ਬਟਾਲਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 539ਵੇਂ ਵਿਆਹ ਪੁਰਬ ਨੂੰ ਲੈ ਕੇ ਬਟਾਲਾ ਵਿੱਚ ਧਾਰਮਿਕ ਸਮਾਗਮਾਂ ਦੀ ਰੌਣਕ ਦੇਖਣ ਨੂੰ ਮਿਲ ਰਹੀ ਹੈ। ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ। ਪੂਰਾ ਬਟਾਲਾ ਖਾਲਸਾਈ ਜਾਹੋ-ਜਲਾਲ ਅਤੇ ਗੁਰਬਾਣੀ ਦੇ ਰੰਗ ਵਿੱਚ ਰੰਗਿਆ ਨਜ਼ਰ ਆ ਰਿਹਾ ਹੈ।
ਬੀਤੇ ਦਿਨ ਸੁਲਤਾਨਪੁਰ ਲੋਧੀ ਤੋਂ ਬਰਾਤ ਰੂਪੀ ਮਹਾਨ ਨਗਰ ਕੀਰਤਨ ਬਟਾਲਾ ਪਹੁੰਚਿਆ ਸੀ। ਇਸ ਤੋਂ ਬਾਅਦ ਅੱਜ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਤੋਂ ਅਰਦਾਸ ਉਪਰੰਤ ਮਹਾਨ ਨਗਰ ਕੀਰਤਨ ਦੀ ਆਰੰਭਤਾ ਹੋਈ। ਗੁਰੂ ਘਰ ਦੀ ਛੱਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼ੁਰੂ ਹੋਇਆ ਇਹ ਨਗਰ ਕੀਰਤਨ ਬਟਾਲਾ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸੰਪੂਰਨ ਹੋਵੇਗਾ।
ਗੁਰਦੁਆਰਾ ਸ੍ਰੀ ਡੇਰਾ ਸਾਹਿਬ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨਾਲ ਵਿਸ਼ੇਸ਼ ਧਾਰਮਿਕ ਮਹੱਤਤਾ ਪ੍ਰਾਪਤ ਹੈ। ਇਸੇ ਸਥਾਨ ਨੂੰ ਮਾਤਾ ਸੁਲੱਖਣੀ ਜੀ ਦੇ ਜਨਮ ਅਸਥਾਨ ਵਜੋਂ ਵੀ ਜਾਣਿਆ ਜਾਂਦਾ ਹੈ ਅਤੇ ਇੱਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਹੋਇਆ ਸੀ।
ਨਗਰ ਕੀਰਤਨ ’ਚ ਗੱਤਕਾ ਤੇ ਪੰਜਾਬ ਪੁਲਿਸ ਬੈਂਡ ਨੇ ਦਿਖਾਏ ਜੌਹਰ
ਨਗਰ ਕੀਰਤਨ ਦੌਰਾਨ ਪੰਜਾਬ ਪੁਲਿਸ ਬੈਂਡ ਵੱਲੋਂ ਧਾਰਮਿਕ ਧੁਨਾਂ ਪੇਸ਼ ਕੀਤੀਆਂ ਗਈਆਂ, ਜਦਕਿ ਗੱਤਕਾ ਪਾਰਟੀਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ। ਸੰਗਤ ਨੇ ਵੱਡੀ ਸ਼ਰਧਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ ਅਤੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਈ।
ਇਸ ਮੌਕੇ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਆਗੂ ਵੀ ਨਗਰ ਕੀਰਤਨ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਵਿਆਹ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸੰਦੇਸ਼ ਨੂੰ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ।
ਲੱਖਾਂ ਦੀ ਗਿਣਤੀ ’ਚ ਸੰਗਤ ਪਹੁੰਚਣ ਦੀ ਉਮੀਦ
ਵਿਆਹ ਪੁਰਬ ਨੂੰ ਲੈ ਕੇ ਬਟਾਲਾ ਵਿੱਚ ਸੰਗਤ ਦੀ ਵੱਡੀ ਆਮਦ ਹੋ ਰਹੀ ਹੈ। ਪ੍ਰਬੰਧਕਾਂ ਵੱਲੋਂ ਸੰਗਤ ਦੀ ਸਹੂਲਤ ਲਈ ਵੱਖ-ਵੱਖ ਪ੍ਰਬੰਧ ਕੀਤੇ ਗਏ ਹਨ। ਉਥੇ ਹੀ ਬਟਾਲਾ ਦੇ ਲੋਕਾਂ ਵੱਲੋਂ ਵੀ ਥਾਂ-ਥਾਂ ’ਤੇ ਲੰਗਰ ਅਤੇ ਹੋਰ ਸੇਵਾਵਾਂ ਲਗਾ ਕੇ ਸੰਗਤ ਦਾ ਸਵਾਗਤ ਕੀਤਾ ਜਾ ਰਿਹਾ ਹੈ।
ਵਿਆਹ ਪੁਰਬ ਨੂੰ ਲੈ ਕੇ ਸੰਗਤ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਨਗਰ ਕੀਰਤਨ ਦੇ ਰਸਤੇ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਮੱਥਾ ਟੇਕਣ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਪਹੁੰਚ ਰਹੀ ਹੈ।












