ਨਨਕਾਣਾ ਸਾਹਿਬ, 23 ਨਵੰਬਰ 2026 : ਸਿੱਖ ਧਰਮ ਦੇ ਬਾਨੀ ਸ੍ਰੀ ਬਾਬਾ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਅੱਜ ਇੱਥੇ ਗੁਰਦੁਆਰਾ ਜਨਮ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਪਵਿੱਤਰ ਧਾਰਮਿਕ ਰਸਮ ਨਾਲ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਹੋ ਗਈ ਹੈ। ਡਾਇਰੈਕਟੋਰੇਟ ਜਨਰਲ ਪਬਲਿਕ ਰਿਲੇਸ਼ਨਜ਼ ਪੰਜਾਬ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਪ੍ਰਕਾਸ਼ ਪੁਰਬ ਸਬੰਧੀ ਇਹ ਮੁੱਖ ਸਮਾਗਮ ਭਲਕੇ , 24 ਨਵੰਬਰ ਤੱਕ ਨਿਰੰਤਰ ਜਾਰੀ ਰਹਿਣਗੇ।
ਜ਼ਿਲ੍ਹਾ ਪ੍ਰਸ਼ਾਸਨ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਪਵਿੱਤਰ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਦੁਨੀਆ ਭਰ ਤੋਂ 30 ਹਜ਼ਾਰ ਤੋਂ ਵੱਧ ਸਿੱਖ ਯਾਤਰੀ ਨਨਕਾਣਾ ਸਾਹਿਬ ਪਹੁੰਚ ਚੁੱਕੇ ਹਨ। ਸਮੂਹ ਸੰਗਤਾਂ ਗੁਰਦੁਆਰਾ ਜਨਮ ਅਸਥਾਨ ਸਮੇਤ ਸ਼ਹਿਰ ਦੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਵਿੱਚ ਨਤਮਸਤਕ ਹੋ ਰਹੀਆਂ ਹਨ ਅਤੇ ਧਾਰਮਿਕ ਰਸਮਾਂ ਨਿਭਾਉਣ ਵਿੱਚ ਪੂਰੀ ਸ਼ਰਧਾ ਨਾਲ ਰੁੱਝੀਆਂ ਹੋਈਆਂ ਹਨ।

ਸਿੱਖ ਯਾਤਰੀਆਂ ਦੀ ਵੱਡੀ ਆਮਦ ਅਤੇ ਸਮਾਗਮਾਂ ਦੀ ਸਫ਼ਲਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਬੁਲਾਰੇ ਅਨੁਸਾਰ, ਨਨਕਾਣਾ ਸਾਹਿਬ ਦੇ ਸਾਰੇ ਸੱਤਾਂ ਇਤਿਹਾਸਕ ਗੁਰਦੁਆਰਿਆਂ ਵਿੱਚ ਯਾਤਰੀਆਂ ਦੀ ਸਹੂਲਤ ਲਈ ਸੁਰੱਖਿਆ, ਰਿਹਾਇਸ਼, ਗੁਰੂ ਕੇ ਲੰਗਰ ਅਤੇ ਡਾਕਟਰੀ ਸਹੂਲਤਾਂ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਉੱਚ ਅਧਿਕਾਰੀ ਤੇ ਕਰਮਚਾਰੀ ਯਾਤਰੀਆਂ ਦੀ ਸੇਵਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਆਪਣੀ ਡਿਊਟੀ ‘ਤੇ ਤਾਇਨਾਤ ਹਨ।
ਜ਼ਿਲ੍ਹਾ ਪ੍ਰਸ਼ਾਸਨ ਨਨਕਾਣਾ ਸਾਹਿਬ ਦੇ ਬੁਲਾਰੇ ਨੇ ਅੱਗੇ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਯਾਤਰੀਆਂ ਦਾ ਨਿੱਘਾ ਸਵਾਗਤ, ਸ਼ਾਨਦਾਰ ਮਹਿਮਾਨਨਿਵਾਜ਼ੀ ਅਤੇ ਅੰਤਰ-ਧਾਰਮਿਕ ਸਦਭਾਵਨਾ ਦਾ ਅਮਲੀ ਪ੍ਰਗਟਾਵਾ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਯਾਤਰੀਆਂ ਦੀ ਨਿਸ਼ਕਾਮ ਸੇਵਾ ਅਤੇ ਧਾਰਮਿਕ ਆਜ਼ਾਦੀ ਪੂਰੀ ਦੁਨੀਆ ਨੂੰ ਪਾਕਿਸਤਾਨ ਦਾ ਅਮਨ, ਪਿਆਰ ਅਤੇ ਆਪਸੀ ਭਾਈਚਾਰੇ ਦਾ ਇੱਕ ਉਸਾਰੂ ਅਤੇ ਆਲਮੀ ਸੁਨੇਹਾ ਦਿੰਦੀ ਹੈ।










