ਅਬੋਹਰ: ਪੰਜਾਬ ਦੇ ਅਬੋਹਰ ਤੋਂ ਇੱਕ ਸਨਸਨੀਖੇਜ਼ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਆਪਣੀ ਪਤਨੀ ਨਾਲ ਪ੍ਰੇਮ ਸਬੰਧ ਹੋਣ ਦੇ ਸ਼ੱਕ ਵਿੱਚ ਇੱਕ ਵਿਅਕਤੀ ਨੇ ਆਪਣੇ ਭਰਾ ਨਾਲ ਮਿਲ ਕੇ 28 ਸਾਲਾ ਨੌਜਵਾਨ ਦਾ ਕਤਲ ਕਰ ਦਿੱਤਾ। ਮੁਲਜ਼ਮਾਂ ਨੇ ਨੌਜਵਾਨ ਦੀ ਲੋਹੇ ਦੀਆਂ ਪਾਈਪਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿੱਚ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮ੍ਰਿਤਕ ਦੀ ਪਛਾਣ ਸੁਖਵੰਤ ਸਿੰਘ ਵਜੋਂ ਹੋਈ ਹੈ, ਜੋ ਤਰਨਤਾਰਨ ਦੇ ਪਿੰਡ ਖਾਲੜਾ ਦਾ ਰਹਿਣ ਵਾਲਾ ਸੀ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ਦੇ ਭਰਾ ਗਗਨਦੀਪ ਸਿੰਘ ਨੇ ਦੱਸਿਆ ਕਿ ਸੁਖਵੰਤ ਸਿੰਘ ਦੇ ਕਰੀਬ 10 ਸਾਲ ਪਹਿਲਾਂ ਆਪਣੇ ਪਿੰਡ ਦੀ ਹੀ ਇੱਕ ਲੜਕੀ ਨਾਲ ਪ੍ਰੇਮ ਸਬੰਧ ਸਨ। ਬਾਅਦ ਵਿੱਚ ਲੜਕੀ ਦਾ ਵਿਆਹ ਅਬੋਹਰ ਦੇ ਦਿਆਲ ਨਗਰੀ ਵਾਸੀ ਹੇਤਰਾਮ ਨਾਲ ਹੋ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਹੇਤਰਾਮ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਸੁਖਵੰਤ ਸਿੰਘ ਨਾਲ ਅਜੇ ਵੀ ਸਬੰਧ ਹਨ। ਇਸੇ ਸ਼ੱਕ ਕਾਰਨ ਦੋਵਾਂ ਵਿਚਕਾਰ ਰੰਜਿਸ਼ ਚੱਲ ਰਹੀ ਸੀ।
ਜਾਣਕਾਰੀ ਅਨੁਸਾਰ ਸੁਖਵੰਤ ਸਿੰਘ ਅਬੋਹਰ ਆਇਆ ਹੋਇਆ ਸੀ। ਵੀਰਵਾਰ ਸਵੇਰੇ ਕਰੀਬ 7 ਵਜੇ ਉਹ ਦਿਆਲ ਨਗਰੀ ਸਥਿਤ ਮਹਿਲਾ ਦੇ ਘਰ ਪਹੁੰਚ ਗਿਆ। ਉੱਥੇ ਉਸ ਦੀ ਹੇਤਰਾਮ ਨਾਲ ਤਕਰਾਰ ਹੋ ਗਈ, ਜੋ ਦੇਖਦੇ ਹੀ ਦੇਖਦੇ ਹਿੰਸਕ ਝਗੜੇ ਵਿੱਚ ਬਦਲ ਗਈ।
ਇਸ ਦੌਰਾਨ ਹੇਤਰਾਮ ਨੇ ਆਪਣੇ ਭਰਾ ਰਾਮ ਕੁਮਾਰ ਨਾਲ ਮਿਲ ਕੇ ਸੁਖਵੰਤ ਸਿੰਘ ‘ਤੇ ਲੋਹੇ ਦੀਆਂ ਪਾਈਪਾਂ ਨਾਲ ਹਮਲਾ ਕਰ ਦਿੱਤਾ। ਦੋਵਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪੁਲਿਸ ਮੁਤਾਬਕ ਹਮਲੇ ਦੌਰਾਨ ਉਸ ਦੀਆਂ ਅੱਖਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ।
ਵਾਰਦਾਤ ਤੋਂ ਬਾਅਦ ਦੋਵੇਂ ਮੁਲਜ਼ਮ ਸੁਖਵੰਤ ਸਿੰਘ ਨੂੰ ਘਰ ਤੋਂ ਕੁਝ ਦੂਰੀ ‘ਤੇ ਸੜਕ ‘ਤੇ ਛੱਡ ਗਏ। ਜਦੋਂ ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਪਿਆ ਦੇਖਿਆ ਤਾਂ ਤੁਰੰਤ ਪੁਲਿਸ ਅਤੇ 108 ਐਂਬੂਲੈਂਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਡੀਐੱਸਪੀ ਹਰੀਸ਼ ਕੁਮਾਰ ਅਤੇ ਥਾਣਾ ਨੰਬਰ-1 ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ।
ਪੁਲਿਸ ਨੇ ਮਾਮਲੇ ਦੀ ਜਾਂਚ ਦੌਰਾਨ ਸਥਾਨਕ ਲੋਕਾਂ ਤੋਂ ਪੁੱਛਗਿੱਛ ਕੀਤੀ ਅਤੇ ਤਕਨੀਕੀ ਸਬੂਤਾਂ ਦੇ ਨਾਲ-ਨਾਲ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ। ਜਾਂਚ ਵਿੱਚ ਹੇਤਰਾਮ ਅਤੇ ਉਸ ਦੇ ਭਰਾ ਰਾਮ ਕੁਮਾਰ ਦੀ ਸ਼ਮੂਲੀਅਤ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਪੁਲਿਸ ਵੱਲੋਂ ਮ੍ਰਿਤਕ ਦੇ ਭਰਾ ਗਗਨਦੀਪ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।










