ਜਲੰਧਰ: ਪੰਜਾਬ ਦੇ ਲੋਕਾਂ ਲਈ ਰਾਸ਼ਨ ਕਾਰਡਾਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 2 ਵਜੇ ਵਰਚੁਅਲ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਇਸ ਦੌਰਾਨ ਸੂਬੇ ਦੇ 10 ਲੱਖ ਨਵੇਂ ਲਾਭਪਾਤਰੀਆਂ ਨੂੰ ਰਾਸ਼ਨ ਸਕੀਮ ਦੇ ਘੇਰੇ ਵਿੱਚ ਲਿਆਉਣ ਸਬੰਧੀ ਵੱਡੀ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ।
ਜਾਣਕਾਰੀ ਮੁਤਾਬਕ, ਇਸ ਮੁਹਿੰਮ ਤਹਿਤ 7 ਲੱਖ ਨਵੇਂ ਯੋਗ ਪਰਿਵਾਰਾਂ ਨੂੰ ਰਾਸ਼ਨ ਕਾਰਡ ਜਾਰੀ ਕੀਤੇ ਜਾਣਗੇ, ਜਦਕਿ 3 ਲੱਖ ਈ-ਸ਼੍ਰਮ ਕਾਰਡ ਧਾਰਕਾਂ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਯਾਨੀ NFSA ਦੇ ਦਾਇਰੇ ਵਿੱਚ ਸ਼ਾਮਲ ਕਰਨ ਦੀ ਯੋਜਨਾ ਹੈ।
ਦੱਸ ਦੇਈਏ ਕਿ ਨਵੇਂ ਰਾਸ਼ਨ ਕਾਰਡ ਬਣਵਾਉਣ ਅਤੇ ਪਹਿਲਾਂ ਤੋਂ ਬਣੇ ਕਾਰਡਾਂ ਵਿੱਚ ਪਰਿਵਾਰ ਦੇ ਨਵੇਂ ਮੈਂਬਰਾਂ ਦੇ ਨਾਮ ਦਰਜ ਕਰਵਾਉਣ ਲਈ 22 ਜੁਲਾਈ ਤੋਂ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ। ਇਸ ਤੋਂ ਬਾਅਦ ਹੁਣ ਨਵੇਂ ਲਾਭਪਾਤਰੀਆਂ ਨੂੰ ਸਕੀਮ ਨਾਲ ਜੋੜਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਸ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਹਰ ਮਹੀਨੇ 5 ਕਿਲੋ ਕਣਕ ਦਿੱਤੀ ਜਾਣੀ ਹੈ। ਇਸ ਦੇ ਨਾਲ ਹੀ ‘ਮੇਰੀ ਰਸੋਈ ਪੌਸ਼ਟਿਕ ਕਿੱਟ’ ਦੇਣ ਦੀ ਵੀ ਵਿਵਸਥਾ ਹੈ। ਇਸ ਨਾਲ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ।
ਹੁਣ ਸਾਰਿਆਂ ਦੀਆਂ ਨਜ਼ਰਾਂ ਅੱਜ ਦੁਪਹਿਰ 2 ਵਜੇ ਹੋਣ ਵਾਲੀ ਮੁੱਖ ਮੰਤਰੀ ਦੀ ਵਰਚੁਅਲ ਪ੍ਰੈੱਸ ਕਾਨਫਰੰਸ ‘ਤੇ ਟਿਕੀਆਂ ਹੋਈਆਂ ਹਨ। ਇਸ ਦੌਰਾਨ ਰਾਸ਼ਨ ਕਾਰਡ ਜਾਰੀ ਕਰਨ ਦੀ ਪ੍ਰਕਿਰਿਆ ਅਤੇ ਲਾਭਪਾਤਰੀਆਂ ਸਬੰਧੀ ਹੋਰ ਵੇਰਵੇ ਸਾਹਮਣੇ ਆਉਣ ਦੀ ਉਮੀਦ ਹੈ।










