ਕਾਹਿਰਾ: ਮਿਸਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ ਵੱਡਾ ਜਾਨੀ ਨੁਕਸਾਨ ਹੋਇਆ ਹੈ। ਪੈਟਰੋਲੀਅਮ ਉਤਪਾਦਾਂ ਨਾਲ ਭਰਿਆ ਇੱਕ ਟੈਂਕਰ ਸੜਕ ‘ਤੇ ਪਲਟ ਗਿਆ, ਜਿਸ ਤੋਂ ਬਾਅਦ ਉਸ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ 31 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਹੋਰ ਲੋਕ ਜ਼ਖ਼ਮੀ ਹੋ ਗਏ।
ਸਿਹਤ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਹਾਦਸਾ ਗ੍ਰੇਟਰ ਕਾਹਿਰਾ ਨੂੰ ਜੋੜਨ ਵਾਲੀ ਰਿੰਗ ਰੋਡ ‘ਤੇ ਗੀਜ਼ਾ ਦੇ ਅਲ-ਵਰਾਕ ਇਲਾਕੇ ਵਿੱਚ ਵਾਪਰਿਆ। ਟੈਂਕਰ ਇੱਕ ਸੁਰੰਗ ਦੇ ਉੱਪਰ ਪਲਟਿਆ ਅਤੇ ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰ ਲਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਮੁਲਾਜ਼ਮਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਇਹ ਰਿੰਗ ਰੋਡ ਕਾਹਿਰਾ, ਗੀਜ਼ਾ ਅਤੇ ਕਲਿਊਬੀਆ ਸੂਬਿਆਂ ਨੂੰ ਪ੍ਰਮੁੱਖ ਹਾਈਵੇਅ ਨਾਲ ਜੋੜਦੀ ਹੈ। ਮਿਸਰ ਵਿੱਚ ਤੇਜ਼ ਰਫ਼ਤਾਰ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਅਤੇ ਸੜਕਾਂ ਦੀ ਮਾੜੀ ਹਾਲਤ ਨੂੰ ਹਾਦਸਿਆਂ ਦੇ ਮੁੱਖ ਕਾਰਨਾਂ ਵਿੱਚ ਗਿਣਿਆ ਜਾਂਦਾ ਹੈ।
ਹਾਲਾਂਕਿ ਪਿਛਲੇ ਕੁਝ ਸਾਲਾਂ ਦੌਰਾਨ ਮਿਸਰ ਸਰਕਾਰ ਵੱਲੋਂ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਨਵੇਂ ਹਾਈਵੇਅ ਅਤੇ ਪੁਲਾਂ ਦਾ ਵੱਡਾ ਨੈੱਟਵਰਕ ਤਿਆਰ ਕੀਤਾ ਗਿਆ ਹੈ, ਪਰ ਇਸ ਦੇ ਬਾਵਜੂਦ ਦੇਸ਼ ਵਿੱਚ ਸੜਕ ਸੁਰੱਖਿਆ ਇੱਕ ਵੱਡੀ ਚੁਣੌਤੀ ਬਣੀ ਹੋਈ ਹੈ।










