ਨਨਕਾਣਾ ਸਾਹਿਬ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਜਨਮ ਅਸਥਾਨ, ਨਨਕਾਣਾ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਸਮਾਗਮ ਵਿੱਚ ਭਾਰਤ, ਕੈਨੇਡਾ, ਅਮਰੀਕਾ ਅਤੇ ਆਸਟ੍ਰੇਲੀਆ ਸਮੇਤ ਦੁਨੀਆ ਦੇ ਵੱਖ-ਵੱਖ ਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਲਹਿੰਦੇ ਪੰਜਾਬ ਦੇ ਘੱਟ-ਗਿਣਤੀ ਮਾਮਲਿਆਂ ਬਾਰੇ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਪਾਕਿਸਤਾਨ ਤੋਂ ਬਿਨਾਂ ਸਿੱਖ ਇਤਿਹਾਸ ਅਧੂਰਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਿੱਖ ਧਰਮ ਦੇ ਬੁਨਿਆਦੀ ਅਤੇ ਇਤਿਹਾਸਕ ਕੇਂਦਰਾਂ ਵਿੱਚੋਂ ਇੱਕ ਹੈ।
ਉਨ੍ਹਾਂ ਵਿਦੇਸ਼ਾਂ ਵਿੱਚ ਪਾਕਿਸਤਾਨ ਬਾਰੇ ਕੀਤੇ ਜਾ ਰਹੇ ਕੂੜ-ਪ੍ਰਚਾਰ ਨੂੰ ਰੱਦ ਕਰਦਿਆਂ ਦਾਅਵਾ ਕੀਤਾ ਕਿ ਇੱਥੇ ਸਿੱਖ ਭਾਈਚਾਰਾ ਸੁਰੱਖਿਅਤ ਅਤੇ ਖੁਸ਼ਹਾਲ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਕਿਸਤਾਨ ਦੇ ਗੁਰਧਾਮਾਂ ਵਿੱਚ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਹੀ ਲਾਗੂ ਹੈ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਮੀਆਂ ਹਮਜ਼ਾ ਸ਼ਾਹਬਾਜ਼ ਸ਼ਰੀਫ਼ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਕੇਂਦਰੀ ਰਾਜ ਮੰਤਰੀ ਖੇਲ ਦਾਸ ਕੋਹਿਸਤਾਨੀ ਅਤੇ ਡਾ. ਸ਼ਜ਼ਰਾ ਮਨਸਬ ਅਲੀ ਖ਼ਾਨ ਨੇ ਵੀ ਸ਼ਿਰਕਤ ਕੀਤੀ।
ਸਮਾਗਮ ਦੀ ਸਮਾਪਤੀ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਮੁੱਖ ਮੰਤਰੀ ਮਰੀਅਮ ਨਵਾਜ਼ ਦੀਆਂ ਹਦਾਇਤਾਂ ਅਨੁਸਾਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਨਗਰ ਕੀਰਤਨ ਦਾ ਮੁਸਲਿਮ ਭਾਈਚਾਰੇ ਵੱਲੋਂ ਲਾਲ ਗਲੀਚਾ ਵਿਛਾ ਕੇ ਸ਼ਾਨਦਾਰ ਸਵਾਗਤ ਕੀਤਾ ਗਿਆ।










