ਟੋਰਾਂਟੋ: ਕੈਨੇਡਾ ਵਿੱਚ ਮਹਿੰਗਾਈ ਅਤੇ ਆਰਥਿਕ ਮੁਸ਼ਕਲਾਂ ਨਾਲ ਜੂਝ ਰਹੇ ਲੋਕਾਂ ਦਾ ਮੁੱਦਾ ਚੁੱਕਦਿਆਂ ਕੰਜ਼ਰਵੇਟਿਵ ਪਾਰਟੀ ਦੇ ਆਗੂ ਪੀਅਰ ਪੋਲੀਐਵ ਨੇ ਲਿਬਰਲ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਵਿਦੇਸ਼ੀ ਮੁਲਕਾਂ ਨੂੰ ਦਿੱਤੀ ਜਾ ਰਹੀ ਕਰੋੜਾਂ ਡਾਲਰ ਦੀ ਵਿੱਤੀ ਸਹਾਇਤਾ ’ਤੇ ਸਵਾਲ ਖੜ੍ਹੇ ਕੀਤੇ ਹਨ।
ਪੀਅਰ ਪੋਲੀਐਵ ਦਾ ਕਹਿਣਾ ਹੈ ਕਿ ਜਦੋਂ ਕੈਨੇਡਾ ਦੇ ਲੋਕ ਖੁਦ ਮਹਿੰਗਾਈ ਅਤੇ ਆਰਥਿਕ ਤੰਗੀ ਕਾਰਨ ਪ੍ਰੇਸ਼ਾਨ ਹਨ ਅਤੇ ਆਪਣੀਆਂ ਲੋੜਾਂ ਪੂਰੀਆਂ ਕਰਨ ਲਈ ਸੰਘਰਸ਼ ਕਰ ਰਹੇ ਹਨ, ਤਾਂ ਅਜਿਹੇ ਸਮੇਂ ਵਿਦੇਸ਼ੀ ਦੇਸ਼ਾਂ ਨੂੰ ਵੱਡੀ ਰਕਮ ਦੇਣ ਦਾ ਕੀ ਮਤਲਬ ਹੈ।
ਇਨ੍ਹਾਂ ਦੇਸ਼ਾਂ ਨੂੰ ਦਿੱਤੀ ਜਾ ਰਹੀ ਹੈ ਕਰੋੜਾਂ ਡਾਲਰ ਦੀ ਸਹਾਇਤਾ
ਪੋਲੀਐਵ ਵੱਲੋਂ ਚੁੱਕੇ ਗਏ ਮੁੱਦੇ ਅਨੁਸਾਰ ਕੈਨੇਡਾ ਵੱਲੋਂ ਵੱਖ-ਵੱਖ ਦੇਸ਼ਾਂ ਨੂੰ ਵੱਡੀ ਵਿੱਤੀ ਮਦਦ ਦਿੱਤੀ ਜਾ ਰਹੀ ਹੈ। ਇਨ੍ਹਾਂ ਵਿੱਚ ਬ੍ਰਾਜ਼ੀਲ ਨੂੰ 560 ਮਿਲੀਅਨ ਡਾਲਰ, ਯੂਕਰੇਨ ਨੂੰ 155 ਮਿਲੀਅਨ ਡਾਲਰ, ਕਾਂਗੋ ਨੂੰ 22 ਮਿਲੀਅਨ ਡਾਲਰ ਅਤੇ ਵਿਅਤਨਾਮ ਨੂੰ 8 ਮਿਲੀਅਨ ਡਾਲਰ ਦੀ ਸਹਾਇਤਾ ਸ਼ਾਮਲ ਹੈ।
ਉਨ੍ਹਾਂ ਸਵਾਲ ਕੀਤਾ ਕਿ ਜਦੋਂ ਦੇਸ਼ ਦੇ ਆਪਣੇ ਨਾਗਰਿਕ ਆਰਥਿਕ ਦਬਾਅ ਹੇਠ ਹਨ, ਤਾਂ ਸਰਕਾਰ ਨੂੰ ਪਹਿਲਾਂ ਕੈਨੇਡਾ ਦੇ ਲੋਕਾਂ ਦੀਆਂ ਮੁਸ਼ਕਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ।
ਅਰਪਨ ਖੰਨਾ ਨੇ ਸ਼ੁਰੂ ਕੀਤੀ ਆਨਲਾਈਨ ਪਟੀਸ਼ਨ
ਇਸ ਮੁੱਦੇ ਨੂੰ ਲੈ ਕੇ ਪੀਅਰ ਪੋਲੀਐਵ ਦੇ ਕਰੀਬੀ ਮੰਨੇ ਜਾਂਦੇ ਅਰਪਨ ਖੰਨਾ ਨੇ ਵੀ ਆਨਲਾਈਨ ਪਟੀਸ਼ਨ ਸ਼ੁਰੂ ਕੀਤੀ ਹੈ। ਇਸ ਰਾਹੀਂ ਵਿਦੇਸ਼ੀ ਮੁਲਕਾਂ ਨੂੰ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਦੇ ਫੈਸਲੇ ’ਤੇ ਸਵਾਲ ਚੁੱਕੇ ਜਾ ਰਹੇ ਹਨ।
ਇਸ ਮਾਮਲੇ ਨੇ ਕੈਨੇਡਾ ਦੀ ਸਿਆਸਤ ਵਿੱਚ ਵਿਦੇਸ਼ੀ ਸਹਾਇਤਾ ਅਤੇ ਦੇਸ਼ ਦੇ ਅੰਦਰੂਨੀ ਆਰਥਿਕ ਹਾਲਾਤਾਂ ਨੂੰ ਲੈ ਕੇ ਨਵੀਂ ਬਹਿਸ ਛੇੜ ਦਿੱਤੀ ਹੈ।










