Home ਪੰਜਾਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰੂਹਾਨੀ ਮਾਹੌਲ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰੂਹਾਨੀ ਮਾਹੌਲ

0

ਅੰਮ੍ਰਿਤਸਰ: ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਹਰ ਪਾਸੇ ਸ਼ਰਧਾ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ। ਇਸ ਪਵਿੱਤਰ ਦਿਹਾੜੇ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ।

ਸਵੇਰ ਤੋਂ ਹੀ ਦਰਬਾਰ ਸਾਹਿਬ ਦਾ ਪੂਰਾ ਪਰਿਸਰ ਗੁਰਬਾਣੀ ਦੇ ਇਲਾਹੀ ਕੀਰਤਨ ਅਤੇ ‘ਸਤਿਨਾਮ ਵਾਹਿਗੁਰੂ’ ਦੇ ਜਾਪ ਨਾਲ ਗੂੰਜ ਰਿਹਾ ਹੈ। ਸ਼ਰਧਾਲੂਆਂ ਵਿੱਚ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਖ਼ਾਸ ਉਤਸ਼ਾਹ ਦਿਖਾਈ ਦੇ ਰਿਹਾ ਹੈ।

ਸਵੇਰ ਸਮੇਂ ਠੰਢ ਹੋਣ ਦੇ ਬਾਵਜੂਦ ਸ਼ਰਧਾਲੂਆਂ ਦੀ ਆਸਥਾ ਵਿੱਚ ਕੋਈ ਕਮੀ ਨਹੀਂ ਦਿਖਾਈ ਦਿੱਤੀ। ਵੱਡੀ ਗਿਣਤੀ ਵਿੱਚ ਸੰਗਤ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਲੰਮੀਆਂ ਕਤਾਰਾਂ ਵਿੱਚ ਖੜ੍ਹੇ ਹੋ ਕੇ ਗੁਰੂ ਘਰ ਦੇ ਦਰਸ਼ਨ ਕੀਤੇ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਦਿਆਂ ਸ਼ਰਧਾਲੂਆਂ ਨੇ ਆਪਣੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਅਤੇ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ।

ਦਰਸ਼ਨਾਂ ਲਈ ਪਹੁੰਚੇ ਗੁਰਜੀਤ ਸਿੰਘ ਅਤੇ ਭਾਈ ਸੁਖਮੀਤ ਸਿੰਘ ਨੇ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਮਹਾਨ ਸੰਦੇਸ਼ ਦਿੱਤਾ ਹੈ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾ ਕੇ ਸਮਾਜ ਵਿੱਚ ਪਿਆਰ, ਸਾਂਝ ਅਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।

ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਵੱਡੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਰੱਖਿਆ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪਰਿਵਾਰਾਂ ਸਮੇਤ ਗੁਰੂ ਘਰ ਪਹੁੰਚੇ ਸ਼ਰਧਾਲੂਆਂ ਨੇ ਇਨ੍ਹਾਂ ਪ੍ਰਬੰਧਾਂ ਦੀ ਸ਼ਲਾਘਾ ਕੀਤੀ।

ਇਸ ਦੇ ਨਾਲ ਹੀ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਵੀ ਸਿੱਖ ਸੰਗਤ ਵਿੱਚ ਭਾਰੀ ਉਤਸ਼ਾਹ ਹੈ। ਜਾਣਕਾਰੀ ਅਨੁਸਾਰ ਭਾਰਤ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਜਥੇ ਗੁਰੂ ਸਾਹਿਬ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਏ ਹਨ।

ਪ੍ਰਕਾਸ਼ ਪੁਰਬ ਦੇ ਸਮਾਗਮਾਂ ਤਹਿਤ ਸ਼ਾਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਜਲੋ ਸਾਹਿਬ ਸਜਾਏ ਜਾਣਗੇ। ਇਸ ਮੌਕੇ ਸੰਗਤ ਨੂੰ ਇਤਿਹਾਸਕ ਅਤੇ ਬੇਸ਼ਕੀਮਤੀ ਗਹਿਣਿਆਂ ਤੇ ਸ਼ਸਤਰਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਵੇਗਾ।

ਦਰਬਾਰ ਸਾਹਿਬ ਦੇ ਸਮੁੱਚੇ ਪਰਿਸਰ ਨੂੰ ਦੇਸ਼-ਵਿਦੇਸ਼ ਤੋਂ ਮੰਗਵਾਏ ਸੁਗੰਧਿਤ ਫੁੱਲਾਂ ਅਤੇ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਦੇਸੀ ਘਿਓ ਦੇ ਦੀਵਿਆਂ ਅਤੇ ਮੋਮਬੱਤੀਆਂ ਨਾਲ ਦੀਪਮਾਲਾ ਕੀਤੀ ਜਾਵੇਗੀ। ਇਸ ਤੋਂ ਬਾਅਦ ਆਤਿਸ਼ਬਾਜ਼ੀ ਵੀ ਹੋਵੇਗੀ, ਜਿਸ ਨਾਲ ਗੁਰੂ ਨਗਰੀ ਦਾ ਅਸਮਾਨ ਰੌਸ਼ਨ ਹੋ ਉੱਠੇਗਾ।

ਇਸ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਵਿੱਚ ਸ਼ਰਧਾ, ਸੇਵਾ ਅਤੇ ਸਿਮਰਨ ਦਾ ਵਿਲੱਖਣ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਸੰਗਤ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version