Home ਧਰਮ 650ਵੇਂ ਗੁਰਪੁਰਬ ਨੂੰ ਸਮਰਪਿਤ ਕਾਸ਼ੀ ਤੋਂ ਲਿਆਂਦੀ ਪਵਿੱਤਰ ਚਰਨ ਧੂੜ ਦੇ ਕਲਸ਼...

650ਵੇਂ ਗੁਰਪੁਰਬ ਨੂੰ ਸਮਰਪਿਤ ਕਾਸ਼ੀ ਤੋਂ ਲਿਆਂਦੀ ਪਵਿੱਤਰ ਚਰਨ ਧੂੜ ਦੇ ਕਲਸ਼ ਦੀ ਸ਼ੋਭਾਯਾਤਰਾ ਅੱਜ

0

ਮੋਗਾ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਗੁਰਪੁਰਬ ਨੂੰ ਸਮਰਪਿਤ ਕਾਸ਼ੀ ਤੋਂ ਲਿਆਂਦੀ ਪਵਿੱਤਰ ਚਰਨ ਧੂੜ ਦੇ ਕਲਸ਼ ਦੀ ਸ਼ੋਭਾਯਾਤਰਾ ਅੱਜ ਮੋਗਾ ਸ਼ਹਿਰ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਕੱਢੀ ਗਈ। ਇਸ ਦੌਰਾਨ ਸ਼ਹਿਰ ਵਾਸੀਆਂ ਨੇ ਥਾਂ-ਥਾਂ ਸ਼ੋਭਾਯਾਤਰਾ ਦਾ ਜੋਸ਼ੋ-ਖਰੋਸ਼ ਨਾਲ ਸਵਾਗਤ ਕੀਤਾ ਅਤੇ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ। ਵੱਖ-ਵੱਖ ਥਾਵਾਂ ’ਤੇ ਸ਼ਰਧਾਲੂਆਂ ਲਈ ਲੰਗਰ ਵੀ ਲਗਾਏ ਗਏ।

ਇਸ ਮੌਕੇ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਕਿਹਾ ਕਿ ਧੰਨ-ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ 16 ਰਾਗਾਂ ਵਿੱਚ ਦਰਜ ਹੈ। ਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣੀ ਬਾਣੀ ਰਾਹੀਂ ਪੂਰੀ ਮਨੁੱਖਤਾ ਨੂੰ ਸਮਾਨਤਾ, ਭਾਈਚਾਰੇ, ਸੇਵਾ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ।

ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਨਮਭੂਮੀ ਕਾਸ਼ੀ ਤੋਂ ਉਨ੍ਹਾਂ ਦੇ ਪਵਿੱਤਰ ਚਰਨਾਂ ਦੀ ਧੂੜ ਦਾ ਕਲਸ਼ 650ਵੇਂ ਗੁਰਪੁਰਬ ਦੇ ਮੌਕੇ ’ਤੇ ਦੇਸ਼ ਭਰ ਵਿੱਚ ਸ਼ਰਧਾਲੂਆਂ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸੇ ਕੜੀ ਤਹਿਤ ਪਹਿਲਾਂ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਸ਼ੋਭਾਯਾਤਰਾਵਾਂ ਕੱਢੀਆਂ ਗਈਆਂ ਅਤੇ ਹੁਣ ਸ਼ਹਿਰ ਵਿੱਚ ਵੀ ਕਲਸ਼ ਦੀ ਸ਼ੋਭਾਯਾਤਰਾ ਕੱਢੀ ਗਈ।

ਡਾ. ਹਰਜੋਤ ਕਮਲ ਨੇ ਕਿਹਾ ਕਿ ਸ਼ੋਭਾਯਾਤਰਾ ਦੌਰਾਨ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ ਸਮੋਸੇ, ਮਿੱਠੇ ਪਾਣੀ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੇ ਲੰਗਰ ਲਗਾਏ ਗਏ। ਲੋਕਾਂ ਨੇ ਸ਼ਰਧਾ ਨਾਲ ਕਲਸ਼ ਦਾ ਸਵਾਗਤ ਕਰਦਿਆਂ ਫੁੱਲਾਂ ਦੀ ਵਰਖਾ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਆਪਣੇ ਗੁਰੂਆਂ, ਪੀਰਾਂ ਅਤੇ ਸੰਤਾਂ ਨੂੰ ਸ਼ਰਧਾ ਨਾਲ ਯਾਦ ਕਰਨ ਵਾਲੀ ਧਰਤੀ ਹੈ। ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਰਾਹੀਂ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨ ਦਾ ਯਤਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਆਪਣੀ ਸੰਸਕ੍ਰਿਤੀ ਨਾਲ ਜੋੜਨ। ਉਨ੍ਹਾਂ ਕਿਹਾ ਕਿ ਬੱਚਿਆਂ ਵੱਲੋਂ ਮਾਤਾ-ਪਿਤਾ ਦੀ ਸੇਵਾ ਕਰਨਾ ਅਤੇ ਗੁਰੂਆਂ ਦੀਆਂ ਸਿੱਖਿਆਵਾਂ ’ਤੇ ਚੱਲਣਾ ਸਾਡੀ ਸੰਸਕ੍ਰਿਤੀ ਦਾ ਅਹਿਮ ਹਿੱਸਾ ਹੈ। ਜੇਕਰ ਅਸੀਂ ਆਪਣੀ ਨਵੀਂ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੋੜਾਂਗੇ ਤਾਂ ਪਰਿਵਾਰਾਂ ਵਿੱਚ ਪਿਆਰ, ਏਕਤਾ ਅਤੇ ਆਪਸੀ ਭਾਈਚਾਰਾ ਹੋਰ ਮਜ਼ਬੂਤ ਹੋਵੇਗਾ।

ਉਨ੍ਹਾਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨਾਂ ਵਿੱਚ ਅਰਦਾਸ ਕਰਦਿਆਂ ਸਾਰੇ ਪਰਿਵਾਰਾਂ ਲਈ ਸੁੱਖ-ਸ਼ਾਂਤੀ, ਸਿਹਤ ਅਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ।

ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਵਿੱਚ ਸਭ ਤੋਂ ਪ੍ਰਮੁੱਖ ਸੰਦੇਸ਼ ਸਮਾਜ ਵਿੱਚ ਸਮਾਨਤਾ ਸਥਾਪਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਜਾਤ-ਪਾਤ, ਊਚ-ਨੀਚ ਅਤੇ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਨੂੰ ਖ਼ਤਮ ਕਰਕੇ ਹੀ ਸਹੀ ਅਰਥਾਂ ਵਿੱਚ ਸਮਾਜਿਕ ਸਮਰਸਤਾ ਕਾਇਮ ਕੀਤੀ ਜਾ ਸਕਦੀ ਹੈ।

ਵਿਜੇ ਸ਼ਰਮਾ ਨੇ ਗੁਰੂ ਰਵਿਦਾਸ ਜੀ ਦੇ ਪ੍ਰਸਿੱਧ ਸੰਦੇਸ਼ ‘ਮਨ ਚੰਗਾ ਤਾਂ ਕਠੌਤੀ ਵਿੱਚ ਗੰਗਾ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੇਕਰ ਮਨ ਪਵਿੱਤਰ ਹੋਵੇ ਅਤੇ ਵਿਅਕਤੀ ਆਪਣੇ ਕਰਮ ਇਮਾਨਦਾਰੀ ਨਾਲ ਕਰੇ ਤਾਂ ਪਰਮਾਤਮਾ ਦੀ ਪ੍ਰਾਪਤੀ ਲਈ ਕੇਵਲ ਤੀਰਥ ਯਾਤਰਾਵਾਂ ਕਰਨਾ ਹੀ ਜ਼ਰੂਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਆਪਣੇ ਮਾਤਾ-ਪਿਤਾ ਦੀ ਸੇਵਾ ਅਤੇ ਸਨਮਾਨ ਨੂੰ ਵੀ ਜੀਵਨ ਦਾ ਮਹੱਤਵਪੂਰਨ ਹਿੱਸਾ ਬਣਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਨੂੰ ਮਿਹਨਤ, ਸੱਚਾਈ ਅਤੇ ਸੇਵਾ ਦਾ ਮਾਰਗ ਦਿਖਾਇਆ। ਜੇਕਰ ਅਸੀਂ ਸਮਾਜ ਦੇ ਹਰ ਵਿਅਕਤੀ ਵਿੱਚ ਪਰਮਾਤਮਾ ਦੀ ਜੋਤ ਨੂੰ ਮਹਿਸੂਸ ਕਰਦਿਆਂ ਸਮਾਨਤਾ ਅਤੇ ਭਾਈਚਾਰੇ ਦੀ ਭਾਵਨਾ ਨਾਲ ਅੱਗੇ ਵਧੀਏ ਤਾਂ ਇਹੀ ਜੀਵਨ ਦੀ ਅਸਲ ਸਾਰਥਕਤਾ ਹੈ।

ਵਿਜੇ ਸ਼ਰਮਾ ਨੇ ਕਿਹਾ ਕਿ ਇਸੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵੀ ਸ਼ੋਭਾਯਾਤਰਾਵਾਂ ਕੱਢੀਆਂ ਗਈਆਂ ਅਤੇ ਹੁਣ ਮੋਗਾ ਸ਼ਹਿਰ ਵਿੱਚ ਵੀ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਾਮਲ ਹੋ ਕੇ ਇਸ ਪਹਿਲ ਨੂੰ ਭਰਪੂਰ ਸਮਰਥਨ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਦਾ ਉਦੇਸ਼ ਸਿਰਫ਼ ਧਾਰਮਿਕ ਪ੍ਰੋਗਰਾਮ ਕਰਵਾਉਣਾ ਹੀ ਨਹੀਂ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਆਪਣੇ ਗੁਰੂਆਂ, ਸੰਤਾਂ ਅਤੇ ਅਮੀਰ ਵਿਰਾਸਤ ਨਾਲ ਜੋੜਨਾ ਵੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਮਾਜ ਵਿੱਚੋਂ ਜਾਤ ਅਤੇ ਊਚ-ਨੀਚ ਦਾ ਭੇਦਭਾਵ ਖ਼ਤਮ ਨਹੀਂ ਹੁੰਦਾ, ਉਦੋਂ ਤੱਕ ਅਸਲ ਸਮਾਜਿਕ ਤਰੱਕੀ ਸੰਭਵ ਨਹੀਂ ਹੈ।

ਵਿਜੇ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਜਨਮ ਦਿਵਸ ਦੇ ਮੌਕੇ ’ਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲੈਣ ਅਤੇ ਨਵੀਂ ਪੀੜ੍ਹੀ ਨੂੰ ਸਮਾਨਤਾ, ਭਾਈਚਾਰੇ, ਸੇਵਾ ਅਤੇ ਸੱਚਾਈ ਦਾ ਮਾਰਗ ਦਿਖਾਉਣ।

NO COMMENTS

LEAVE A REPLY

Please enter your comment!
Please enter your name here

Exit mobile version