ਲੁਧਿਆਣਾ: ਲੁਧਿਆਣਾ ਤੋਂ ਹਾਲ ਹੀ ਵਿੱਚ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੇ ਅੱਜ ਇੱਕ ਸ਼ਾਨਦਾਰ ਸਮਾਰੋਹ ਵਿੱਚ ਪੰਜਾਬ ਵਿਧਾਨ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਦੀ ਪ੍ਰਧਾਨਗੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਾਵਾ ਨੇ ਕੀਤੀ, ਜਿਨ੍ਹਾਂ ਨੇ ਸੰਜੀਵ ਅਰੋੜਾ ਨੂੰ ਰਸਮੀ ਤੌਰ ‘ਤੇ ਵਿਧਾਇਕ ਦੀ ਸਹੁੰ ਚੁਕਾਈ।
ਅੱਜ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਰਸਮੀ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿੱਥੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਜੀਵ ਅਰੋੜਾ ਨੂੰ ਵਿਧਾਇਕ ਦੀ ਸਹੁੰ ਚੁਕਾਈ। ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਜਿਨ੍ਹਾਂ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਸਰਕਾਰ ਦੇ ਸੀਨੀਅਰ ਮੰਤਰੀ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਇਸ ਮੌਕੇ ਮੌਜੂਦ ਸਨ। ਪ੍ਰੋਗਰਾਮ ਵਿੱਚ ਵਿਧਾਇਕ ਸੰਜੀਵ ਅਰੋੜਾ ਦੇ ਸਮਰਥਕਾਂ ਅਤੇ ਸਥਾਨਕ ਨਾਗਰਿਕਾਂ ਦੀ ਵੀ ਸ਼ਮੂਲੀਅਤ ਦੇਖਣ ਨੂੰ ਮਿਲੀ, ਜਿਸ ਕਾਰਨ ਮਾਹੌਲ ਉਤਸ਼ਾਹੀ ਬਣਿਆ ਰਿਹਾ।












