Homeਪੰਜਾਬਅੰਮ੍ਰਿਤਸਰ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ

ਅੰਮ੍ਰਿਤਸਰ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ

ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅੱਜ ਅੰਮ੍ਰਿਤਸਰ ਪਹੁੰਚ ਗਏ ਹਨ। ਉਨ੍ਹਾਂ ਨੂੰ ਲੈ ਕੇ ਆਉਣ ਵਾਲੀ ਫਲਾਈਟ ਅੰਮ੍ਰਿਤਸਰ ਹਵਾਈ ਅੱਡੇ ‘ਤੇ ਲੈਂਡ ਹੋ ਗਈ ਹੈ। ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਪੰਜਾਬ ਪਹੁੰਚੇ ਹਨ।

ਦੱਸ ਦੇਈਏ ਕਿ ਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਤਿੰਨ ਘੰਟਿਆਂ ਦੀ ਇਜਾਜ਼ਤ ਦਿੱਤੀ ਗਈ ਹੈ। ਉਹ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਪਿੰਡ ਜੱਲੂਪੁਰ ਖੇੜਾ ਵਿਖੇ ਰਹਿਣਗੇ। ਇਸ ਦੌਰਾਨ ਉਹ ਪੁਲਿਸ ਹਿਰਾਸਤ ਵਿੱਚ ਰਹਿਣਗੇ ਅਤੇ ਸਮਾਂ ਪੂਰਾ ਹੋਣ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਮੁੜ ਆਪਣੀ ਹਿਰਾਸਤ ਵਿੱਚ ਲੈ ਲਵੇਗੀ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਬੀਤੇ ਦਿਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਸ਼ਿਫਟ ਕੀਤਾ ਗਿਆ ਸੀ। ਉੱਥੋਂ ਅੱਜ ਉਨ੍ਹਾਂ ਨੂੰ ਫਲਾਈਟ ਰਾਹੀਂ ਅੰਮ੍ਰਿਤਸਰ ਲਿਆਂਦਾ ਗਿਆ ਹੈ।

ਉੱਧਰ, ਅੰਮ੍ਰਿਤਪਾਲ ਸਿੰਘ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਅੰਤਿਮ ਸਸਕਾਰ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੰਜਾਬ ਪੁਲਿਸ ਵੱਲੋਂ 800 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪਰਿਵਾਰ ਨੇ ਸੰਗਤ ਨੂੰ ਸ਼ਾਂਤੀ ਅਤੇ ਅਨੁਸ਼ਾਸਨ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

ਤਾਲਮੇਲ ਕਮੇਟੀ ਦੇ ਮੈਂਬਰ ਸੁਖਵਿੰਦਰ ਸਿੰਘ ਅਗਵਾਣ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੁਪਹਿਰ 12 ਵਜੇ ਪੁਲਿਸ ਹਿਰਾਸਤ ਵਿੱਚ ਆਪਣੇ ਘਰ ਪਹੁੰਚਣਗੇ। ਇਸ ਤੋਂ ਬਾਅਦ ਗੁਰਮਤਿ ਮਰਿਆਦਾ ਅਨੁਸਾਰ ਅੰਤਿਮ ਸੰਸਕਾਰ ਦੀਆਂ ਰਸਮਾਂ ਨਿਭਾਈਆਂ ਜਾਣਗੀਆਂ ਅਤੇ ਮਾਤਾ ਚਰਨ ਕੌਰ ਦੀ ਮ੍ਰਿਤਕ ਦੇਹ ਨੂੰ ਅੰਤਿਮ ਯਾਤਰਾ ਰਾਹੀਂ ਸਸਕਾਰ ਵਾਲੀ ਥਾਂ ‘ਤੇ ਲਿਜਾਇਆ ਜਾਵੇਗਾ। ਅਦਾਲਤ ਦੇ ਹੁਕਮਾਂ ਮੁਤਾਬਕ ਦੁਪਹਿਰ 3 ਵਜੇ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਉਨ੍ਹਾਂ ਨੂੰ ਮੁੜ ਹਿਰਾਸਤ ਵਿੱਚ ਲੈ ਲਵੇਗਾ।

ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਅੰਮ੍ਰਿਤਪਾਲ ਸਿੰਘ ਲਈ ਤਿੰਨ ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਗਈ ਸੀ, ਪਰ ਅਦਾਲਤ ਨੇ ਸਿਰਫ਼ ਤਿੰਨ ਘੰਟਿਆਂ ਦੀ ਇਜਾਜ਼ਤ ਦਿੱਤੀ ਹੈ। ਇਸ ਤੋਂ ਇਲਾਵਾ 22 ਅਤੇ 23 ਨਵੰਬਰ ਨੂੰ ਹੋਣ ਵਾਲੀ ਫੁੱਲ ਚੁਗਣ ਦੀ ਰਸਮ ਅਤੇ ਅੰਤਿਮ ਅਰਦਾਸ ਵਿੱਚ ਅੰਮ੍ਰਿਤਪਾਲ ਸਿੰਘ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ।

ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੇ ਦੱਸਿਆ ਕਿ ਮਾਤਾ ਚਰਨ ਕੌਰ ਦਾ ਅੰਤਿਮ ਸਸਕਾਰ ਪਿੰਡ ਜੱਲੂਪੁਰ ਖੇੜਾ ਵਿਖੇ ਪਰਿਵਾਰ ਦੀ ਨਿੱਜੀ ਜ਼ਮੀਨ ‘ਤੇ ਕੀਤਾ ਜਾਵੇਗਾ। ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਪਾਰਕਿੰਗ, ਲੰਗਰ ਅਤੇ ਚਾਹ-ਪਾਣੀ ਦੇ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਪਿੰਡ ਦੇ ਅੰਦਰ ਬੇਲੋੜੀ ਭੀੜ ਇਕੱਠੀ ਕਰਨ ਦੀ ਬਜਾਏ ਸਿੱਧਾ ਸਸਕਾਰ ਵਾਲੀ ਥਾਂ ‘ਤੇ ਪਹੁੰਚਿਆ ਜਾਵੇ ਅਤੇ ਮਾਤਾ ਜੀ ਦੇ ਅੰਤਿਮ ਦਰਸ਼ਨ ਕੀਤੇ ਜਾਣ।

ਸੁਖਚੈਨ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ ਲਈ ਪਰਿਵਾਰ ਨੂੰ ਸਰਕਾਰੀ ਖਾਤੇ ਵਿੱਚ 19 ਲੱਖ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਕਰਵਾਉਣੀ ਪਈ ਹੈ। ਉਨ੍ਹਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ ਆਉਣ-ਜਾਣ ਲਈ 10 ਲੱਖ ਰੁਪਏ, ਹਰਜੀਤ ਸਿੰਘ ਲਈ 6 ਲੱਖ 64 ਹਜ਼ਾਰ ਰੁਪਏ ਅਤੇ ਸੁਖਮਨਜੀਤ ਸਿੰਘ ਲਈ 2 ਲੱਖ 63 ਹਜ਼ਾਰ ਰੁਪਏ ਤੋਂ ਵੱਧ ਦੀ ਰਕਮ ਅਦਾ ਕੀਤੀ ਗਈ ਹੈ।

ਅੰਤਿਮ ਸਸਕਾਰ ਦੇ ਮੱਦੇਨਜ਼ਰ ਪਰਿਵਾਰ ਅਤੇ ਤਾਲਮੇਲ ਕਮੇਟੀ ਵੱਲੋਂ ਸੰਗਤ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਆਪਣੇ ਨਾਲ ਹਥਿਆਰ ਲੈ ਕੇ ਨਾ ਆਵੇ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਨਾਅਰੇਬਾਜ਼ੀ ਕਰੇ।

ਪਰਿਵਾਰ ਨੇ ਕਿਹਾ ਕਿ ਇਹ ਦੁੱਖ ਦੀ ਘੜੀ ਹੈ ਅਤੇ ਸਾਰਿਆਂ ਨੂੰ ਸੰਜਮ ਤੇ ਅਨੁਸ਼ਾਸਨ ਬਣਾਈ ਰੱਖਣਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੌਕੇ ‘ਤੇ ਹੁੱਲੜਬਾਜ਼ੀ ਹੁੰਦੀ ਹੈ ਜਾਂ ਕਾਨੂੰਨ ਵਿਵਸਥਾ ਵਿਗੜਦੀ ਹੈ ਤਾਂ ਅਦਾਲਤੀ ਹੁਕਮਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਰੱਦ ਹੋ ਸਕਦੀ ਹੈ ਅਤੇ ਉਨ੍ਹਾਂ ਨੂੰ ਵਾਪਸ ਜੇਲ੍ਹ ਭੇਜਿਆ ਜਾ ਸਕਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments