ਨਵੀਂ ਦਿੱਲੀ: ਭਾਰਤ ਅਤੇ ਕੈਨੇਡਾ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਅਤੇ 12 ਦਸੰਬਰ ਨੂੰ ਕੈਨੇਡਾ ਦੇ ਦੌਰੇ ‘ਤੇ ਜਾਣਗੇ। ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇਸ ਦੌਰੇ ਦੀਆਂ ਤਰੀਕਾਂ ਬਾਰੇ ਜਾਣਕਾਰੀ ਦਿੱਤੀ ਹੈ। ਦੋਵਾਂ ਦੇਸ਼ਾਂ ਵਿਚਾਲੇ ਹਾਲ ਹੀ ਦੇ ਸਮੇਂ ਦੌਰਾਨ ਬਣੇ ਸਕਾਰਾਤਮਕ ਮਾਹੌਲ ਨੂੰ ਅੱਗੇ ਵਧਾਉਣ ਅਤੇ ਦੁਵੱਲੇ ਸਬੰਧਾਂ ਨੂੰ ਨਵੀਂ ਦਿਸ਼ਾ ਦੇਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਭਾਰਤੀ ਹਾਈ ਕਮਿਸ਼ਨ ਵੱਲੋਂ ਵੀ ਪ੍ਰਧਾਨ ਮੰਤਰੀ ਮੋਦੀ ਦੇ ਆਉਣ ਵਾਲੇ ਦੌਰੇ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੋਦੀ ਅਤੇ ਕਾਰਨੀ ਵਿਚਾਲੇ ਹੋਈ ਗੱਲਬਾਤ ਦੌਰਾਨ ਦੋਵਾਂ ਆਗੂਆਂ ਨੇ ਵਪਾਰ, ਊਰਜਾ, ਤਕਨਾਲੋਜੀ, ਸੁਰੱਖਿਆ ਅਤੇ ਲੋਕਾਂ ਵਿਚਾਲੇ ਆਪਸੀ ਸਬੰਧਾਂ ਵਰਗੇ ਅਹਿਮ ਖੇਤਰਾਂ ਵਿੱਚ ਸਹਿਯੋਗ ਵਧਾਉਣ ‘ਤੇ ਸਹਿਮਤੀ ਪ੍ਰਗਟਾਈ।
ਵਪਾਰ ਸਮਝੌਤਾ ਰਹੇਗਾ ਮੁੱਖ ਮੁੱਦਾ
ਪ੍ਰਧਾਨ ਮੰਤਰੀ ਮੋਦੀ ਅਤੇ ਮਾਰਕ ਕਾਰਨੀ ਦੀ ਮੁਲਾਕਾਤ ਦੌਰਾਨ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨਾ ਮੁੱਖ ਏਜੰਡਾ ਰਹਿਣ ਦੀ ਸੰਭਾਵਨਾ ਹੈ। ਕੈਨੇਡਾ ਆਪਣੇ ਵਪਾਰਕ ਭਾਈਵਾਲਾਂ ਦਾ ਦਾਇਰਾ ਵਧਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸੇ ਤਹਿਤ ਦੋਵੇਂ ਦੇਸ਼ ਵਿਆਪਕ ਆਰਥਿਕ ਭਾਈਵਾਲੀ ਸਮਝੌਤੇ (CEPA) ਬਾਰੇ ਗੱਲਬਾਤ ਜਲਦੀ ਪੂਰੀ ਕਰਨ ਲਈ ਵਚਨਬੱਧ ਹਨ।
ਰਿਪੋਰਟ ਮੁਤਾਬਕ, ਦੋਵਾਂ ਦੇਸ਼ਾਂ ਦਾ ਟੀਚਾ ਸਾਲ 2030 ਤੱਕ ਆਪਸੀ ਵਪਾਰ ਨੂੰ ਦੁੱਗਣਾ ਕਰਕੇ ਸਾਲਾਨਾ 70 ਅਰਬ ਡਾਲਰ ਤੱਕ ਪਹੁੰਚਾਉਣਾ ਹੈ। ਇਸ ਸਾਲ ਦੇ ਅੰਤ ਤੱਕ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ।
ਊਰਜਾ, ਖੇਤੀਬਾੜੀ ਅਤੇ ਸੁਰੱਖਿਆ ‘ਤੇ ਵੀ ਹੋਵੇਗੀ ਗੱਲਬਾਤ
ਦੋਵਾਂ ਆਗੂਆਂ ਵਿਚਾਲੇ ਹਿੰਦ-ਪ੍ਰਸ਼ਾਂਤ ਖੇਤਰ ਦੀ ਭੂ-ਰਾਜਨੀਤਿਕ ਸਥਿਤੀ ਅਤੇ ਊਰਜਾ ਤੇ ਖੇਤੀਬਾੜੀ ਦੇ ਖੇਤਰਾਂ ਵਿੱਚ ਭਰੋਸੇਯੋਗ ਭਾਈਵਾਲੀ ਦੀ ਮਹੱਤਤਾ ਬਾਰੇ ਵੀ ਚਰਚਾ ਹੋਈ ਹੈ। ਇਸ ਤੋਂ ਇਲਾਵਾ ਤਕਨਾਲੋਜੀ, ਸੁਰੱਖਿਆ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਸੰਪਰਕ ਵਧਾਉਣ ਵਰਗੇ ਮੁੱਦੇ ਵੀ ਏਜੰਡੇ ਵਿੱਚ ਸ਼ਾਮਲ ਹਨ।
PM ਮੋਦੀ ਨੇ ਕੀ ਕਿਹਾ?
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਰਕ ਕਾਰਨੀ ਨਾਲ ਗੱਲਬਾਤ ਤੋਂ ਬਾਅਦ ਕਿਹਾ ਕਿ ਦੋਵੇਂ ਦੇਸ਼ ਭਾਰਤ-ਕੈਨੇਡਾ ਸਬੰਧਾਂ ਵਿੱਚ ਬਣੀ ਸਕਾਰਾਤਮਕ ਗਤੀ ਨੂੰ ਅੱਗੇ ਵਧਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਵਪਾਰ, ਊਰਜਾ, ਤਕਨਾਲੋਜੀ, ਸੁਰੱਖਿਆ ਅਤੇ ਲੋਕਾਂ ਵਿਚਾਲੇ ਸਬੰਧਾਂ ਵਰਗੇ ਖੇਤਰਾਂ ਵਿੱਚ ਠੋਸ ਨਤੀਜੇ ਹਾਸਲ ਕਰਨ ਲਈ ਮਿਲ ਕੇ ਕੰਮ ਕਰਨ ਦੀ ਵਚਨਬੱਧਤਾ ਦੁਹਰਾਈ। ਇਸ ਦੌਰੇ ਤੋਂ ਦੋਵਾਂ ਦੇਸ਼ਾਂ ਵਿਚਾਲੇ ਆਰਥਿਕ ਸਹਿਯੋਗ ਵਧਣ ਅਤੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ।










