ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਨ ਦੀ ਤਿਆਰੀ ਕਰ ਲਈ ਹੈ। ਪਾਰਟੀ 26 ਨਵੰਬਰ ਨੂੰ ਮੋਗਾ ਵਿਖੇ ਵੱਡੀ ਰੈਲੀ ਕਰਕੇ ਚੋਣ ਮੁਹਿੰਮ ਦਾ ਰਸਮੀ ਆਗਾਜ਼ ਕਰੇਗੀ। ਪਾਰਟੀ ਦੇ 14ਵੇਂ ਸਥਾਪਨਾ ਦਿਵਸ ਅਤੇ ਸੰਵਿਧਾਨ ਦਿਵਸ ਮੌਕੇ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕੋ ਮੰਚ ‘ਤੇ ਨਜ਼ਰ ਆਉਣਗੇ।
ਇਸ ਰੈਲੀ ਦੌਰਾਨ ਪਾਰਟੀ ਵੱਲੋਂ ਪੰਜਾਬ ਲਈ ਅਗਲੇ ਪੰਜ ਸਾਲਾਂ ਦਾ ਆਪਣਾ ਵਿਜ਼ਨ ਅਤੇ ਚੋਣ ਰਣਨੀਤੀ ਲੋਕਾਂ ਸਾਹਮਣੇ ਰੱਖੇ ਜਾਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਈ ਅਹਿਮ ਚੋਣ ਐਲਾਨ ਵੀ ਕੀਤੇ ਜਾ ਸਕਦੇ ਹਨ।
71 ਉਮੀਦਵਾਰਾਂ ਦਾ ਐਲਾਨ, ਨਵੀਂ ਸੂਚੀ ਵੀ ਆ ਸਕਦੀ ਹੈ
ਆਮ ਆਦਮੀ ਪਾਰਟੀ ਹੁਣ ਤੱਕ ਵਿਧਾਨ ਸਭਾ ਚੋਣਾਂ ਲਈ 71 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਚੁੱਕੀ ਹੈ। ਚਰਚਾ ਹੈ ਕਿ 26 ਨਵੰਬਰ ਦੀ ਰੈਲੀ ਤੋਂ ਪਹਿਲਾਂ ਪਾਰਟੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਸਕਦੀ ਹੈ। ਇਸ ਕਰਕੇ ਮੋਗਾ ਵਿੱਚ ਹੋਣ ਵਾਲੇ ਸਮਾਗਮ ਨੂੰ ਸਿਰਫ਼ ਸਥਾਪਨਾ ਦਿਵਸ ਤੱਕ ਸੀਮਤ ਨਹੀਂ ਦੇਖਿਆ ਜਾ ਰਿਹਾ, ਸਗੋਂ ਇਸ ਨੂੰ 2027 ਦੀਆਂ ਚੋਣਾਂ ਲਈ ਪਾਰਟੀ ਦੀ ਮੁਹਿੰਮ ਦੀ ਸ਼ੁਰੂਆਤ ਮੰਨਿਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਸੀਨੀਅਰ ਆਗੂਆਂ, ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਹੋਣ ਦੀ ਉਮੀਦ ਹੈ।
ਪੰਜਾਬ ਦੀ ਸਿਆਸਤ ਵਿੱਚ ਮੁੜ ਸਰਗਰਮ ਹੋਣਗੇ ਕੇਜਰੀਵਾਲ
ਮੋਗਾ ਰੈਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਸ਼ਮੂਲੀਅਤ ਨੂੰ ਸਿਆਸੀ ਤੌਰ ‘ਤੇ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਪਿਛਲੇ ਕੁਝ ਸਮੇਂ ਦੌਰਾਨ ਪੰਜਾਬ ਵਿੱਚ ਪਾਰਟੀ ਦੀਆਂ ਸਰਗਰਮੀਆਂ ਦੀ ਅਗਵਾਈ ਮੁੱਖ ਤੌਰ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਦੇ ਹੋਰ ਸੀਨੀਅਰ ਆਗੂ ਕਰਦੇ ਰਹੇ ਹਨ।
ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਲਗਾਤਾਰ ਪਾਰਟੀ ਦਾ ਸਿਆਸੀ ਪੱਖ ਲੋਕਾਂ ਤੱਕ ਪਹੁੰਚਾ ਰਹੇ ਹਨ। ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਹੈ। ਅਜਿਹੇ ਵਿੱਚ ਕੇਜਰੀਵਾਲ ਦੀ ਮੋਗਾ ਰੈਲੀ ਵਿੱਚ ਮੌਜੂਦਗੀ ਇਹ ਸੰਕੇਤ ਦੇਵੇਗੀ ਕਿ ਪੰਜਾਬ ਦੀਆਂ ਚੋਣਾਂ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਲਈ ਵੀ ਵੱਡੀ ਤਰਜੀਹ ਹਨ।
ਮਹਿਲਾਵਾਂ ਅਤੇ ਨੌਜਵਾਨਾਂ ‘ਤੇ ਰਹੇਗਾ ਖ਼ਾਸ ਧਿਆਨ
ਰੈਲੀ ਦੌਰਾਨ ‘ਆਪ’ ਸਰਕਾਰ ਆਪਣੇ ਲਗਭਗ 56 ਮਹੀਨਿਆਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਵੀ ਪੇਸ਼ ਕਰ ਸਕਦੀ ਹੈ। ਪਾਰਟੀ ਦੀ ਰਣਨੀਤੀ ਵਿੱਚ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਖ਼ਾਸ ਮਹੱਤਵ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਵੀ ਕੋਈ ਵੱਡਾ ਐਲਾਨ ਹੋਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਨੂੰ ਵੀ ਚੋਣ ਮੁਹਿੰਮ ਦਾ ਅਹਿਮ ਹਿੱਸਾ ਬਣਾਇਆ ਜਾ ਸਕਦਾ ਹੈ।
ਪਾਰਟੀ ਵੱਲੋਂ ਨਹਿਰੀ ਸਿੰਜਾਈ ਦਾ ਘੇਰਾ ਵਧਾਉਣ, ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਅਤੇ 300 ਯੂਨਿਟ ਮੁਫ਼ਤ ਬਿਜਲੀ ਵਰਗੀਆਂ ਸਹੂਲਤਾਂ ਨੂੰ ਆਪਣੀਆਂ ਪ੍ਰਾਪਤੀਆਂ ਵਜੋਂ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਸਿਹਤ ਖੇਤਰ ਵਿੱਚ ਆਮ ਆਦਮੀ ਕਲੀਨਿਕਾਂ, ਸਰਕਾਰੀ ਹਸਪਤਾਲਾਂ ਦੇ ਸੁਧਾਰ, ਮੁਫ਼ਤ ਦਵਾਈਆਂ ਅਤੇ ਜਾਂਚ ਸਹੂਲਤਾਂ ਦੇ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਦਾ ਵੀ ਜ਼ਿਕਰ ਕੀਤਾ ਜਾ ਸਕਦਾ ਹੈ।
ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਕੀਤੇ ਸੁਧਾਰ ਅਤੇ ਰੁਜ਼ਗਾਰ ਸਿਰਜਣ ਦੇ ਮੁੱਦੇ ਵੀ ਪਾਰਟੀ ਦੇ ਚੋਣ ਏਜੰਡੇ ਵਿੱਚ ਸ਼ਾਮਲ ਰਹਿਣ ਦੀ ਸੰਭਾਵਨਾ ਹੈ।
ਮੋਗਾ ਦਾ ਸਿਆਸੀ ਇਤਿਹਾਸ ਵੀ ਦਿਲਚਸਪ
ਪੰਜਾਬ ਦੀ ਸਿਆਸਤ ਵਿੱਚ ਮੋਗਾ ਨੂੰ ਵੱਡੀਆਂ ਚੋਣ ਰੈਲੀਆਂ ਲਈ ਖ਼ਾਸ ਮਹੱਤਵ ਹਾਸਲ ਹੈ। ਸ਼੍ਰੋਮਣੀ ਅਕਾਲੀ ਦਲ ਨੇ 1996, 2006 ਅਤੇ 2011 ਵਿੱਚ ਆਪਣੀਆਂ ਚੋਣ ਮੁਹਿੰਮਾਂ ਦੀ ਸ਼ੁਰੂਆਤ ਮੋਗਾ ਤੋਂ ਕੀਤੀ ਸੀ। ਇਸ ਤੋਂ ਬਾਅਦ ਪਾਰਟੀ ਨੇ ਕ੍ਰਮਵਾਰ 1997, 2007 ਅਤੇ 2012 ਵਿੱਚ ਸੂਬੇ ਦੀ ਸੱਤਾ ਹਾਸਲ ਕੀਤੀ ਸੀ। ਇਸੇ ਕਾਰਨ ਮੋਗਾ ਨੂੰ ਅਕਾਲੀ ਦਲ ਲਈ ਸਿਆਸੀ ਤੌਰ ‘ਤੇ ਅਹਿਮ ਸਥਾਨ ਮੰਨਿਆ ਜਾਂਦਾ ਰਿਹਾ ਹੈ।
ਆਮ ਆਦਮੀ ਪਾਰਟੀ ਵੀ ਪਹਿਲਾਂ ਵੱਡੇ ਸਿਆਸੀ ਸਮਾਗਮਾਂ ਲਈ ਇਸ ਜ਼ਿਲ੍ਹੇ ਨੂੰ ਚੁਣਦੀ ਰਹੀ ਹੈ। ਇਸ ਸਾਲ ਸਤੰਬਰ ਵਿੱਚ ਅਰਵਿੰਦ ਕੇਜਰੀਵਾਲ ਨੇ ਬਾਘਾਪੁਰਾਣਾ ਵਿਖੇ ਰੈਲੀ ਕਰਕੇ ਕਿਸਾਨਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਸੀ। ਹੁਣ 26 ਨਵੰਬਰ ਦੀ ਰੈਲੀ ਰਾਹੀਂ ‘ਆਪ’ ਇੱਕ ਵਾਰ ਫਿਰ ਮੋਗਾ ਤੋਂ ਪੰਜਾਬ ਵਿੱਚ 2027 ਦੀਆਂ ਚੋਣਾਂ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰੇਗੀ।










