Homeਪੰਜਾਬਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ !

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ !

ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ, ਸ਼ਰਾਰਤੀ ਅਨਸਰਾਂ ‘ਤੇ ਨਕੇਲ ਕੱਸਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਐੱਸ.ਐੱਸ.ਪੀ. ਅਭਿਮਨਿਊ ਰਾਣਾ ਦੀ ਅਗਵਾਈ ਹੇਠ ਪੁਲਿਸ ਵੱਲੋਂ ਨਾਈਟ ਡੋਮੀਨੇਸ਼ਨ ਅਤੇ ਵਿਸ਼ੇਸ਼ ਚੈਕਿੰਗ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ।

ਇਸ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਚਾਰਾਂ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਪੁਲਿਸ ਟੀਮਾਂ ਵੱਲੋਂ ਰਾਤ ਸਮੇਂ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਐੱਸ.ਐੱਸ.ਪੀ. ਅਭਿਮਨਿਊ ਰਾਣਾ ਖੁਦ ਵੀ ਵੱਖ-ਵੱਖ ਇਲਾਕਿਆਂ ਅਤੇ ਨਾਕਿਆਂ ‘ਤੇ ਪਹੁੰਚ ਕੇ ਚੈਕਿੰਗ ਮੁਹਿੰਮ ਦਾ ਜਾਇਜ਼ਾ ਲੈ ਰਹੇ ਹਨ। ਇਸ ਦੌਰਾਨ ਉਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਚੌਕਸੀ ਨਾਲ ਡਿਊਟੀ ਕਰਨ ਦੇ ਨਿਰਦੇਸ਼ ਦੇ ਰਹੇ ਹਨ।

ਸ਼ਰਾਰਤੀ ਅਨਸਰਾਂ ਅਤੇ ਸ਼ੱਕੀ ਵਾਹਨਾਂ ‘ਤੇ ਪੁਲਿਸ ਦੀ ਵਿਸ਼ੇਸ਼ ਨਜ਼ਰ

ਨਾਈਟ ਡੋਮੀਨੇਸ਼ਨ ਮੁਹਿੰਮ ਦੌਰਾਨ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਅਤੇ ਸ਼ੱਕੀ ਹਾਲਤ ਵਿੱਚ ਘੁੰਮ ਰਹੇ ਲੋਕਾਂ ‘ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਵੱਲੋਂ ਵਾਹਨਾਂ ਦੇ ਦਸਤਾਵੇਜ਼ਾਂ ਅਤੇ ਨੰਬਰ ਪਲੇਟਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਬਿਨਾਂ ਨੰਬਰ ਪਲੇਟ, ਮੋਡੀਫਾਈਡ ਸਾਈਲੈਂਸਰ, ਘੱਟ ਰੌਸ਼ਨੀ ਵਾਲੀਆਂ ਲਾਈਟਾਂ ਅਤੇ ਹੋਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਰੇਲਵੇ ਸਟੇਸ਼ਨ, ਬੱਸ ਸਟੈਂਡ, ਮੁੱਖ ਸੜਕਾਂ, ਬਾਜ਼ਾਰਾਂ, ਗਲੀਆਂ-ਮੁਹੱਲਿਆਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਵੀ ਚੈਕਿੰਗ ਕੀਤੀ ਜਾ ਰਹੀ ਹੈ।

ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਪੁਲਿਸ ਰਿਕਾਰਡ ਦੀ ਜਾਂਚ ਲਈ PAIS ਐਪ, ਜਦਕਿ ਸ਼ੱਕੀ ਵਾਹਨਾਂ ਦੀ ਜਾਣਕਾਰੀ ਇਕੱਠੀ ਕਰਨ ਲਈ ਵਾਹਨ ਐਪ ਦੀ ਵਰਤੋਂ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਰਾਤ ਸਮੇਂ ਗਸ਼ਤ ਵੀ ਵਧਾ ਦਿੱਤੀ ਗਈ ਹੈ।

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਖ਼ਿਲਾਫ਼ ਵੀ ਕਾਰਵਾਈ

ਰਾਤ ਸਮੇਂ ਚੈਕਿੰਗ ਦੌਰਾਨ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ, ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ, ਟ੍ਰਿਪਲ ਰਾਈਡਿੰਗ, ਜ਼ਰੂਰੀ ਦਸਤਾਵੇਜ਼ਾਂ ਤੋਂ ਬਿਨਾਂ ਵਾਹਨ ਚਲਾਉਣ ਅਤੇ ਹੋਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਪੁਲਿਸ ਅਜਿਹੇ ਵਾਹਨ ਚਾਲਕਾਂ ਦੇ ਚਲਾਨ ਕੱਟਣ ਦੇ ਨਾਲ-ਨਾਲ ਲੋੜ ਪੈਣ ‘ਤੇ ਉਨ੍ਹਾਂ ਦੇ ਵਾਹਨ ਵੀ ਜ਼ਬਤ ਕਰ ਰਹੀ ਹੈ।

ਨਵੰਬਰ ਵਿੱਚ 4,333 ਚਲਾਨ, 127 ਵਾਹਨ ਜ਼ਬਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਅਭਿਮਨਿਊ ਰਾਣਾ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਨਵੰਬਰ ਮਹੀਨੇ ਵਿੱਚ 20 ਨਵੰਬਰ 2026 ਤੱਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੁੱਲ 4,333 ਚਲਾਨ ਕੱਟੇ ਗਏ ਹਨ, ਜਦਕਿ ਮੋਟਰ ਵਹੀਕਲ ਐਕਟ ਤਹਿਤ 127 ਵਾਹਨ ਜ਼ਬਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਾਲੀਆਂ ਫਿਲਮਾਂ ਵਾਲੇ ਵਾਹਨਾਂ ਦੇ 40, ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਦੇ 284, ਟ੍ਰਿਪਲ ਰਾਈਡਿੰਗ ਦੇ 239 ਅਤੇ ਹੋਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ 3,643 ਚਲਾਨ ਕੀਤੇ ਗਏ ਹਨ।

ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਏ 120 ਟ੍ਰੈਫਿਕ ਸੈਮੀਨਾਰ

ਐੱਸ.ਐੱਸ.ਪੀ. ਨੇ ਦੱਸਿਆ ਕਿ ਪੁਲਿਸ ਵੱਲੋਂ ਕਾਰਵਾਈ ਦੇ ਨਾਲ-ਨਾਲ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਸ ਤਹਿਤ ਇੱਕ ਮਹੀਨੇ ਦੌਰਾਨ ਸਕੂਲਾਂ, ਕਾਲਜਾਂ, ਪਿੰਡਾਂ, ਸ਼ਹਿਰਾਂ ਅਤੇ ਹੋਰ ਜਨਤਕ ਥਾਵਾਂ ‘ਤੇ ਕਰੀਬ 120 ਟ੍ਰੈਫਿਕ ਜਾਗਰੂਕਤਾ ਸੈਮੀਨਾਰ ਲਗਾਏ ਗਏ ਹਨ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਅਤੇ ਕਾਰ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਜ਼ਰੂਰ ਕਰਨ। ਸ਼ਰਾਬ ਪੀ ਕੇ ਗੱਡੀ ਨਾ ਚਲਾਉਣ ਅਤੇ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਵਾਹਨ ਚਲਾਉਣ ਤੋਂ ਗੁਰੇਜ਼ ਕਰਨ। ਵਾਹਨ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਵੀ ਨਾ ਕਰਨ।

ਉਨ੍ਹਾਂ ਖ਼ਾਸ ਤੌਰ ‘ਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਕਿਸੇ ਵੀ ਹਾਲਤ ਵਿੱਚ ਵਾਹਨ ਨਾ ਚਲਾਉਣ ਦੇਣ। ਬਿਨਾਂ ਲਾਇਸੈਂਸ ਵਾਹਨ ਚਲਾਉਣਾ ਬੱਚਿਆਂ ਅਤੇ ਦੂਜਿਆਂ ਦੀ ਜਾਨ ਲਈ ਖ਼ਤਰਾ ਬਣ ਸਕਦਾ ਹੈ।

ਇਸ ਤੋਂ ਇਲਾਵਾ ਬਾਜ਼ਾਰਾਂ ਵਿੱਚ ਵਾਹਨ ਨਿਰਧਾਰਤ ਪਾਰਕਿੰਗ ਥਾਵਾਂ ‘ਤੇ ਹੀ ਖੜ੍ਹੇ ਕਰਨ, ਤਾਂ ਜੋ ਆਵਾਜਾਈ ਵਿੱਚ ਕੋਈ ਰੁਕਾਵਟ ਨਾ ਆਵੇ।

ਐੱਸ.ਐੱਸ.ਪੀ. ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਨਾਈਟ ਡੋਮੀਨੇਸ਼ਨ ਅਤੇ ਵਿਸ਼ੇਸ਼ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ। ਕਾਨੂੰਨ ਵਿਵਸਥਾ ਵਿਗਾੜਨ, ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਜਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਵਿਅਕਤੀ, ਵਾਹਨ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦੇਣ ਦੀ ਅਪੀਲ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments