Homeਪੰਜਾਬਮੋਗਾ ’ਚ ਦੋਹਰਾ ਕਤਲਕਾਂਡ: DGP ਨੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ

ਮੋਗਾ ’ਚ ਦੋਹਰਾ ਕਤਲਕਾਂਡ: DGP ਨੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ

ਮੋਗਾ: ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਹੋਏ ਗੋਲੀਕਾਂਡ ਤੋਂ ਬਾਅਦ ਪੰਜਾਬ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਘਟਨਾ ਸਥਾਨ ’ਤੇ ਪਹੁੰਚੇ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮਾਮਲੇ ਦੀ ਜਾਂਚ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਗੋਲੀਬਾਰੀ ਵਿੱਚ ਜਾਨ ਗੁਆਉਣ ਵਾਲੇ ਦੋਵੇਂ ਨੌਜਵਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ।

ਇਸ ਵਾਰਦਾਤ ਵਿੱਚ ਸਾਹਿਲ ਜਿੰਦਲ ਅਤੇ ਗਗਨਦੀਪ ਸਿੰਘ ਦੀ ਮੌਤ ਹੋ ਗਈ ਸੀ, ਜਦਕਿ ਤਿੰਨ ਹੋਰ ਵਿਅਕਤੀ ਜ਼ਖ਼ਮੀ ਹੋਏ ਸਨ। ਜ਼ਖ਼ਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਹੁਣ ਤੱਕ ਪੰਜ ਮੁਲਜ਼ਮ ਗ੍ਰਿਫ਼ਤਾਰ

ਡੀਜੀਪੀ ਗੌਰਵ ਯਾਦਵ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਮਾਮਲੇ ਵਿੱਚ ਹੁਣ ਤੱਕ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪੁਨੀਤ ਗਾਬਾ, ਕਿਰਨਪਾਲ ਸਿੰਘ, ਬਲਵਿੰਦਰ ਸਿੰਘ, ਬਲਜੀਤ ਕੌਰ ਅਤੇ ਜੀਵਨ ਸਿੰਘ ਵਜੋਂ ਦੱਸੀ ਗਈ ਹੈ।

ਇਸ ਸਬੰਧੀ ਥਾਣਾ ਸਿਟੀ ਸਾਊਥ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਵਿਗਿਆਨਕ ਅਤੇ ਪੇਸ਼ੇਵਰ ਢੰਗ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਵਾਰਦਾਤ ਵਿੱਚ ਵਰਤੀ ਗਈ ਕਾਲੇ ਰੰਗ ਦੀ ਸਕਾਰਪੀਓ ਗੱਡੀ ਬਾਰੇ ਵੀ ਪੜਤਾਲ ਕੀਤੀ ਜਾ ਰਹੀ ਹੈ।

ਕਾਲੀ ਸਕਾਰਪੀਓ ਵਿੱਚ ਆਏ ਹਮਲਾਵਰਾਂ ਨੇ ਚਲਾਈਆਂ ਗੋਲੀਆਂ

ਮੁੱਢਲੀ ਜਾਣਕਾਰੀ ਅਨੁਸਾਰ, ਸਾਹਿਲ ਜਿੰਦਲ ਆਪਣੇ ਕੁਝ ਸਾਥੀਆਂ ਨਾਲ ਘਰ ਦੇ ਬਾਹਰ ਮੌਜੂਦ ਸੀ। ਇਸੇ ਦੌਰਾਨ ਕਾਲੇ ਰੰਗ ਦੀ ਸਕਾਰਪੀਓ ਵਿੱਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ।

ਇਸ ਗੋਲੀਬਾਰੀ ਵਿੱਚ ਪੰਜ ਵਿਅਕਤੀ ਜ਼ਖ਼ਮੀ ਹੋਏ ਸਨ, ਜਿਨ੍ਹਾਂ ਵਿੱਚੋਂ ਦੋ ਦੀ ਮੌਤ ਹੋ ਗਈ। ਮੁੱਢਲੀ ਜਾਂਚ ਦੌਰਾਨ ਵਾਰਦਾਤ ਪਿੱਛੇ ਪੁਰਾਣੀ ਰੰਜਿਸ਼ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਗੋਲੀਬਾਰੀ ਦੇ ਅਸਲ ਕਾਰਨਾਂ ਬਾਰੇ ਪੁਲਿਸ ਦੀ ਜਾਂਚ ਅਜੇ ਜਾਰੀ ਹੈ।

ਮੁਲਜ਼ਮਾਂ ਦੀ ਮਦਦ ਕਰਨ ਵਾਲਿਆਂ ਖ਼ਿਲਾਫ਼ ਵੀ ਹੋਵੇਗੀ ਕਾਰਵਾਈ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਨੇ ਮੁਲਜ਼ਮਾਂ ਨੂੰ ਪਨਾਹ ਦਿੱਤੀ, ਹਥਿਆਰ ਮੁਹੱਈਆ ਕਰਵਾਏ ਜਾਂ ਵਾਰਦਾਤ ਵਿੱਚ ਕਿਸੇ ਹੋਰ ਤਰੀਕੇ ਨਾਲ ਮਦਦ ਕੀਤੀ, ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿਧਾਇਕ ਅਮਰਦੀਪ ਕੌਰ ਅਰੋੜਾ ਨੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

ਮੋਗਾ ਤੋਂ ਵਿਧਾਇਕ ਡਾ. ਅਮਰਦੀਪ ਕੌਰ ਅਰੋੜਾ ਨੇ ਵੀ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਪ੍ਰਗਟਾਇਆ। ਉਨ੍ਹਾਂ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ। ਫਿਲਹਾਲ ਪੁਲਿਸ ਵੱਲੋਂ ਗੋਲੀਬਾਰੀ ਵਿੱਚ ਵਰਤੀ ਗਈ ਗੱਡੀ ਦਾ ਪਤਾ ਲਗਾਉਣ ਅਤੇ ਵਾਰਦਾਤ ਪਿੱਛੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments