ਜਲੰਧਰ: ਜਲੰਧਰ ਵਿੱਚ ‘ਆਪ’ ਆਗੂ ਲੱਕੀ ਓਬਰਾਏ ਦੇ ਪਰਿਵਾਰ ‘ਤੇ ਹਮਲੇ ਦੀ ਕੋਸ਼ਿਸ਼ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਐਕਟਿਵਾ ਸਵਾਰ 2 ਤੋਂ 3 ਨੌਜਵਾਨ ਉਨ੍ਹਾਂ ਦੇ ਛੋਟੇ ਭਰਾ ਦਮਨ ਓਬਰਾਏ ਨੂੰ ਨਿਸ਼ਾਨਾ ਬਣਾਉਣ ਲਈ ਪਹੁੰਚੇ ਸਨ। ਇਸ ਦੌਰਾਨ ਗਲਤ ਪਛਾਣ ਕਾਰਨ ਹਮਲਾਵਰਾਂ ਨੇ ਨੇੜੇ ਖੜ੍ਹੀ ਦੂਜੀ ਇਨੋਵਾ ਗੱਡੀ ਦੇ ਸ਼ੀਸ਼ੇ ਤੋੜ ਦਿੱਤੇ।
ਘਟਨਾ ਤੋਂ ਬਾਅਦ ਮੁਲਜ਼ਮ ਆਪਣੀ ਐਕਟਿਵਾ ਮੌਕੇ ‘ਤੇ ਹੀ ਛੱਡ ਕੇ ਫਰਾਰ ਹੋ ਗਏ। ਪੀੜਤ ਮੁਤਾਬਕ ਪਿਛਲੇ ਕੁਝ ਦਿਨਾਂ ਤੋਂ ਕੁਝ ਸ਼ੱਕੀ ਨੌਜਵਾਨ ਉਨ੍ਹਾਂ ਦੇ ਘਰ ਅਤੇ ਦਫ਼ਤਰ ਦੇ ਆਲੇ-ਦੁਆਲੇ ਘੁੰਮ ਰਹੇ ਸਨ। ਉਨ੍ਹਾਂ ਨੂੰ ਸ਼ੱਕ ਸੀ ਕਿ ਉਨ੍ਹਾਂ ਦੀ ਰੇਕੀ ਕੀਤੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਗਈ ਸੀ, ਪਰ ਉਨ੍ਹਾਂ ਨੂੰ ਕੋਈ ਸੁਰੱਖਿਆ ਨਹੀਂ ਮਿਲੀ।
6 ਫਰਵਰੀ ਨੂੰ ਹੋਇਆ ਸੀ ਲੱਕੀ ਓਬਰਾਏ ਦਾ ਕਤਲ
ਦੱਸ ਦੇਈਏ ਕਿ 6 ਫਰਵਰੀ ਨੂੰ ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਬਾਹਰ ਲੱਕੀ ਓਬਰਾਏ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦੇ ਭਰਾ ਰਮਨ ਓਬਰਾਏ ਇਸ ਮਾਮਲੇ ਦੇ ਮੁੱਖ ਚਸ਼ਮਦੀਦ ਗਵਾਹ ਹਨ।
ਰਮਨ ਦਾ ਦੋਸ਼ ਹੈ ਕਿ ਕੇਸ ਵਾਪਸ ਲੈਣ ਲਈ ਉਨ੍ਹਾਂ ‘ਤੇ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਵੱਖ-ਵੱਖ ਨੰਬਰਾਂ ਤੋਂ ਇਲਾਵਾ ਜੇਲ੍ਹਾਂ ਵਿੱਚੋਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।










