Homeਪੰਜਾਬਜਲੰਧਰ 'ਚ ਖ਼ੂਨੀ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਜਲੰਧਰ ‘ਚ ਖ਼ੂਨੀ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਜਲੰਧਰ: ਪੰਜਾਬ ਵਿੱਚ ਅਪਰਾਧਿਕ ਘਟਨਾਵਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਜਲੰਧਰ ਦੇ ਮਖਦੂਮਪੁਰਾ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਕਰਿਆਨੇ ਦੀ ਦੁਕਾਨ ਵਿੱਚ ਮੌਜੂਦ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮ੍ਰਿਤਕ ਦੀ ਪਛਾਣ ਲੱਕੀ ਖੋਖਾ ਵਜੋਂ ਹੋਈ ਹੈ। ਉੱਥੇ ਹੀ ਪਰਿਵਾਰ ਨੇ ਸ਼ਿਵ ਸੈਨਾ ਆਗੂ ਨਰਿੰਦਰ ਥਾਪਰ ਦੇ ਪੁੱਤਰਾਂ ਅਤੇ ਉਨ੍ਹਾਂ ਦੇ ਸਾਥੀਆਂ ‘ਤੇ ਕਤਲ ਦੇ ਗੰਭੀਰ ਦੋਸ਼ ਲਗਾਏ ਹਨ।

ਜਾਣਕਾਰੀ ਅਨੁਸਾਰ ਲੱਕੀ ਖੋਖਾ ਆਪਣੇ ਘਰ ਦੇ ਨੇੜੇ ਸਥਿਤ ਇੱਕ ਕਰਿਆਨੇ ਦੀ ਦੁਕਾਨ ‘ਤੇ ਖੜ੍ਹਾ ਸੀ। ਇਸੇ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਕਰੀਬ ਦੋ ਦਰਜਨ ਨੌਜਵਾਨ ਉੱਥੇ ਪਹੁੰਚ ਗਏ ਅਤੇ ਉਸ ‘ਤੇ ਅਚਾਨਕ ਹਮਲਾ ਕਰ ਦਿੱਤਾ। ਹਮਲੇ ਵਿੱਚ ਲੱਕੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਲਾਕਾ ਵਾਸੀਆਂ ਦੀ ਮਦਦ ਨਾਲ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਦੇ ਵੱਡੇ ਭਰਾ ਮਨਮੋਹਨ ਸਿੰਘ ਨੇ ਦੱਸਿਆ ਕਿ ਲੱਕੀ ਰਾਤ ਦਾ ਖਾਣਾ ਖਾਣ ਤੋਂ ਬਾਅਦ ਘਰ ਦੇ ਬਾਹਰ ਦੁਕਾਨ ‘ਤੇ ਖੜ੍ਹਾ ਸੀ। ਇਸੇ ਸਮੇਂ ਸ਼ਿਵ ਸੈਨਾ ਆਗੂ ਨਰਿੰਦਰ ਥਾਪਰ ਦਾ ਪੁੱਤਰ ਰਾਮਕਿਸ਼ਨ ਆਪਣੇ ਕਰੀਬ ਦੋ ਦਰਜਨ ਸਾਥੀਆਂ ਨਾਲ ਉੱਥੇ ਪਹੁੰਚਿਆ ਅਤੇ ਪਿੱਛੋਂ ਲੱਕੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਪਰਿਵਾਰ ਨੇ ਇਹ ਵੀ ਦੋਸ਼ ਲਗਾਇਆ ਕਿ ਮੁਲਜ਼ਮ ਉਸ ਦੇ ਛੋਟੇ ਭਰਾ ਨੂੰ ਨਸ਼ਿਆਂ ਦੇ ਰਾਹ ‘ਤੇ ਧੱਕ ਰਹੇ ਸਨ। ਇਸ ਦਾ ਵਿਰੋਧ ਕਰਨ ‘ਤੇ ਉਨ੍ਹਾਂ ਨੇ ਥਾਣਾ ਡਿਵੀਜ਼ਨ ਨੰਬਰ 4 ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਸੀ। ਇਸ ਮਾਮਲੇ ਨੂੰ ਲੈ ਕੇ ਅਦਾਲਤ ਵਿੱਚ ਵੀ ਕੇਸ ਚੱਲ ਰਿਹਾ ਸੀ। ਪਰਿਵਾਰ ਦਾ ਦਾਅਵਾ ਹੈ ਕਿ ਇਸ ਵਿਵਾਦ ਕਾਰਨ ਉਨ੍ਹਾਂ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ।

ਦੂਜੇ ਪਾਸੇ, ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਏ.ਸੀ.ਪੀ. ਬਰਾੜ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਦੋਵਾਂ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮਾਂ ਨੂੰ ਨਾਮਜ਼ਦ ਕਰਕੇ ਐੱਫ.ਆਈ.ਆਰ. ਦਰਜ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀ ਅਨੁਸਾਰ ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments