ਚੰਡੀਗੜ੍ਹ: ਪੰਜਾਬ ਸਰਕਾਰ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਟਿੰਗ ਤੋਂ ਬਾਅਦ ਇਨ੍ਹਾਂ ਫੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਕੈਬਨਿਟ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿੱਚ 19 ਨਵੀਆਂ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਅਸਾਮੀਆਂ ’ਤੇ ਨਵੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ। ਸਰਕਾਰ ਮੁਤਾਬਕ ਇਸ ਨਾਲ ਚੋਣਾਂ ਨਾਲ ਸਬੰਧਤ ਕੰਮਕਾਜ ਨੂੰ ਹੋਰ ਮਜ਼ਬੂਤ ਕਰਨ ਅਤੇ ਦਫ਼ਤਰੀ ਕਾਰਵਾਈ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ।
ਇਸ ਤੋਂ ਇਲਾਵਾ ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਨਿਯਮ, 2016 ਵਿੱਚ ਸੋਧ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ 2021 ਵਿੱਚ ਵਿਭਾਗ ਦੇ ਪੁਨਰਗਠਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਨਰਸਿੰਗ ਸਟਾਫ ਦੀ ਭਰਤੀ ਹੋਈ ਸੀ, ਪਰ ਨਵੇਂ ਸੇਵਾ ਨਿਯਮ ਤਿਆਰ ਨਹੀਂ ਹੋ ਸਕੇ ਸਨ। ਹੁਣ ਸੋਧੇ ਹੋਏ ਨਿਯਮ ਲਾਗੂ ਹੋਣ ਨਾਲ ਨਰਸਿੰਗ ਕਰਮਚਾਰੀਆਂ ਨਾਲ ਸਬੰਧਤ ਸੇਵਾ ਮਾਮਲਿਆਂ ਨੂੰ ਨਿਯਮਤ ਕਰਨ ਵਿੱਚ ਮਦਦ ਮਿਲੇਗੀ।
ਕੈਬਨਿਟ ਨੇ ਗੈਰ-ਅਧਿਆਪਨ ਕਰਮਚਾਰੀਆਂ ਨਾਲ ਸਬੰਧਤ ਇੱਕ ਹੋਰ ਫੈਸਲੇ ਨੂੰ ਵੀ ਮਨਜ਼ੂਰੀ ਦਿੱਤੀ ਹੈ। ਇਸ ਤੋਂ ਇਲਾਵਾ ਪਠਾਨਕੋਟ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਰਣਜੀਤ ਸਾਗਰ ਵਿਕਾਸ ਅਥਾਰਟੀ ਬਣਾਉਣ ਨੂੰ ਹਰੀ ਝੰਡੀ ਦਿੱਤੀ ਗਈ ਹੈ। ਸਰਕਾਰ ਦਾ ਉਦੇਸ਼ ਰਣਜੀਤ ਸਾਗਰ ਡੈਮ ਅਤੇ ਆਸਪਾਸ ਦੇ ਖੇਤਰ ਦੀਆਂ ਸੈਰ-ਸਪਾਟਾ ਸੰਭਾਵਨਾਵਾਂ ਨੂੰ ਵਿਕਸਤ ਕਰਨਾ ਹੈ।










