ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਬੀਤੇ ਦਿਨ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 2 ਲੋਕ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ ਸੈਨਾਬਾਠੀ ਦਬਦਰੋਰਾ ਖੇਤਰ ਦੇ ਨੇੜੇ ਵਾਪਰਿਆ।ਜਾਣਕਾਰੀ ਮੁਤਾਬਕ, ਗੱਡੀ ਸੈਨਾਬਾਠੀ ਤੋਂ ਉਖਰਾਲ ਜਾ ਰਹੀ ਸੀ। ਰਸਤੇ ਵਿੱਚ ਕਾਰ ਅਚਾਨਕ ਫਿਸਲ ਗਈ ਅਤੇ ਲਗਭਗ 300 ਤੋਂ 500 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਹਾਦਸੇ ਸਮੇਂ ਕਾਰ ਵਿੱਚ ਕੁੱਲ 6 ਲੋਕ ਸਵਾਰ ਸਨ। 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂਕਿ 2 ਲੋਕ ਜ਼ਖਮੀ ਹੋ ਗਏ।
ਇਸ ਮਗਰੋਂ ਮੌਕੇ ’ਤੇ ਬਚਾਅ ਟੀਮ ਅਤੇ ਸਥਾਨਕ ਲੋਕ ਪਹੁੰਚੇ।ਜ਼ਖਮੀਆਂ ਨੂੰ ਤੁਰੰਤ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ
ਰਾਮਬਨ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਦੁਖਦਾਈ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਪ੍ਰਸ਼ਾਸਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕਰਕੇ ਕਿਹਾ, “ਅਸੀਂ ਦੁਖੀ ਪਰਿਵਾਰਾਂ ਦੇ ਨਾਲ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦੇ ਹਾਂ।” ਪ੍ਰਸ਼ਾਸਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਅਤੇ ਜ਼ਖਮੀਆਂ ਨੂੰ 25,000 ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ।











