ਜਲੰਧਰ: ਅਮਰੀਕਾ ਵਿੱਚ ਇੱਕ ਹੋਰ ਸੜਕ ਹਾਦਸੇ ਦੌਰਾਨ ਪੰਜਾਬ ਦੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਨਾਲ ਸਬੰਧਤ ਪੰਜਾਬੀ ਟਰੱਕ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 27 ਸਾਲਾ ਗੁਰਕੀਰਤ ਸਿੰਘ ਖਰੌੜ ਵਜੋਂ ਹੋਈ ਹੈ। ਇਸ ਖ਼ਬਰ ਨਾਲ ਉਸ ਦੇ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ, ਗੁਰਕੀਰਤ ਸਿੰਘ ਆਪਣੇ ਟਰੱਕ ਦੇ ਟਾਇਰ ਚੈੱਕ ਕਰ ਰਿਹਾ ਸੀ। ਇਸੇ ਦੌਰਾਨ ਉੱਥੋਂ ਲੰਘ ਰਹੇ ਇੱਕ ਹੋਰ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਉਹ ਉਸ ਦੀ ਲਪੇਟ ਵਿੱਚ ਆ ਗਿਆ। ਹਾਦਸਾ ਇੰਨਾ ਗੰਭੀਰ ਸੀ ਕਿ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਗੁਰਕੀਰਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਨੇ ਉਸ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ ਕੀਤੀਆਂ ਹੋਈਆਂ ਸਨ ਅਤੇ ਜਨਵਰੀ ਮਹੀਨੇ ਵਿੱਚ ਉਸ ਦਾ ਵਿਆਹ ਹੋਣਾ ਤੈਅ ਸੀ। ਪਰਿਵਾਰ ਨੇ ਪੁੱਤਰ ਦੇ ਵਿਆਹ ਨੂੰ ਲੈ ਕੇ ਕਈ ਸੁਪਨੇ ਸਜਾਏ ਹੋਏ ਸਨ, ਪਰ ਇਸ ਹਾਦਸੇ ਨੇ ਸਾਰੀਆਂ ਖੁਸ਼ੀਆਂ ਨੂੰ ਮਾਤਮ ਵਿੱਚ ਬਦਲ ਦਿੱਤਾ।
ਵਿਦੇਸ਼ ਵਿੱਚ ਰੋਜ਼ੀ-ਰੋਟੀ ਕਮਾਉਣ ਗਏ ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਨੇ ਪੰਜਾਬ ਵਿੱਚ ਰਹਿੰਦੇ ਉਸ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਗਹਿਰਾ ਸਦਮਾ ਪਹੁੰਚਾਇਆ ਹੈ। ਇਕਲੌਤੇ ਪੁੱਤਰ ਦੀ ਮੌਤ ਕਾਰਨ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।










