ਗੁਰਦਾਸਪੁਰ: ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਿੱਚ ਹੜਕੰਪ ਮਚ ਗਿਆ। ਦਫ਼ਤਰ ਦੀ ਸਰਕਾਰੀ ਈਮੇਲ ਆਈਡੀ ’ਤੇ ਧਮਕੀ ਭਰਿਆ ਸੁਨੇਹਾ ਮਿਲਣ ਮਗਰੋਂ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਪੂਰੇ DC ਕੰਪਲੈਕਸ ਦੀ ਜਾਂਚ ਸ਼ੁਰੂ ਕਰ ਦਿੱਤੀ। ਸੁਰੱਖਿਆ ਦੇ ਮੱਦੇਨਜ਼ਰ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ।
ਧਮਕੀ ਦੀ ਸੂਚਨਾ ਮਿਲਦੇ ਹੀ ਐੱਸਐੱਸਪੀ ਆਦਿਤਿਆ ਦੇ ਨਿਰਦੇਸ਼ਾਂ ’ਤੇ ਵੱਖ-ਵੱਖ ਪੁਲਿਸ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਸੁਰੱਖਿਆ ਜਾਂਚ ਲਈ ਸਾਬੋਟੇਜ ਵਿਰੋਧੀ ਟੀਮ, ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਨੂੰ ਵੀ ਬੁਲਾਇਆ ਗਿਆ।
ਪੁਲਿਸ ਨੇ ਸਾਵਧਾਨੀ ਵਜੋਂ ਪੂਰੇ ਡਿਪਟੀ ਕਮਿਸ਼ਨਰ ਕੰਪਲੈਕਸ ਨੂੰ ਖਾਲੀ ਕਰਵਾਇਆ ਅਤੇ ਇਮਾਰਤ ਦੇ ਹਰ ਹਿੱਸੇ ਦੀ ਬਾਰੀਕੀ ਨਾਲ ਤਲਾਸ਼ੀ ਲਈ। ਜਾਂਚ ਦੌਰਾਨ ਕੋਈ ਵੀ ਸ਼ੱਕੀ ਜਾਂ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ।
ਐੱਸ.ਐੱਸ.ਪੀ ਆਦਿਤਿਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਦਫ਼ਤਰ ਦੀ ਸਰਕਾਰੀ ਈਮੇਲ ’ਤੇ ਬੰਬ ਧਮਾਕੇ ਦੀ ਧਮਕੀ ਮਿਲੀ ਸੀ। ਇਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਤੁਰੰਤ ਜਾਂਚ ਮੁਹਿੰਮ ਚਲਾਈ।
ਉਨ੍ਹਾਂ ਦੱਸਿਆ ਕਿ ਫਿਲਹਾਲ ਤਲਾਸ਼ੀ ਦੌਰਾਨ ਕੋਈ ਸ਼ੱਕੀ ਸਮੱਗਰੀ ਨਹੀਂ ਮਿਲੀ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਧਮਕੀ ਭਰੀ ਈਮੇਲ ਕਿੱਥੋਂ ਭੇਜੀ ਗਈ ਅਤੇ ਇਸ ਦੇ ਪਿੱਛੇ ਕੌਣ ਹੈ। ਮਾਮਲੇ ਦੀ ਜਾਂਚ ਜਾਰੀ ਹੈ।










