Homeਪੰਜਾਬਪੰਜਾਬ ਪੁਲਿਸ ਨਸ਼ਿਆਂ ਦੇ ਸੌਦਾਗਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ...

ਪੰਜਾਬ ਪੁਲਿਸ ਨਸ਼ਿਆਂ ਦੇ ਸੌਦਾਗਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਚਨਬੱਧ: ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ

ਪਟਿਆਲਾ, 21 ਅਕਤੂਬਰ: ਪਟਿਆਲਾ ਜ਼ਿਲ੍ਹਾ ਪੁਲਿਸ ਨੇ ਪੁਲਿਸ ਸ਼ਹੀਦੀ ਦਿਵਸ ਮੌਕੇ ਪੁਲਿਸ ਲਾਈਨ ਸਥਿਤ ਸ਼ਹੀਦੀ ਸਮਾਰਕ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਦੀ ਅਗਵਾਈ ਹੇਠ ਸ਼ਹੀਦ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪੁਲਿਸ ਸ਼ਹੀਦੀ ਯਾਦਗਾਰੀ ਸਮਾਗਮ ਦੌਰਾਨ ਡੀ.ਆਈ.ਜੀ. ਪਟਿਆਲਾ ਰੇਂਜ ਕੁਲਦੀਪ ਸਿੰਘ ਚਹਿਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਅੱਜ ਅਸੀਂ ਉਨ੍ਹਾਂ ਬਹਾਦਰ ਪੁਲਿਸ ਜਵਾਨਾਂ ਨੂੰ ਨਮਨ ਕਰਦੇ ਹਾਂ, ਜਿਨ੍ਹਾਂ ਨੇ ਦੇਸ਼ ਦੀ ਸੁਰੱਖਿਆ, ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨਸ਼ਿਆਂ ਦੇ ਸੌਦਾਗਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਵਧੀਕ ਸੈਸ਼ਨ ਜੱਜ ਅਮਰੀਸ਼ ਕੁਮਾਰ ਵੀ ਮੌਜੂਦ ਸਨ।

ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ ਨੇ ਪੁਲਿਸ ਦੇ ਅਮਰ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਹਮੇਸ਼ਾ ਪੁਲਿਸ ਫੋਰਸ ਲਈ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ। ਉਨ੍ਹਾਂ ਕਿਹਾ ਕਿ 21 ਅਕਤੂਬਰ ਦਾ ਦਿਨ ਭਾਰਤ ਦੇ ਪੁਲਿਸ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਸ ਦਿਨ ਸਾਲ 1959 ਵਿੱਚ ਲੱਦਾਖ ਦੇ ਹੌਟ ਸਪ੍ਰਿੰਗਜ਼ ਖੇਤਰ ਵਿੱਚ ਚੀਨੀ ਫ਼ੌਜ ਦੇ ਹਮਲੇ ਦੌਰਾਨ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਯਾਦ ਵਿੱਚ ਪੁਲਿਸ ਸ਼ਹੀਦੀ ਦਿਵਸ ਮਨਾਇਆ ਜਾਂਦਾ ਹੈ।

ਡੀ.ਆਈ.ਜੀ. ਚਹਿਲ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚ ਅਮਨ-ਸ਼ਾਂਤੀ ਦੀ ਬਹਾਲੀ ਲਈ ਅੱਤਵਾਦ ਦੇ ਕਾਲੇ ਦੌਰ ਦੌਰਾਨ ਸਮਾਜ ਵਿਰੋਧੀ ਅਨਸਰਾਂ ਨਾਲ ਲੜਦਿਆਂ 1,784 ਜਵਾਨਾਂ ਦੀਆਂ ਸ਼ਹਾਦਤਾਂ ਦਿੱਤੀਆਂ। ਇਨ੍ਹਾਂ ਵਿੱਚ ਪਟਿਆਲਾ ਰੇਂਜ ਦੇ 157 ਸ਼ਹੀਦ ਸ਼ਾਮਲ ਹਨ, ਜਦਕਿ ਇਕੱਲੇ ਪਟਿਆਲਾ ਜ਼ਿਲ੍ਹਾ ਪੁਲਿਸ ਦੇ 66 ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੇਸ਼ ਅਤੇ ਸਮਾਜ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ। ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਪੁਲਿਸ ਦੇ ਜਵਾਨ ਹਰ ਹਾਲਾਤ ਵਿੱਚ ਆਪਣੇ ਫ਼ਰਜ਼ਾਂ ਦੀ ਪਾਲਣਾ ਕਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹਨ।

ਇਸ ਮੌਕੇ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਦੇ ਹਰ ਦੁੱਖ-ਸੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਜ਼ਿਲ੍ਹੇ ਵਿੱਚੋਂ ਨਸ਼ਿਆਂ ਅਤੇ ਅਪਰਾਧਾਂ ਦੇ ਖ਼ਾਤਮੇ, ਅਮਨ-ਸ਼ਾਂਤੀ ਕਾਇਮ ਰੱਖਣ ਅਤੇ ਆਮ ਨਾਗਰਿਕਾਂ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸਮਾਗਮ ਦੌਰਾਨ ਸ਼ਹੀਦੀ ਸਮਾਰਕ ’ਤੇ ਰੀਥਾਂ ਰੱਖ ਕੇ ਅਤੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੀਆਂ ਤਸਵੀਰਾਂ ਅੱਗੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ। ਪਰੇਡ ਕਮਾਂਡਰ ਡੀ.ਐਸ.ਪੀ. ਫ਼ਤਿਹ ਸਿੰਘ ਬਰਾੜ ਦੀ ਅਗਵਾਈ ਹੇਠ ਪੁਲਿਸ ਟੁਕੜੀ ਨੇ ਸ਼ੋਕ ਸਲਾਮੀ ਦਿੱਤੀ ਅਤੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਇਸ ਦੌਰਾਨ ਡੀਐਸਪੀ ਬਨੂੜ ਸੁਖਦੇਵ ਸਿੰਘ ਨੇ ਪਿਛਲੇ ਇੱਕ ਸਾਲ ਦੌਰਾਨ ਦੇਸ਼ ਭਰ ਵਿੱਚ ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਦੇ ਨਾਂ ਪੜ੍ਹ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਡੀਆਈਜੀ ਕੁਲਦੀਪ ਸਿੰਘ ਚਹਿਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਤੁਰੰਤ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਦੇ ਸਹਿਯੋਗ ਨਾਲ ਲਗਾਏ ਗਏ ਖ਼ੂਨਦਾਨ ਕੈਂਪ ਅਤੇ ਅੱਖਾਂ ਤੇ ਦੰਦਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਵੀ ਕੀਤਾ।

ਸਮਾਗਮ ਵਿੱਚ ਸਿਵਲ ਜੱਜ ਰਵਿੰਦਰ ਸਿੰਘ ਰਾਣਾ, ਸਾਬਕਾ ਆਈ.ਜੀ ਅਮਰ ਸਿੰਘ ਚਹਿਲ, ਐਸ.ਪੀ ਮੋਹਿਤ ਅਗਰਵਾਲ, ਰਾਜੇਸ਼ ਛਿੱਬੜ ਅਤੇ ਅਸ਼ੋਕ ਕੁਮਾਰ ਸਮੇਤ ਸਾਬਕਾ ਪੁਲਿਸ ਅਧਿਕਾਰੀ ਮਨਜੀਤ ਸਿੰਘ ਬਰਾੜ, ਸੁਖਦੇਵ ਸਿੰਘ ਵਿਰਕ, ਚੰਦ ਸਿੰਘ ਅਤੇ ਨਾਹਰ ਸਿੰਘ ਹਾਜ਼ਰ ਸਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਭੁਪਿੰਦਰ ਸਿੰਘ, ਹੋਰ ਪੁਲਿਸ ਅਧਿਕਾਰੀਆਂ, ਕਰਮਚਾਰੀਆਂ ਅਤੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments