Homeਸੰਸਾਰਨੌਸ਼ਹਿਰਾ ਵਿਰਕਾਂ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਖਾਰਾ ਸਾਹਿਬ ਦੀ ਮੁੜ-ਉਸਾਰੀ ਮੁਕੰਮਲ

ਨੌਸ਼ਹਿਰਾ ਵਿਰਕਾਂ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਖਾਰਾ ਸਾਹਿਬ ਦੀ ਮੁੜ-ਉਸਾਰੀ ਮੁਕੰਮਲ

ਲਾਹੌਰ: ਦੁਨੀਆ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਅਤੇ ਵਿਰਾਸਤੀ ਅਸਥਾਨਾਂ ਦੀ ਸੰਭਾਲ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਦੇ ਵਿਸ਼ੇਸ਼ ਨਿਰਦੇਸ਼ਾਂ ਹੇਠ ਨੌਸ਼ਹਿਰਾ ਵਿਰਕਾਂ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਖਾਰਾ ਸਾਹਿਬ ਦੀ ਮੁੜ-ਉਸਾਰੀ ਅਤੇ ਸੁੰਦਰੀਕਰਨ ਦਾ ਕਾਰਜ ਮੁਕੰਮਲ ਕਰਕੇ ਇਸ ਨੂੰ ਸੰਗਤਾਂ ਦੇ ਦਰਸ਼ਨ-ਦੀਦਾਰਿਆਂ ਅਤੇ ਧਾਰਮਿਕ ਮਰਿਆਦਾ ਅਨੁਸਾਰ ਪਾਠ-ਪੂਜਾ ਲਈ ਮੁੜ ਖੋਲ੍ਹ ਦਿੱਤਾ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪਾਵਨ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਨੇਪਰੇ ਚੜ੍ਹੇ ਇਸ ਕਾਰਜ ਦਾ ਰਸਮੀ ਉਦਘਾਟਨ ਸੂਬਾਈ ਘੱਟ-ਗਿਣਤੀ ਮਾਮਲਿਆਂ ਬਾਰੇ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਰਮੇਸ਼ ਸਿੰਘ ਅਰੋੜਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ। ਇਸ ਇਤਿਹਾਸਕ ਅਤੇ ਭਾਵੁਕ ਪਲ ਦੇ ਗਵਾਹ ਬਣਨ ਲਈ ਪਾਕਿਸਤਾਨ ਸਮੇਤ ਭਾਰਤ ਅਤੇ ਦੁਨੀਆ ਦੇ ਵੱਖ-ਵੱਖ ਹਿੱਸਿਆਂ ਤੋਂ ਪੁੱਜੇ ਸਿੱਖ ਸ਼ਰਧਾਲੂਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਸੂਬਾਈ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਇਤਿਹਾਸਕ ਅਤੇ ਧਾਰਮਿਕ ਵਿਰਾਸਤ ਨੂੰ ਸੰਭਾਲਣ, ਪੁਰਾਤਨ ਧਾਰਮਿਕ ਅਸਥਾਨਾਂ ਦੀ ਮੁੜ-ਉਸਾਰੀ ਕਰਨ ਅਤੇ ਘੱਟ-ਗਿਣਤੀ ਭਾਈਚਾਰਿਆਂ ਨੂੰ ਪੂਰਨ ਧਾਰਮਿਕ ਆਜ਼ਾਦੀ ਮੁਹੱਈਆ ਕਰਵਾਉਣ ਲਈ ਵਿਹਾਰਕ ਅਤੇ ਠੋਸ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਖਾਰਾ ਸਾਹਿਬ ਦੀ ਬਹਾਲੀ ਦੌਰਾਨ ਇਸ ਦੀ ਮੂਲ ਪੁਰਾਤਨ ਭਵਨ ਨਿਰਮਾਣ ਕਲਾ, ਇਤਿਹਾਸਕ ਮਹੱਤਤਾ ਅਤੇ ਧਾਰਮਿਕ ਪਛਾਣ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਿਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਿੱਖ ਸੰਗਤਾਂ ਮੁੜ ਇਸ ਪਵਿੱਤਰ ਅਸਥਾਨ ‘ਤੇ ਨਤਮਸਤਕ ਹੋ ਸਕਣ ਅਤੇ ਆਪਣੀ ਗੁਰਮਤਿ ਮਰਿਆਦਾ ਅਨੁਸਾਰ ਸੇਵਾ-ਸਿਮਰਨ ਕਰ ਸਕਣ। ਸਰਦਾਰ ਅਰੋੜਾ ਨੇ ਮੁੜ ਦੁਹਰਾਇਆ ਕਿ ਪਾਕਿਸਤਾਨ ਸਿੱਖਾਂ ਸਮੇਤ ਸਮੂਹ ਘੱਟ-ਗਿਣਤੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਗੁਰਦੁਆਰਾ ਸਾਹਿਬ ਦੀ ਇਹ ਬਹਾਲੀ ਅੰਤਰ-ਧਰਮ ਸਦਭਾਵਨਾ, ਧਾਰਮਿਕ ਸਹਿਣਸ਼ੀਲਤਾ ਅਤੇ ਸ਼ਾਂਤਮਈ ਸਹਿ-ਹੋਂਦ ਦੀ ਇੱਕ ਜਿਊਂਦੀ-ਜਾਗਦੀ ਮਿਸਾਲ ਹੈ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਪਾਕਿਸਤਾਨ ਵਿੱਚ ਆਪਸੀ ਭਾਈਚਾਰਕ ਸਾਂਝ ਅਤੇ ਧਾਰਮਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਵਾਲੇ ਅਜਿਹੇ ਕਦਮ ਬੇਹੱਦ ਪ੍ਰਸ਼ੰਸਾਯੋਗ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਖਾਰਾ ਸਾਹਿਬ ਦੀ ਬਹਾਲੀ ਸਿੱਖ ਵਿਰਾਸਤ ਦੀ ਸੰਭਾਲ ਅਤੇ ਦੁਨੀਆ ਭਰ ਦੀਆਂ ਸਿੱਖ ਸੰਗਤਾਂ ਦੀਆਂ ਅਧਿਆਤਮਿਕ ਇੱਛਾਵਾਂ ਦੀ ਪੂਰਤੀ ਵੱਲ ਇੱਕ ਵੱਡਾ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਉਸਾਰੂ ਕਾਰਜ ਕੌਮਾਂਤਰੀ ਪੱਧਰ ‘ਤੇ ਪਾਕਿਸਤਾਨ ਦੇ ਸਕਾਰਾਤਮਕ ਅਕਸ ਨੂੰ ਉਭਾਰਨ ਅਤੇ ਵੱਖ-ਵੱਖ ਧਰਮਾਂ ਦੇ ਪੈਰੋਕਾਰਾਂ ਵਿਚਾਲੇ ਆਪਸੀ ਸਤਿਕਾਰ ਅਤੇ ਸਮਝ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments