ਬਰਨਾਲਾ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂ ਪੁਲਿਸ ਨੇ ਬਰਨਾਲਾ-ਮੋਗਾ ਹਾਈਵੇਅ ‘ਤੇ ਇੱਕ ਟਰੱਕ ਦੀ ਤਲਾਸ਼ੀ ਦੌਰਾਨ 20 ਕਿਲੋ ਅਫੀਮ ਬਰਾਮਦ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਮੰਗਲ ਰਾਮ ਪੁੱਤਰ ਸਵਰਨ ਰਾਮ, ਵਾਸੀ ਨਿਹਾਲ, ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਪੁਲਿਸ ਮੁਤਾਬਕ ਮੁਲਜ਼ਮ ਰਾਜਸਥਾਨ ਤੋਂ ਅਫੀਮ ਲਿਆ ਕੇ ਜਲੰਧਰ ਸਮੇਤ ਵੱਖ-ਵੱਖ ਸ਼ਹਿਰਾਂ ਵਿੱਚ ਸਪਲਾਈ ਕਰਦਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਐੱਚ. ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ 31 ਅਕਤੂਬਰ 2026 ਨੂੰ ਪੁਲਿਸ ਦੇ ਇੱਕ ਇੰਸਪੈਕਟਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੰਗਲ ਰਾਮ ਨਾਮ ਦਾ ਵਿਅਕਤੀ ਟਰੱਕ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਾ ਹੈ। ਇਸ ਸੂਚਨਾ ਦੇ ਆਧਾਰ ‘ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਐੱਫ.ਆਈ.ਆਰ. ਨੰਬਰ 547 ਦਰਜ ਕੀਤੀ ਗਈ। ਇਸ ਤੋਂ ਬਾਅਦ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਸੀ.ਆਈ.ਏ. ਇੰਚਾਰਜ ਨਾਇਬ ਸਿੰਘ ਦੀ ਅਗਵਾਈ ਹੇਠ ਟੀਮ ਨੇ ਬਰਨਾਲਾ-ਮੋਗਾ ਹਾਈਵੇਅ ‘ਤੇ ਰਾਜਸਥਾਨ ਨੰਬਰ ਵਾਲੇ ਟਾਟਾ ਟਰੱਕ (RJ 31 GB 4704) ਨੂੰ ਰੋਕ ਕੇ ਜਾਂਚ ਕੀਤੀ। ਡੀ.ਐੱਸ.ਪੀ. ਦੀ ਮੌਜੂਦਗੀ ਵਿੱਚ ਟਰੱਕ ਦੇ ਕੈਬਿਨ ਦੀ ਤਲਾਸ਼ੀ ਲਈ ਗਈ, ਜਿਸ ਦੌਰਾਨ 20 ਕਿਲੋ ਅਫੀਮ ਬਰਾਮਦ ਹੋਈ।
ਐੱਸ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਜੰਮੂ-ਕਸ਼ਮੀਰ ਵਿੱਚ ਵੀ ਵਪਾਰਕ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮਾਮਲਾ ਦਰਜ ਹੋ ਚੁੱਕਾ ਹੈ। ਉਹ ਹਾਲ ਹੀ ਵਿੱਚ ਉਸ ਮਾਮਲੇ ਵਿੱਚੋਂ ਬਾਹਰ ਆਇਆ ਸੀ। ਪੁਲਿਸ ਮੁਤਾਬਕ ਮੁਲਜ਼ਮ ਕਾਫ਼ੀ ਸਮੇਂ ਤੋਂ ਇਸ ਧੰਦੇ ਨਾਲ ਜੁੜਿਆ ਹੋਇਆ ਸੀ।
ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮੁਲਜ਼ਮ ਦੇ ਅੱਗੇ ਅਤੇ ਪਿੱਛੇ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਅਫੀਮ ਕਿੱਥੋਂ ਲਿਆਉਂਦਾ ਸੀ, ਕਿਸ ਨੂੰ ਸਪਲਾਈ ਕਰਨੀ ਸੀ ਅਤੇ ਇਸ ਤਸਕਰੀ ਵਿੱਚ ਹੋਰ ਕਿਹੜੇ-ਕਿਹੜੇ ਵਿਅਕਤੀ ਸ਼ਾਮਲ ਹਨ।
ਪੁਲਿਸ ਵੱਲੋਂ ਟਰੱਕ ਦੀ ਮਾਲਕੀ ਅਤੇ ਇਸ ਨਾਲ ਜੁੜੇ ਹੋਰ ਸੰਭਾਵਿਤ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਐੱਸ.ਪੀ. ਨੇ ਕਿਹਾ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਅਤੇ ਪੈਸਿਆਂ ਦੇ ਲੈਣ-ਦੇਣ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਸਕੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਫਿਲਹਾਲ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਬਾਕੀ ਜਾਂਚ ਜਾਰੀ ਹੈ।










