ਫਗਵਾੜਾ : ਫਗਵਾੜਾ ਦੇ ਦੁਸਾਂਝ ਰੋਡ ‘ਤੇ ਅਰਬਨ ਅਸਟੇਟ ਨੇੜੇ ਉਸ ਸਮੇਂ ਹਲਚਲ ਮਚ ਗਈ ਜਦੋਂ ਕੂੜੇ ਦੇ ਢੇਰ ਨੇੜੇ ਝਾੜੀਆਂ ‘ਚੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ। ਲਾਸ਼ ਮਿਲਣ ਦੀ ਸੂਚਨਾ ਮਿਲਦਿਆਂ ਹੀ ਆਸਪਾਸ ਦੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਅਰਬਨ ਅਸਟੇਟ ਗੇਟ ਨੇੜੇ ਸਫਾਈ ਕਰਦੇ ਸਮੇਂ ਇਕ ਸਵੀਪਰ ਨੇ ਇਕ ਨੌਜਵਾਨ ਨੂੰ ਝਾੜੀਆਂ ਵਿਚ ਪਿਆ ਦੇਖਿਆ। ਉਸ ਨੇ ਤੁਰੰਤ ਆਲੇ-ਦੁਆਲੇ ਮੌਜੂਦ ਲੋਕਾਂ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ।
ਸੂਚਨਾ ਮਿਲਦੇ ਹੀ ਥਾਣਾ ਸਿਟੀ ਫਗਵਾੜਾ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ । ਹਾਲੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਲਾਸ਼ ਨੂੰ ਪਹਿਚਾਣ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ । ਪੁਲਿਸ ਅਧਿਕਾਰੀ ਪਰਮਜੀਤ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨੌਜਵਾਨ ਦੀ ਮੌਤ ਕਿਨ੍ਹਾਂ ਹਾਲਾਤਾਂ ‘ਚ ਹੋਈ, ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। ਪੁਲਿਸ ਮ੍ਰਿਤਕ ਦੀ ਪਛਾਣ ਦੇ ਨਾਲ-ਨਾਲ ਘਟਨਾ ਨਾਲ ਸਬੰਧਤ ਹੋਰ ਪਹਿਲੂਆਂ ਦੀ ਵੀ ਜਾਂਚ ਕਰ ਰਹੀ ਹੈ।










