ਪਟਨਾ: ਬਿਹਾਰ ਦੇ ਪਟਨਾ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਦੁਰਗਾ ਮੰਦਰ ਦੇ ਕੰਪਲੈਕਸ ਵਿੱਚ 20 ਸਾਲਾ ਨੌਜਵਾਨ ਵੱਲੋਂ ਆਪਣੇ 18 ਮਹੀਨਿਆਂ ਦੇ ਛੋਟੇ ਭਰਾ ਦਾ ਕਥਿਤ ਤੌਰ ’ਤੇ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਇਹ ਘਟਨਾ ਪਾਲੀਗੰਜ ਖੇਤਰ ਦੇ ਰਾਣੀ ਤਲਾਬ ਥਾਣੇ ਅਧੀਨ ਆਉਂਦੇ ਪਿੰਡ ਜੀਤਨ ਛਪਰਾ ਵਿੱਚ ਵਾਪਰੀ।
ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੀ ਪੁਲਿਸ
ਜਾਂਚ ਕਰ ਰਹੇ ਪੁਲਿਸ ਅਧਿਕਾਰੀ ਪੰਕਜ ਕੁਮਾਰ ਸ਼ਰਮਾ ਮੁਤਾਬਕ, ਅਜੀਤ ਨਾਮ ਦੇ ਨੌਜਵਾਨ ’ਤੇ ਆਪਣੇ ਨਿੱਕੇ ਭਰਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਦੋਸ਼ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਤੁਰੰਤ ਮੰਦਰ ਕੰਪਲੈਕਸ ਪਹੁੰਚੀ ਅਤੇ ਮੁਲਜ਼ਮ ਨੂੰ ਕਾਬੂ ਕਰ ਲਿਆ। ਬੱਚੇ ਦੀ ਲਾਸ਼ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕਤਲ ਦੇ ਕਾਰਨਾਂ ਦੀ ਜਾਂਚ ਜਾਰੀ
ਪੁਲਿਸ ਅਨੁਸਾਰ, ਅਜੇ ਤੱਕ ਕਤਲ ਦੇ ਪਿੱਛੇ ਦਾ ਅਸਲ ਕਾਰਨ ਸਪੱਸ਼ਟ ਨਹੀਂ ਹੋ ਸਕਿਆ। ਜਾਂਚ ਦੌਰਾਨ ਇਹ ਖ਼ਦਸ਼ਾ ਵੀ ਜਤਾਇਆ ਜਾ ਰਿਹਾ ਹੈ ਕਿ ਘਟਨਾ ਕਿਸੇ ਧਾਰਮਿਕ ਰਸਮ ਨਾਲ ਜੁੜੀ ਹੋ ਸਕਦੀ ਹੈ, ਪਰ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਵੱਲੋਂ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।










