ਫ਼ਿਰੋਜ਼ਪੁਰ : ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਦੋ ਨਜਾਇਜ਼ ਪਿਸਤੌਲ ਗਲੋਕ 9 ਐਮ.ਐਮ, ਮੈਗਜ਼ੀਨ ਅਤੇ ਇੱਕ ਮੋਟਰਸਾਈਕਲ ਬਰਾਮਦ ਕਰ ਲਿਆ ਹੈ ਅਤੇ ਉਸ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਸਬ-ਇੰਸਪੈਕਟਰ ਜਗਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਦੇ ਸਬੰਧ ‘ਚ ਬੱਸ ਸਟੈਂਡ ਫ਼ਿਰੋਜ਼ਪੁਰ ਛਾਉਣੀ ਨੇੜੇ ਮੌਜੂਦ ਸੀ।
ਇਸ ਦੌਰਾਨ ਪੁਲਿਸ ਨੂੰ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਜੌਹਨਸਨ ਉਰਫ਼ ਸੈਮ ਪੁੱਤਰ ਬਲਦੇਵ ਵਾਸੀ ਫੱਤੂ ਆਪਣੇ ਬਜਾਜ ਪਲਸਰ ਮੋਟਰਸਾਈਕਲ ‘ਤੇ ਚੁੰਗੀ ਨੰਬਰ 7 ਤੋਂ ਸ਼ਮਸ਼ਾਨਘਾਟ ਨੂੰ ਜਾਂਦੀ ਲੰਿਕ ਸੜਕ ‘ਤੇ ਨਜਾਇਜ਼ ਹਥਿਆਰਾਂ ਸਮੇਤ ਕਿਸੇ ਦੀ ਉਡੀਕ ਕਰ ਰਿਹਾ ਹੈ । ਪੁਲਿਸ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਨੇ ਛਾਪੇਮਾਰੀ ਕਰਕੇ ਜੌਹਨਸਨ ਉਰਫ਼ ਸੈਮ ਕੋਲੋਂ ਦੋ ਨਜਾਇਜ਼ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।








