ਅੰਮ੍ਰਿਤਸਰ : ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਤਾਰਾਗੜ੍ਹ ਤਲਵਣ ਵਿੱਚ ਇੱਕ ਦੋਧੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਸ ਸਮੇਂ ਉਹ ਰੋਜ਼ਾਨਾ ਦੀ ਤਰ੍ਹਾਂ ਦੁੱਧ ਪਾ ਕੇ ਵਾਪਸ ਆ ਰਿਹਾ ਸੀ। ਰਸਤੇ ਵਿਚ ਹੀ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
ਮ੍ਰਿਤਕ ਦੀ ਪਛਾਣ ਕੁਲਬੀਰ ਸਿੰਘ ਵਾਸੀ ਪਿੰਡ ਧਾੜ ਵਜੋਂ ਹੋਈ ਹੈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਮੌਕੇ ਪਿੰਡ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਜਦੋਂ ਉਹ ਆਪਣੀ ਦੁਕਾਨ ਤੋਂ ਵਾਪਸ ਘਰ ਆ ਰਿਹਾ ਸੀ ਤਾਂ ਰਸਤੇ ਵਿੱਚ ਉਸ ਨੇ ਕੁਲਬੀਰ ਸਿੰਘ ਦੀ ਕਾਰ ਦੇਖੀ, ਜਿਸ ਵਿੱਚ ਉਸ ਦੀ ਲਾਸ਼ ਪਈ ਸੀ ਅਤੇ ਗੋਲੀਆਂ ਨਾਲ ਭੁੰਨਿਆ ਹੋਇਆ ਸੀ। ਪੁਲਿਸ ਪ੍ਰਸ਼ਾਸਨ ਵੀ ਮੌਕੇ ‘ਤੇ ਪਹੁੰਚ ਗਿਆ ਹੈ ਅਤੇ ਉਨ੍ਹਾਂ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਜੰਡਿਆਲਾ ਗੁਰੂ ਦੇ ਡੀ.ਐਸ.ਪੀ. ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਨਾਂ ਕੁਲਬੀਰ ਸਿੰਘ ਹੈ ਅਤੇ ਉਹ ਪਿੰਡ ਧਾੜ ਦਾ ਰਹਿਣ ਵਾਲਾ ਹੈ। ਉਹ ਦੁੱਧ ਵੇਚਣ ਦਾ ਕੰਮ ਕਰਦਾ ਹੈ ਅਤੇ ਬੀਤੀ ਸ਼ਾਮ ਨੂੰ ਉਹ ਪਿੰਡ ਤਾਰਾਗੜ੍ਹ ਤਲਵਣ ਦੇ ਘਰਾਂ ‘ਚ ਦੁੱਧ ਪਹੁੰਚਾ ਕੇ ਘਰ ਪਰਤ ਰਿਹਾ ਸੀ ਤਾਂ ਕੁਝ ਅਣਪਛਾਤੇ ਨੌਜਵਾਨਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਮਲਾ ਪੁਰਾਣੀ ਦੁਸ਼ਮਣੀ ਦਾ ਹੈ।
ਮ੍ਰਿਤਕ ਦੇ ਪਿਤਾ ਅਨੁਸਾਰ ਉਸ ਦੀ 10-12 ਸਾਲ ਪਹਿਲਾਂ ਪਿੰਡ ਵਿੱਚ ਕਿਸੇ ਨਾਲ ਲੜਾਈ ਹੋਈ ਸੀ, ਜਿਸ ਕਾਰਨ ਉਨ੍ਹਾਂ ਨੇ ਕੁਲਵਿੰਦਰ ਸਿੰਘ ਨੂੰ ਤਿੰਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਕੁਲਬੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀ ਨੇ ਅੱਗੇ ਕਿਹਾ ਕਿ ਇਹ ਕਿਸੇ ਇੱਕ ਵਿਅਕਤੀ ਦਾ ਕੰਮ ਨਹੀਂ ਹੈ, ਇਹ ਘੱਟੋ-ਘੱਟ ਤਿੰਨ ਜਾਂ ਚਾਰ ਲੋਕਾਂ ਦਾ ਕੰਮ ਹੈ। ਉਹ ਜਾਂਚ ਕਰ ਰਹੇ ਹਨ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।