ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਲਈ ਅੱਜ ਚੋਣਾਂ ਹਨ। ਇਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰ ਨਵੇਂ ਪ੍ਰਧਾਨ ਦੇ ਹੱਕ ਵਿੱਚ ਵੋਟ ਪਾਉਣਗੇ। ਇਹ ਚੋਣ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਦੂਜੇ ਪਾਸੇ ਅਕਾਲੀ ਦਲ ਦੇ ਬਾਗੀ ਧੜੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
ਜਾਣਕਾਰੀ ਅਨੁਸਾਰ ਸਮੁੱਚੇ ਪੰਜਾਬ ਤੋਂ ਮੈਂਬਰਾਂ ਤੋਂ ਇਲਾਵਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਐਸ.ਜੀ.ਪੀ.ਸੀ. ਮੈਂਬਰ ਗੁਰਿੰਦਰ ਸਿੰਘ ਬਾਵਾ ਵੀ ਪਹੁੰਚੇ ਹੋਏ ਹਨ। ਚੋਣਾਂ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਸਮੁੱਚੀ ਲੀਡਰਸ਼ਿਪ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੱਕ ਵਿੱਚ ਨਿੱਤਰ ਆਈ ਹੈ।
ਵਰਨਣਯੋਗ ਹੈ ਕਿ 2022 ਦੇ ਇਜਲਾਸ ਵਿੱਚ ਐਡਵੋਕੇਟ ਧਾਮੀ ਨੂੰ 104 ਵੋਟਾਂ ਮਿਲੀਆਂ ਸਨ ਜਦਕਿ ਵਿਰੋਧੀ ਧਿਰ ਵਿੱਚ ਖੜ੍ਹੀ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ 45 ਵੋਟਾਂ ਮਿਲੀਆਂ ਸਨ। ਇਸੇ ਤਰ੍ਹਾਂ 2023 ਵਿੱਚ ਵਿਰੋਧੀ ਧਿਰ ਦੇ ਉਮੀਦਵਾਰ ਸੰਤ ਬਲਬੀਰ ਸਿੰਘ ਨੂੰ ਸਿਰਫ਼ 15 ਵੋਟਾਂ ਮਿਲੀਆਂ ਸਨ।