ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਰਾਹਤ ਦਿੰਦਿਆਂ ਮਹਿੰਗਾਈ ਭੱਤੇ (ਡੀਏ) ਵਿੱਚ 3 ਫ਼ੀਸਦੀ ਵਾਧੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਇਸ ਫੈਸਲੇ ਦਾ ਐਲਾਨ ਕੀਤਾ। ਸਰਕਾਰ ਦੇ ਇਸ ਫੈਸਲੇ ਨਾਲ ਕਰੀਬ 8 ਲੱਖ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲੇਗਾ।
ਮੁੱਖ ਮੰਤਰੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਵਧਿਆ ਹੋਇਆ ਡੀਏ ਦਸੰਬਰ ਮਹੀਨੇ ਦੀ ਤਨਖਾਹ ਤੋਂ ਲਾਗੂ ਹੋਵੇਗਾ। ਇਸ ਵਾਧੇ ਤੋਂ ਬਾਅਦ ਕੁੱਲ ਮਹਿੰਗਾਈ ਭੱਤਾ 53 ਫ਼ੀਸਦੀ ਹੋ ਜਾਵੇਗਾ।
ਇਸ ਵਾਧੇ ਨਾਲ ਮੁਲਾਜ਼ਮਾਂ ਦੀ ਤਨਖਾਹ ਵਿੱਚ ਹੋਣ ਵਾਲੇ ਵਾਧੇ ਦੀ ਉਦਾਹਰਨ ਦਿੰਦਿਆਂ ਦੱਸਿਆ ਗਿਆ ਹੈ ਕਿ ਜੇਕਰ ਕਿਸੇ ਕਰਮਚਾਰੀ ਦੀ ਮੂਲ ਤਨਖਾਹ 40 ਹਜ਼ਾਰ ਰੁਪਏ ਹੈ ਤਾਂ ਉਸ ਨੂੰ 3 ਫ਼ੀਸਦੀ ਵਾਧੇ ਨਾਲ ਹਰ ਮਹੀਨੇ 1,200 ਰੁਪਏ ਵਾਧੂ ਮਿਲਣਗੇ। ਇਸ ਤਰ੍ਹਾਂ ਕਰਮਚਾਰੀਆਂ ਦੀ ਮਹੀਨਾਵਾਰ ਆਮਦਨ ਵਿੱਚ ਵਾਧਾ ਹੋਵੇਗਾ।
ਸਰਕਾਰ ਦੇ ਇਸ ਐਲਾਨ ਨਾਲ ਮੁਲਾਜ਼ਮ ਜਥੇਬੰਦੀਆਂ ਅਤੇ ਪੈਨਸ਼ਨਰਾਂ ਵਿੱਚ ਚਰਚਾ ਸ਼ੁਰੂ ਹੋ ਗਈ ਹੈ। ਡੀਏ ਵਿੱਚ ਵਾਧਾ ਮਹਿੰਗਾਈ ਦੇ ਪ੍ਰਭਾਵ ਨੂੰ ਘਟਾਉਣ ਲਈ ਮੁਲਾਜ਼ਮਾਂ ਨੂੰ ਦਿੱਤਾ ਜਾਣ ਵਾਲਾ ਭੱਤਾ ਹੈ। ਇਸ ਫੈਸਲੇ ਨਾਲ ਸੂਬੇ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਰਥਿਕ ਲਾਭ ਮਿਲਣ ਦੀ ਉਮੀਦ ਹੈ।










