ਲੁਧਿਆਣਾ: ਲੁਧਿਆਣਾ ਦੇ ਜਲੰਧਰ ਬਾਈਪਾਸ ਤੋਂ ਅੱਗੇ ਐਲਡੇਕੋ ਨੇੜੇ ਹਾਈਵੇਅ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਸੜਕ ਤੋਂ ਮ੍ਰਿਤਕ ਦੀ ਲਾਸ਼ ਅਤੇ ਮੋਟਰਸਾਈਕਲ ਨੂੰ ਹਟਾ ਕੇ ਆਵਾਜਾਈ ਮੁੜ ਚਾਲੂ ਕਰਵਾਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਐਲਡੇਕੋ ਪੁਲਿਸ ਚੌਕੀ ਦੇ ਇੰਚਾਰਜ ਮੇਜਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੋਲੋਂ ਕੋਈ ਮੋਬਾਈਲ ਫ਼ੋਨ ਜਾਂ ਪਛਾਣ ਪੱਤਰ ਬਰਾਮਦ ਨਹੀਂ ਹੋਇਆ। ਮੁੱਢਲੀ ਜਾਂਚ ਦੌਰਾਨ ਉਸ ਦੇ ਸਰੀਰ ਨਾਲ ਪਿਸ਼ਾਬ ਇਕੱਠਾ ਕਰਨ ਵਾਲਾ ਬੈਗ ਲੱਗਿਆ ਮਿਲਿਆ ਹੈ, ਜਿਸ ਕਾਰਨ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਹ ਕਿਸੇ ਬਿਮਾਰੀ ਤੋਂ ਪੀੜਤ ਹੋ ਸਕਦਾ ਸੀ।
ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਪੁਲਿਸ ਵੱਲੋਂ ਉਸ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਛਾਣ ਹੋਣ ਤੋਂ ਬਾਅਦ ਹੀ ਮ੍ਰਿਤਕ ਬਾਰੇ ਹੋਰ ਜਾਣਕਾਰੀ ਸਾਹਮਣੇ ਆ ਸਕੇਗੀ।










