ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਚੱਲ ਰਹੀਆਂ ਸੰਗਠਨਾਤਮਕ ਤਬਦੀਲੀਆਂ ਦੀਆਂ ਚਰਚਾਵਾਂ ਦਰਮਿਆਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਨੂੰ ਭੇਜਿਆ ਹੈ।
ਰਾਜਾ ਵੜਿੰਗ ਨੇ ਅਸਤੀਫ਼ੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਵੱਲੋਂ ਭਵਿੱਖ ਵਿੱਚ ਜਿਹੜੀ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਜਾਵੇਗੀ, ਉਹ ਉਸ ਨੂੰ ਨਿਭਾਉਣ ਲਈ ਤਿਆਰ ਰਹਿਣਗੇ।
ਪੰਜਾਬ ਕਾਂਗਰਸ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਮਤਭੇਦਾਂ ਅਤੇ ਸੰਗਠਨਾਤਮਕ ਮੁੱਦਿਆਂ ਦੇ ਮੱਦੇਨਜ਼ਰ ਪਾਰਟੀ ਹਾਈਕਮਾਨ ਵੱਲੋਂ ਸੂਬਾ ਇਕਾਈ ਵਿੱਚ ਤਬਦੀਲੀ ਦੀ ਪ੍ਰਕਿਰਿਆ ਚੱਲ ਰਹੀ ਸੀ। ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਸੂਬੇ ਦੇ ਆਗੂਆਂ ਅਤੇ ਵਰਕਰਾਂ ਤੋਂ ਫੀਡਬੈਕ ਲੈਣ ਤੋਂ ਬਾਅਦ ਹਾਈਕਮਾਨ ਪੱਧਰ ’ਤੇ ਸੰਗਠਨ ਦੀ ਸਥਿਤੀ ’ਤੇ ਚਰਚਾ ਹੋਈ।
ਰਾਜਾ ਵੜਿੰਗ ਨੇ ਅਪ੍ਰੈਲ 2022 ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਸੀ। ਹੁਣ ਪਾਰਟੀ ਵੱਲੋਂ ਉਨ੍ਹਾਂ ਦੀ ਥਾਂ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਉਮੀਦ ਹੈ।
ਮੌਜੂਦਾ ਰਿਪੋਰਟਾਂ ਅਨੁਸਾਰ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਲਈ ਵਿਜੇ ਇੰਦਰ ਸਿੰਗਲਾ, ਪਰਗਟ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਰਾਣਾ ਕੇ.ਪੀ. ਸਿੰਘ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਸਮੇਤ ਕਈ ਆਗੂਆਂ ਦੇ ਨਾਂ ਚਰਚਾ ਵਿੱਚ ਹਨ। ਹਾਲਾਂਕਿ ਅੰਤਿਮ ਫ਼ੈਸਲਾ ਕਾਂਗਰਸ ਹਾਈਕਮਾਨ ਵੱਲੋਂ ਕੀਤਾ ਜਾਣਾ ਹੈ।












