਾਇਆ ਹੈ ਅਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਤਿੰਨ ਡਾਕਟਰਾਂ ਦੇ ਪੈਨਲ ਵੱਲੋਂ ਪੋਸਟਮਾਰਟਮ ਕਰਵਾਇਆ ਗਿਆ, ਜਿਸ ਤੋਂ ਬਾਅਦ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕੀਤਾ ਗਿਆ।
ਰਵੀ ਸ਼ਰਮਾ ਮੁਤਾਬਕ ਜਤਿੰਦਰ ਰਿਕਵਰੀ ਦਾ ਕੰਮ ਕਰਦੇ ਸਨ। ਪਰਿਵਾਰ ਨੇ ਆਪਣੇ ਡਰਾਈਵਰ ’ਤੇ ਸ਼ੱਕ ਜਤਾਇਆ ਹੈ। ਪਰਿਵਾਰ ਦਾ ਦਾਅਵਾ ਹੈ ਕਿ ‘ਕਰਨ’ ਨਾਮਕ ਇੱਕ ਸ਼ੱਕੀ ਵਿਅਕਤੀ ਨੂੰ ਕੁਝ ਸਬੂਤਾਂ ਸਮੇਤ ਪੁਲਿਸ ਦੇ ਹਵਾਲੇ ਕੀਤਾ ਗਿਆ ਸੀ। ਬਾਅਦ ਵਿੱਚ ਉਸ ਨੂੰ ਛੱਡੇ ਜਾਣ ਦੀ ਜਾਣਕਾਰੀ ਮਿਲਣ ’ਤੇ ਪਰਿਵਾਰ ਨੇ ਪੁਲਿਸ ਕਾਰਵਾਈ ’ਤੇ ਸਵਾਲ ਚੁੱਕੇ।
ਪਰਿਵਾਰ ਅਨੁਸਾਰ ਉੱਚ ਅਧਿਕਾਰੀਆਂ ਕੋਲ ਮਾਮਲਾ ਪਹੁੰਚਾਉਣ ਤੋਂ ਬਾਅਦ ਪੁਲਿਸ ਵੱਲੋਂ ਸ਼ੱਕੀ ਵਿਅਕਤੀ ਨੂੰ ਮੁੜ ਹਿਰਾਸਤ ਵਿੱਚ ਲੈਣ ਦੀ ਗੱਲ ਕਹੀ ਗਈ। ਫਿਲਹਾਲ ਪੁਲਿਸ ਵੱਲੋਂ ਮੌਤ ਦੇ ਕਾਰਨਾਂ ਅਤੇ ਘਟਨਾ ਦੇ ਹਾਲਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਤਲ ਦੇ ਦੋਸ਼ਾਂ ਦੀ ਪੁਸ਼ਟੀ ਜਾਂ ਅੰਤਿਮ ਕਾਰਵਾਈ ਜਾਂਚ ਦੇ ਨਤੀਜਿਆਂ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।












