Homeਪੰਜਾਬ30 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਅਹਿਮ ਮੀਟਿੰਗ

30 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਅਹਿਮ ਮੀਟਿੰਗ

ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਵਿੱਚ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026’ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਚਾਲੇ ਚੱਲ ਰਿਹਾ ਵਿਵਾਦ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਇਸ ਮਾਮਲੇ ਨੂੰ ਸੁਲਝਾਉਣ ਲਈ 30 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਅਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਵਿਚਾਲੇ ਸਾਂਝੀ ਮੀਟਿੰਗ ਹੋਵੇਗੀ। ਮਾਹਿਰ ਕਮੇਟੀ ਵੱਲੋਂ ਸਰਕਾਰੀ ਕਮੇਟੀ ਨੂੰ ਇਸ ਬੈਠਕ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

ਸਰਕਾਰ ਦੀ ਪ੍ਰੈੱਸ ਕਾਨਫਰੰਸ ‘ਤੇ ਮਾਹਿਰ ਕਮੇਟੀ ਨੇ ਜਤਾਇਆ ਇਤਰਾਜ਼

ਦਰਅਸਲ, 23 ਨਵੰਬਰ ਨੂੰ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਤੋਂ ਬਾਅਦ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਨੇ ਇਤਰਾਜ਼ ਪ੍ਰਗਟਾਇਆ ਹੈ। 25 ਨਵੰਬਰ ਨੂੰ ਜਾਰੀ ਕੀਤੇ ਗਏ ਪੱਤਰ ਵਿੱਚ ਕਮੇਟੀ ਨੇ ਸਰਕਾਰ ਦੀ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੇ ਕੁਝ ਬਿਆਨਾਂ ਨੂੰ ਭਰਮਾਉਣ ਵਾਲਾ ਦੱਸਿਆ ਹੈ।

ਮਾਹਿਰ ਕਮੇਟੀ ਅਨੁਸਾਰ, ਪ੍ਰੈੱਸ ਕਾਨਫਰੰਸ ਵਿੱਚ ਕੁਝ ਅਜਿਹੇ ਵਿਅਕਤੀਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ, ਜੋ ਸਰਕਾਰੀ ਤਾਲਮੇਲ ਕਮੇਟੀ ਦੇ ਮੈਂਬਰ ਨਹੀਂ ਸਨ। ਕਮੇਟੀ ਨੇ ਇਹ ਇਤਰਾਜ਼ ਵੀ ਜਤਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਆਦੇਸ਼ਾਂ ਅਤੇ ਸਰਕਾਰ ਨੂੰ ਭੇਜੇ ਗਏ ਪੱਤਰਾਂ ਦੇ ਤੱਥਾਂ ਨੂੰ ਸਹੀ ਢੰਗ ਨਾਲ ਪੇਸ਼ ਨਹੀਂ ਕੀਤਾ ਗਿਆ।

30 ਨਵੰਬਰ ਨੂੰ ਸਵੇਰੇ 11 ਵਜੇ ਹੋਵੇਗੀ ਸਾਂਝੀ ਮੀਟਿੰਗ

ਮਾਹਿਰ ਕਮੇਟੀ ਵੱਲੋਂ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਹੈ। ਜਾਰੀ ਪੱਤਰ ਮੁਤਾਬਕ, 30 ਨਵੰਬਰ ਨੂੰ ਸਵੇਰੇ 11 ਵਜੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਲਦੇਵ ਸਿੰਘ ਮਾਹਿਲਪੁਰੀ ਮੀਟਿੰਗ ਹਾਲ ਵਿੱਚ ਦੋਵਾਂ ਕਮੇਟੀਆਂ ਦੀ ਸਾਂਝੀ ਬੈਠਕ ਹੋਵੇਗੀ।

ਇਸ ਮੀਟਿੰਗ ਵਿੱਚ ਦੋਵਾਂ ਕਮੇਟੀਆਂ ਦੇ ਸਿਰਫ਼ ਨਾਮਜ਼ਦ ਮੈਂਬਰਾਂ ਨੂੰ ਹੀ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਬੈਠਕ ਦੌਰਾਨ ਸਤਿਕਾਰ ਸੋਧ ਐਕਟ ਨਾਲ ਸਬੰਧਤ ਇਤਰਾਜ਼ਾਂ ਅਤੇ ਪਹਿਲਾਂ ਜਾਰੀ ਕੀਤੇ ਗਏ ਆਦੇਸ਼ਾਂ ਦੇ ਆਧਾਰ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ‘ਚ ਪਾਸ ਹੋਇਆ ਸੀ ਐਕਟ

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ 13 ਅਪ੍ਰੈਲ 2026 ਨੂੰ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026’ ਪਾਸ ਕੀਤਾ ਗਿਆ ਸੀ। ਹਾਲਾਂਕਿ, ਇਸ ਕਾਨੂੰਨ ਨੂੰ ਲੈ ਕੇ ਸ਼ੁਰੂ ਤੋਂ ਹੀ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਇਤਰਾਜ਼ ਪ੍ਰਗਟਾਏ ਜਾਂਦੇ ਰਹੇ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਤਰਾਜ਼ ਹੈ ਕਿ ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਪੰਥਕ ਸੰਸਥਾਵਾਂ ਨਾਲ ਲੋੜੀਂਦਾ ਵਿਚਾਰ-ਵਟਾਂਦਰਾ ਨਹੀਂ ਕੀਤਾ ਗਿਆ। ਮਾਹਿਰ ਕਮੇਟੀ ਵੱਲੋਂ ਕਾਨੂੰਨ ਦੀਆਂ ਕੁਝ ਧਾਰਾਵਾਂ ਨੂੰ ਸਿੱਖ ਧਾਰਮਿਕ ਮਾਮਲਿਆਂ ਅਤੇ ਪੰਥਕ ਸੰਸਥਾਵਾਂ ਦੇ ਅਧਿਕਾਰ ਖੇਤਰ ਵਿੱਚ ਦਖ਼ਲਅੰਦਾਜ਼ੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਹੁਣ 30 ਨਵੰਬਰ ਨੂੰ ਹੋਣ ਵਾਲੀ ਸਾਂਝੀ ਮੀਟਿੰਗ ਵਿੱਚ ਇਹ ਦੇਖਣਾ ਅਹਿਮ ਹੋਵੇਗਾ ਕਿ ਦੋਵੇਂ ਧਿਰਾਂ ਵਿਚਾਲੇ ਮਤਭੇਦਾਂ ਨੂੰ ਗੱਲਬਾਤ ਰਾਹੀਂ ਸੁਲਝਾਉਣ ਲਈ ਕੀ ਸਹਿਮਤੀ ਬਣਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments