ਚੋਹਲਾ ਸਾਹਿਬ : ਗੁਆਂਢੀ ਮੁਲਕ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਸਥਿਤ ਇਤਿਹਾਸਕ ਗੁਰਦੁਆਰਾ ਨਾਨਕਸ਼ਾਹੀ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਆਗਾਮੀ 4 ਦਸੰਬਰ ਨੂੰ ਬੜੀ ਸ਼ਰਧਾ, ਸਤਿਕਾਰ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਮੌਕੇ ਗੁਰੂ ਘਰ ਦੇ ਦਰਸ਼ਨ-ਦੀਦਾਰੇ ਕਰਨ ਅਤੇ ਗੁਰਮਤਿ ਸਮਾਗਮਾਂ ਵਿੱਚ ਹਾਜ਼ਰੀ ਭਰਨ ਲਈ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵੱਲੋਂ ਸਿੱਖ ਸ਼ਰਧਾਲੂਆਂ ਦਾ ਇੱਕ ਵਿਸ਼ੇਸ਼ ਜਥਾ 30 ਨਵੰਬਰ ਨੂੰ ਬੰਗਲਾਦੇਸ਼ ਲਈ ਰਵਾਨਾ ਹੋਵੇਗਾ। ਸੰਪਰਦਾਇ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਅਤੇ ਸੰਤ ਬਾਬਾ ਹਾਕਮ ਸਿੰਘ ਦੀ ਯੋਗ ਅਗਵਾਈ ਹੇਠ ਜਾਣ ਵਾਲੀ ਇਹ ਧਾਰਮਿਕ ਯਾਤਰਾ ਬੰਗਲਾਦੇਸ਼ ਗੁਰਦੁਆਰਾ ਪ੍ਰਬੰਧਕ ਕਮੇਟੀ ਢਾਕਾ, ਬੰਗਲਾਦੇਸ਼ ਗੁਰਦੁਆਰਾ ਮੈਨੇਜਮੈਂਟ ਬੋਰਡ ਕਲਕੱਤਾ ਅਤੇ ਸਮੂਹ ਸੰਗਤਾਂ ਦੇ ਆਪਸੀ ਸਹਿਯੋਗ ਨਾਲ ਨੇਪਰੇ ਚਾੜ੍ਹੀ ਜਾ ਰਹੀ ਹੈ।
ਇਸ ਸਬੰਧੀ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਸੰਤ ਬਾਬਾ ਸੁੱਖਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਨਾਨਕਸ਼ਾਹੀ ਢਾਕਾ ਵਿਖੇ 4 ਦਸੰਬਰ ਨੂੰ ਕਰਵਾਏ ਜਾਣ ਵਾਲੇ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ, ਉਦਾਸੀਆਂ ਅਤੇ ਸਰਬੱਤ ਦੇ ਭਲੇ ਦੇ ਸਿਧਾਂਤ ‘ਤੇ ਵਿਸ਼ੇਸ਼ ਵਿਚਾਰ-ਚਰਚਾ ਹੋਵੇਗੀ। ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਇਲਾਹੀ ਗੁਰਬਾਣੀ ਕੀਰਤਨ ਦੇ ਪ੍ਰਵਾਹ ਨਿਰੰਤਰ ਚਲਾਏ ਜਾਣਗੇ ਅਤੇ ਕਥਾਵਾਚਕਾਂ ਵੱਲੋਂ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਢਾਕਾ ਯੂਨੀਵਰਸਿਟੀ ਕੰਪਲੈਕਸ ਦੇ ਨਜ਼ਦੀਕ ਸਥਿਤ ਇਹ ਇਤਿਹਾਸਕ ਅਸਥਾਨ ਗੁਰੂ ਨਾਨਕ ਦੇਵ ਜੀ ਦੀ 16ਵੀਂ ਸਦੀ ਦੀ ਯਾਤਰਾ ਦੀ ਯਾਦ ਦਿਵਾਉਂਦਾ ਹੈ, ਜਿਸ ਦੀ ਸੇਵਾ-ਸੰਭਾਲ ਅਤੇ ਸੁੰਦਰੀਕਰਨ ਵਿੱਚ ਕਾਰ ਸੇਵਾ ਸਰਹਾਲੀ ਸਾਹਿਬ ਦਾ ਅਹਿਮ ਯੋਗਦਾਨ ਰਿਹਾ ਹੈ। ਸੰਤ ਬਾਬਾ ਸੁੱਖਾ ਸਿੰਘ ਨੇ ਕਿਹਾ ਕਿ ਇਸ ਯਾਤਰਾ ਦੌਰਾਨ ਜਥੇ ਵਿੱਚ ਸ਼ਾਮਲ ਸੰਗਤਾਂ ਬੰਗਲਾਦੇਸ਼ ਦੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਵੀ ਕਰਨਗੀਆਂ, ਜਿਸ ਨਾਲ ਦੋਵਾਂ ਮੁਲਕਾਂ ਦੀਆਂ ਸੰਗਤਾਂ ਵਿਚਾਲੇ ਆਪਸੀ ਸਾਂਝ ਅਤੇ ਭਾਈਚਾਰਕ ਏਕਤਾ ਹੋਰ ਮਜ਼ਬੂਤ ਹੋਵੇਗੀ।










