ਪਟਿਆਲਾ : ਪਟਿਆਲਾ ਸ਼ਹਿਰ ਦੇ ਗੁਰੂ ਨਾਨਕ ਨਗਰ ਦੀ ਗਲੀ ਨੰਬਰ 18 ‘ਚ ਅੱਜ ਇਕ ਵਿਅਕਤੀ ਦੇ ਘਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਘਰ ਵਿੱਚ ਰੱਖੀ ਨਕਦੀ ਵੀ ਅੱਗ ਦੀ ਲਪੇਟ ਵਿੱਚ ਆ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਵਿਸ਼ਾਲ ਨੇ ਦੱਸਿਆ ਕਿ ਰਾਤ ਕਰੀਬ 1 ਵਜੇ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਘਰ ‘ਚ ਪਿਆ ਸਾਰਾ ਸਮਾਨ, ਟੀ.ਵੀ ਅਤੇ ਹੋਰ ਸਾਮਾਨ ਵੀ ਸੜ ਕੇ ਸੁਆਹ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਮੌਕੇ ‘ਤੇ ਬੁਲਾਇਆ ਗਿਆ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਰੀਬ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਵਿਸ਼ਾਲ ਅਨੁਸਾਰ ਘਰ ਵਿੱਚ ਕਰੀਬ 5 ਲੱਖ ਰੁਪਏ ਦੀ ਨਕਦੀ ਵੀ ਰੱਖੀ ਹੋਈ ਸੀ, ਜੋ ਅੱਗ ਨਾਲ ਸੜ ਕੇ ਸੁਆਹ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ।












