ਅੰਮ੍ਰਿਤਸਰ : ਅੰਮ੍ਰਿਤਸਰ ਦੇ ਰਣਜੀਤ ਐਵਨਿਊ ਇਲਾਕੇ ਵਿੱਚ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕੂੜੇ ਵਾਲੀ ਗੱਡੀ ਵਿੱਚ ਗੁਟਕਾ ਸਾਹਿਬ ਦੇ ਅੰਗ ਮਿਲੇ। ਗੱਡੀ ਦੇ ਡਰਾਈਵਰ ਨੇ ਇਹ ਅੰਗ ਡੀ ਬਲਾਕ ਸਥਿਤ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਸਾਹਿਬ ਵਿੱਚ ਜਮ੍ਹਾਂ ਕਰਵਾਏ, ਪਰ ਗੁਰਦੁਆਰੇ ਦੇ ਪ੍ਰਬੰਧਕਾਂ ਨੇ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਕੋਲ ਅਜਿਹਾ ਕੁਝ ਨਹੀਂ ਪਹੁੰਚਿਆ ਅਤੇ ਸੀਸੀਟੀਵੀ ਕੈਮਰੇ ਵੀ ਨਾ ਚੱਲਣ ਦੀ ਗੱਲ ਕਹੀ। ਇਸ ਮਾਮਲੇ ਤੋਂ ਬਾਅਦ ਸਿੱਖ ਜਥੇਬੰਦੀਆਂ ਜਿਵੇਂ ਆਲ ਇੰਡੀਆ ਸਿੱਖ ਸਤਿਕਾਰ ਕਮੇਟੀ ਅਤੇ ਹੋਰ ਸੰਗਠਨਾਂ ਨੇ ਗੰਭੀਰ ਰੋਸ ਜਤਾਇਆ।
ਘਟਨਾ ਦੀ ਸੂਚਨਾ ਮਿਲਦੇ ਹੀ ਆਲ ਇੰਡੀਆ ਸਿੱਖ ਸਤਿਕਾਰ ਕਮੇਟੀ ਅਤੇ ਹੋਰ ਸਿੱਖ ਸੰਗਠਨਾਂ ਨੇ ਰਣਜੀਤ ਐਵੇਨਿਊ ਪੁਲਿਸ ਸਟੇਸ਼ਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਇਸ ਨੂੰ ਗੁਰੂ ਜੀ ਦੀ ਸ਼ਾਨ ਦਾ ਸਿੱਧਾ ਅਪਮਾਨ ਦੱਸਿਆ। ਸੰਗਠਨਾਂ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਦੋਸ਼ੀਆਂ ਦੀ ਪਛਾਣ ਨਾ ਕੀਤੀ ਗਈ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਸੂਬੇ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।











