ਹਾਜੀਪੁਰ: ਹਾਜੀਪੁਰ ਪੁਲਿਸ ਨੇ ਐੱਸ.ਐੱਸ.ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਅਤੇ ਡੀ.ਐਸ.ਪੀ. ਮੁਕੇਰੀਆਂ ਨਛੱਤਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਨ ‘ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।
ਐਸ.ਐਚ.ਓ. ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਹਾਜੀਪੁਰ ਪੁਲਿਸ ਨੂੰ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਅੰਮ੍ਰਿਤਪਾਲ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਲਲਤੋਂ ਕੋਲ ਇੱਕ ਪਿਸਤੌਲ 32 ਬੋਰ ਦੀ ਮੈਗਜ਼ੀਨ ਹੈ। ਜੇਕਰ ਉਸ ਦੇ ਘਰ ਤੁਰੰਤ ਛਾਪਾ ਮਾਰਿਆ ਜਾਵੇ ਤਾਂ ਉਸ ਨੂੰ ਹਥਿਆਰਾਂ ਸਮੇਤ ਫੜਿਆ ਜਾ ਸਕਦਾ ਹੈ। ਸੂਚਨਾ ਦੀ ਪੁਸ਼ਟੀ ਅਤੇ ਭਰੋਸੇਯੋਗ ਹੋਣ ‘ਤੇ ਏ.ਐੱਸ.ਆਈ. ਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਲਲੋਟਾ ਸਥਿਤ ਉਸ ਦੇ ਘਰ ਛਾਪਾ ਮਾਰਿਆ।
ਮੌਕੇ ‘ਤੇ ਮੌਜੂਦ ਅੰਮ੍ਰਿਤਪਾਲ ਸਿੰਘ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ ‘ਚੋਂ 32 ਬੋਰ ਦਾ ਪਿਸਤੌਲ ਬਰਾਮਦ ਹੋਇਆ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਥਾਣਾ ਹਾਜੀਪੁਰ ਵਿਖੇ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਸ.ਐਚ.ਓ. ਅਮਰਜੀਤ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਪੁੱਛਗਿੱਛ ਦੌਰਾਨ ਪਤਾ ਲੱਗ ਸਕੇ ਕਿ ਉਹ ਇਹ ਅਸਲਾ ਕਿੱਥੋਂ ਲੈ ਕੇ ਆਇਆ ਸੀ ਅਤੇ ਇਸ ਪਿੱਛੇ ਹੋਰ ਕਿਹੜੇ-ਕਿਹੜੇ ਲੋਕ ਸ਼ਾਮਲ ਹਨ। ਉਨ੍ਹਾਂ ਸਖ਼ਤ ਲਹਿਜੇ ਵਿੱਚ ਚੇਤਾਵਨੀ ਦਿੱਤੀ ਕਿ ਇਲਾਕੇ ਵਿੱਚ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।












