Home ਪੰਜਾਬ ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ...

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਵਾਲੇ ‘ਧਰਮ ਯੁੱਧ ਮੋਰਚਾ’ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਦੀ ਦੁਖਦਾਈ ਘਟਨਾ ਦੀ ਤੁਰੰਤ ਪਾਰਦਰਸ਼ੀ ਅਤੇ ਡੂੰਘਾਈ ਨਾਲ ਜਾਂਚ ਯਕੀਨੀ ਬਣਾਏਗੀ। ਇਸ ਲਈ ਤੁਰੰਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਹ ਭਰੋਸਾ ਸਿੱਖ ਸੰਸਥਾਵਾਂ ਵੱਲੋਂ ਇਸ ਮਾਮਲੇ ਦੀ ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਵਾਰ-ਵਾਰ ਦਿੱਤੀਆਂ ਅਰਜ਼ੀਆਂ ਦੇ ਮੱਦੇਨਜ਼ਰ ਆਇਆ ਹੈ।

ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੰਬੇ ਸਮੇਂ ਤੋਂ ਲਟਕ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਬਿਨਾਂ ਕਿਸੇ ਦੇਰੀ ਦੇ ਕਰਵਾਉਣ ਅਤੇ ਸਮੇਂ ਸਿਰ ਕਾਰਵਾਈ ਤੇ ਯੋਗ ਕਾਨੂੰਨੀ ਪ੍ਰਕਿਰਿਆ ਰਾਹੀਂ ਸਿੱਖ ਪੰਥ ਨਾਲ ਸਬੰਧਤ ਸਾਰੇ ਮਸਲਿਆਂ ਨੂੰ ਹੱਲ ਕਰਨ ਦੀ ਸਰਕਾਰ ਦੀ ਵਚਨਬੱਧਤਾ ਦੁਹਰਾਈ।

ਐਕਸ ‘ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਟਾਲਾ ਵਿਖੇ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਜੀ ਨਾਲ ਚੰਡੀਗੜ੍ਹ ਵਿਖੇ ਇੱਕ ਅਹਿਮ ਮੀਟਿੰਗ ਕੀਤੀ। ਅਸੀਂ ਸਿੱਖ ਪੰਥ ਨਾਲ ਸਬੰਧਤ ਅਹਿਮ ਮੁੱਦਿਆਂ ‘ਤੇ ਖੁੱਲ੍ਹ ਕੇ ਚਰਚਾ ਕੀਤੀ। ਅਸੀਂ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਚੋਣਾਂ ਬਿਨਾਂ ਕਿਸੇ ਦੇਰੀ ਦੇ ਜਲਦੀ ਕਰਵਾਈਆਂ ਜਾਣ। ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੀ ਦੁਖਦਾਈ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ, ਮੈਂ ਭਰੋਸਾ ਦਿਵਾਇਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਤੁਰੰਤ ਐਸ.ਆਈ.ਟੀ. ਕਾਇਮ ਕੀਤੀ ਜਾਵੇਗੀ। ਜਾਂਚ ਜਲਦੀ ਪੂਰੀ ਕੀਤੀ ਜਾਵੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਸਾਡੀ ਸਰਕਾਰ ਸਿੱਖ ਪੰਥ ਨਾਲ ਸਬੰਧਤ ਹਰ ਮੁੱਦੇ ਦਾ ਤੁਰੰਤ ਅਤੇ ਢੁਕਵਾਂ ਹੱਲ ਲੱਭਣ ਲਈ ਵਚਨਬੱਧ ਹੈ।”

ਵਫ਼ਦ ਵੱਲੋਂ ਇਸ ਮਾਮਲੇ ਸਬੰਧੀ ਪ੍ਰਗਟਾਈਆਂ ਗਈਆਂ ਚਿੰਤਾਵਾਂ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਜਾਂਚ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ਸਿਰ ਕੀਤੀ ਜਾਵੇ। ਕਾਨੂੰਨ ਆਪਣਾ ਕੰਮ ਕਰੇਗਾ ਅਤੇ ਕਿਸੇ ਵੀ ਵਿਅਕਤੀ ਨੂੰ, ਚਾਹੇ ਉਹ ਕਿਸੇ ਵੀ ਅਹੁਦੇ ਜਾਂ ਰਸੂਖ ਵਾਲਾ ਹੋਵੇ, ਇਨਸਾਫ਼ ਦੀ ਪ੍ਰਕਿਰਿਆ ਵਿੱਚ ਦਖਲਅੰਦਾਜ਼ੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।”

ਉਨ੍ਹਾਂ ਕਿਹਾ, “ਐਸ.ਆਈ.ਟੀ. ਦੇ ਗਠਨ ਨਾਲ ਜਾਂਚ ਵਿੱਚ ਤੇਜ਼ੀ ਆਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਮਾਮਲੇ ਦੇ ਸਾਰੇ ਸਬੰਧਤ ਪਹਿਲੂਆਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਜਾਵੇ।”

ਵਫ਼ਦ ਨੂੰ ਸਖ਼ਤ ਕਾਰਵਾਈ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਜਾਂਚ ਪੂਰੀ ਹੋਣ ਤੋਂ ਬਾਅਦ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਹੀ ਮੰਦਭਾਗਾ ਹੈ ਕਿ ਮਾਨਵਤਾ ਵਿਰੁੱਧ ਖ਼ਾਸ ਕਰ ਕੇ ਇੱਕ ਔਰਤ ਵਿਰੁੱਧ ਇਹ ਘਿਨਾਉਣਾ ਅਪਰਾਧ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਵਾਪਰਿਆ ਹੈ। ਇਸ ਅਪਰਾਧ ਦੇ ਦੋਸ਼ੀ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।”

ਉਨ੍ਹਾਂ ਅੱਗੇ ਕਿਹਾ, “ਅਜਿਹੇ ਅਪਰਾਧੀ ਰਹਿਮ ਦੇ ਹੱਕਦਾਰ ਨਹੀਂ ਹਨ ਅਤੇ ਉਨ੍ਹਾਂ ਨਾਲ ਦੇਸ਼ ਦੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦੇ ਕੇ ਨਜਿੱਠਿਆ ਜਾਵੇਗਾ ਤਾਂ ਜੋ ਇਹ ਹੋਰਾਂ ਲਈ ਵੀ ਸਬਕ ਵਜੋਂ ਕੰਮ ਕਰੇ।”

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਚੋਣਾਂ ਬਾਰੇ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀ ਗੰਭੀਰਤਾ ਦੁਹਰਾਉਂਦਿਆਂ ਕਿਹਾ, “ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਵਿੱਚ ਕੋਈ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ। ਇਸ ਸਬੰਧੀ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਜਾਇਜ਼ ਕਦਮ ਚੁੱਕੇ ਜਾਣਗੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿੱਖ ਪੰਥ ਦਾ ਅਮੀਰ ਅਤੇ ਇਤਿਹਾਸਕ ਪਿਛੋਕੜ ਹੈ ਅਤੇ ਸਿੱਖ ਸੰਸਥਾਵਾਂ ਤੇ ਸਮੁੱਚੇ ਭਾਈਚਾਰੇ ਨਾਲ ਸਬੰਧਤ ਮਸਲਿਆਂ ਨੂੰ ਸੰਵੇਦਨਸ਼ੀਲਤਾ, ਗੰਭੀਰਤਾ ਅਤੇ ਸੰਵਿਧਾਨਕ ਤੇ ਕਾਨੂੰਨੀ ਪ੍ਰਕਿਰਿਆਵਾਂ ਮੁਤਾਬਕ ਹੱਲ ਕੀਤਾ ਜਾਣਾ ਚਾਹੀਦਾ ਹੈ।”

NO COMMENTS

LEAVE A REPLY

Please enter your comment!
Please enter your name here

Exit mobile version