ਸਮਰਾਲਾ : ਸਮਰਾਲਾ ਦੇ ਬਾਈਪਾਸ ਦੇ ਨੇੜੇ ਪਿੰਡ ਬੋਂਦਲੀ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਈਕਲ ਵਿੱਚ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ 45 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਵਾਸੀ ਟੋਡਰਪੁਰ ਵਜੋਂ ਹੋਈ ਹੈ।
ਮ੍ਰਿਤਕ ਦੇ ਰਿਸ਼ਤੇਦਾਰ ਸੁਖਵੀਰ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਸਵੇਰੇ ਮੋਟਰਸਾਈਕਲ ‘ਤੇ ਆਪਣੇ ਪਿੰਡ ਤੋਂ ਨਿਕਲਿਆ ਸੀ। ਜਦੋਂ ਉਹ ਬਾਈਪਾਸ ਨੇੜੇ ਬੋਂਦਲੀ ਪਿੰਡ ਪਹੁੰਚਿਆ ਤਾਂ ਉਸਨੂੰ ਇੱਕ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸੇ ਦੀ ਖ਼ਬਰ ਮਿਲਦੇ ਹੀ ਪਰਿਵਾਰ ਤੁਰੰਤ ਹਸਪਤਾਲ ਪਹੁੰਚਿਆ, ਜਿੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਗੁਰਮੀਤ ਸਿੰਘ ਦੀ ਮੌਤ ਹੋ ਗਈ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ (ਇੱਕ ਕੁੜੀ ਅਤੇ ਇੱਕ ਮੁੰਡਾ) ਛੱਡ ਗਿਆ ਹੈ ਅਤੇ ਪੇਸ਼ੇ ਤੋਂ ਖੇਤੀਬਾੜੀ ਦਾ ਕੰਮ ਕਰਦਾ ਸੀ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਦੇ ਇੱਕ ਡਾਕਟਰ ਨੇ ਦੱਸਿਆ ਕਿ ਗੁਰਮੀਤ ਸਿੰਘ ਨੂੰ ਸਵੇਰੇ ਲਗਭਗ9:45 ਵਜੇ ਹਸਪਤਾਲ ਲਿਆਂਦਾ ਗਿਆ ਸੀ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਗਈ ਸੀ। ਡਾਕਟਰ ਦੇ ਅਨੁਸਾਰ ਮ੍ਰਿਤਕ ਦੇ ਸਿਰ ਅਤੇ ਲੱਤ ‘ਤੇ ਗੰਭੀਰ ਸੱਟਾਂ ਲੱਗੀਆਂ ਸਨ ਅਤੇ ਜਾਂਚ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
