ਸੁਕਮਾ: ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ.) ਦੇ ਇੱਕ ਸਬ-ਇੰਸਪੈਕਟਰ ਨੇ ਆਪਣੇ ਕੈਂਪ ਵਿੱਚ ਕਥਿਤ ਤੌਰ ‘ਤੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਿਸ ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸੁਕਮਾ ਦੇ ਨਾਲ ਲੱਗਦੇ ਬੀਜਾਪੁਰ ਜ਼ਿਲ੍ਹੇ ਦੇ ਜੰਗਲੀ ਖੇਤਰ ਵਿੱਚ ਸਥਿਤ ਮੇਟਗੁਡਾ ਕੈਂਪ ਵਿੱਚ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਵਾਪਰੀ। ਉਨ੍ਹਾਂ ਦੱਸਿਆ ਕਿ ਸੀ.ਆਰ.ਪੀ.ਐਫ. ਦੀ 131ਵੀਂ ਬਟਾਲੀਅਨ ਵਿੱਚ ਤਾਇਨਾਤ ਸਬ-ਇੰਸਪੈਕਟਰ ਦੇਵਾਨੰਦ ਯਾਦਵ ਨੇ ਅਣਪਛਾਤੇ ਕਾਰਨਾਂ ਕਰਕੇ ਆਪਣੀ ਸਰਵਿਸ ਰਾਈਫਲ ਨਾਲ ਖ਼ੁਦ ਨੂੰ ਗੋਲੀ ਮਾਰ ਲਈ।
ਗੋਲੀਬਾਰੀ ਦੀ ਆਵਾਜ਼ ਸੁਣ ਕੇ ਕੈਂਪ ਵਿਚ ਮੌਜੂਦ ਹੋਰ ਸੈਨਿਕਾਂ ਅਤੇ ਅਧਿਕਾਰੀਆਂ ਨੇ ਤੁਰੰਤ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਅਤੇ ਇਕ ਐਂਬੂਲੈਂਸ ਉਨ੍ਹਾਂ ਨੂੰ ਸੁਕਮਾ ਜ਼ਿਲ੍ਹੇ ਦੇ ਚਿੰਤਾਗੁਫਾ ਥਾਣਾ ਖੇਤਰ ਅਧੀਨ ਅਲਮਾਗੰਡਾ ਕੈਂਪ ਲੈ ਗਈ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਯਾਦਵ ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲ੍ਹੇ ਦੇ ਕਰਜਾਹਾ ਪਿੰਡ ਦੇ ਰਹਿਣ ਵਾਲੇ ਸਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੇ ਕਿਨ੍ਹਾਂ ਹਾਲਾਤਾਂ ‘ਚ ਇਹ ਕਦਮ ਚੁੱਕਿਆ।
ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਯਾਦਵ ਦੀ ਲਾਸ਼ ਬੀਤੇ ਦਿਨ ਉਨ੍ਹਾਂ ਦੇ ਜੱਦੀ ਪਿੰਡ ਭੇਜ ਦਿੱਤੀ ਗਈ। ਮਾਓਵਾਦੀ ਵਿਰੋਧੀ ਕਾਰਵਾਈਆਂ ਲਈ ਦੱਖਣੀ ਬਸਤਰ ਖੇਤਰ ਵਿੱਚ ਸੀ.ਆਰ.ਪੀ.ਐਫ. ਵੱਡੀ ਗਿਣਤੀ ਵਿੱਚ ਤਾਇਨਾਤ ਹੈ। ਇਸ ਸਾਲ 31 ਮਾਰਚ ਨੂੰ ਛੱਤੀਸਗੜ੍ਹ ਨੂੰ ਮਾਓਵਾਦੀ ਖ਼ਤਰੇ ਤੋਂ ਮੁਕਤ ਐਲਾਨ ਦਿੱਤਾ ਗਿਆ ਸੀ। ਪੁਲਿਸ ਅਨੁਸਾਰ ਪਿਛਲੇ ਅੱਠ ਸਾਲਾਂ ਵਿੱਚ ਰਾਜ ਵਿੱਚ 200 ਦੇ ਕਰੀਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਨੇ ਪਰਿਵਾਰਕ ਅਤੇ ਨਿੱਜੀ ਸਮੱਸਿਆਵਾਂ, ਸ਼ਰਾਬ ਦੀ ਲਤ ਅਤੇ ਸਿਹਤ ਸਮੱਸਿਆਵਾਂ ਸਮੇਤ ਵੱਖ-ਵੱਖ ਕਾਰਨਾਂ ਕਰਕੇ ਖੁਦਕੁਸ਼ੀ ਕੀਤੀ ਹੈ।










