Homeਪੰਜਾਬਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ,...

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ , ਡੀ.ਸੀ. ਤੇ ਐੱਸ.ਐੱਸ.ਪੀ. ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਬਠਿੰਡਾ: ਪੰਜਾਬ ਸਰਕਾਰ ਦਾ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਾਰ ਸ਼ੋਭਾ ਯਾਤਰਾਵਾਂ ਕਰਵਾ ਰਿਹਾ ਹੈ, ਜਿਨ੍ਹਾਂ ਵਿੱਚੋਂ ਤੀਜੀ ਸ਼ੋਭਾ ਯਾਤਰਾ 1 ਦਸੰਬਰ ਨੂੰ ਜ਼ਿਲ੍ਹਾ ਬਠਿੰਡਾ ਤੋਂ ਸ਼ੁਰੂ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਅਮਰਪੁਰਾ ਬਸਤੀ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਭਵਨ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸ੍ਰੀ ਗੁਰੂ ਰਵਿਦਾਸ ਮਹਾਸਭਾ ਬਠਿੰਡਾ ਦੇ ਵੱਖ-ਵੱਖ ਅਹੁਦੇਦਾਰਾਂ ਨਾਲ ਮੀਟਿੰਗ ਕਰਦਿਆਂ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਦਸੰਬਰ ਨੂੰ ਸ਼ੋਭਾ ਯਾਤਰਾ ਸਵੇਰੇ 7:30 ਵਜੇ ਬਠਿੰਡਾ ਸ਼ਹਿਰ ਦੀ ਅਮਰਪੁਰਾ ਬਸਤੀ ਤੋਂ ਸ਼ੁਰੂ ਹੋਵੇਗੀ। ਇਹ ਯਾਤਰਾ ਦਾਣਾ ਮੰਡੀ ਤੋਂ ਹੁੰਦੀ ਹੋਈ ਸਬਜ਼ੀ ਮੰਡੀ, ਭਗਵਾਨ ਵਾਲਮੀਕਿ ਚੌਕ, ਫੌਜੀ ਚੌਕ ਅਤੇ ਬੀਬੀਵਾਲਾ ਚੌਕ ਪਹੁੰਚੇਗੀ। ਇਸ ਤੋਂ ਬਾਅਦ ਸ਼ੋਭਾ ਯਾਤਰਾ ਭੁੱਚੋ ਮੰਡੀ ਅਤੇ ਰਾਮਪੁਰਾ ਤੋਂ ਹੁੰਦੀ ਹੋਈ ਜ਼ਿਲ੍ਹਾ ਬਰਨਾਲਾ ਵਿੱਚ ਦਾਖ਼ਲ ਹੋਵੇਗੀ। ਇਹ ਯਾਤਰਾ ਬਰਨਾਲਾ, ਸੰਗਰੂਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਤੋਂ ਹੁੰਦੀ ਹੋਈ ਰੂਪਨਗਰ, ਬਲਾਚੌਰ ਅਤੇ ਗੜ੍ਹਸ਼ੰਕਰ ਰਾਹੀਂ ਸ੍ਰੀ ਖੁਰਾਲਗੜ੍ਹ ਸਾਹਿਬ (ਜ਼ਿਲ੍ਹਾ ਹੁਸ਼ਿਆਰਪੁਰ) ਪਹੁੰਚੇਗੀ।

ਇਹ ਸ਼ੋਭਾ ਯਾਤਰਾ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇਗੀ, ਜਿੱਥੇ ਪੰਜਾਬ ਸਰਕਾਰ ਵੱਲੋਂ 4 ਤੋਂ 6 ਦਸੰਬਰ ਤੱਕ ਵੱਡੇ ਪੱਧਰ ‘ਤੇ ਸਮਾਗਮ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਸ਼ੋਭਾ ਯਾਤਰਾ ਦੌਰਾਨ ਸਾਰੇ ਰਸਤਿਆਂ ਦੀ ਸਫ਼ਾਈ, ਲੰਗਰ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ, ਲਟਕਦੀਆਂ ਬਿਜਲੀ ਦੀਆਂ ਤਾਰਾਂ ਦੀ ਮੁਰੰਮਤ ਅਤੇ ਰਸਤੇ ਵਿੱਚ ਆਉਣ ਵਾਲੇ ਦਰੱਖਤਾਂ ਦੀ ਛੰਗਾਈ ਆਦਿ ਦੇ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾਣ।

ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਸ਼ੋਭਾ ਯਾਤਰਾ ਦੇ ਰੂਟ ‘ਤੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ, ਤਾਂ ਜੋ ਸ਼ਰਧਾਲੂਆਂ ਨੂੰ ਆਵਾਜਾਈ ਆਦਿ ਸਬੰਧੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ, ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ, ਜੰਗਲਾਤ ਵਿਭਾਗ ਦੇ ਚੇਅਰਮੈਨ ਰਾਕੇਸ਼ ਪੁਰੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ, ਨਗਰ ਨਿਗਮ ਕਮਿਸ਼ਨਰ ਲਵਜੀਤ ਕਲਸੀ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਪੰਕਜ ਕੁਮਾਰ, ਮਾਰਕੀਟ ਕਮੇਟੀ ਬਠਿੰਡਾ ਦੇ ਚੇਅਰਮੈਨ ਬਲਜੀਤ ਬੱਲੀ, ਸ੍ਰੀ ਗੁਰੂ ਰਵਿਦਾਸ ਮਹਾਸਭਾ ਬਠਿੰਡਾ ਦੇ ਪ੍ਰਧਾਨ ਗੌਰੀ ਸ਼ੰਕਰ ਤੋਂ ਇਲਾਵਾ ਮਹਾਸਭਾ ਦੇ ਵੱਖ-ਵੱਖ ਅਹੁਦੇਦਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments